Punjab

ਸੁਵਿਧਾ ਕੇਂਦਰ, ਫ਼ਰਦ ਕੇਂਦਰ ਤੇ ਤਹਿਸੀਲ ਦਫ਼ਤਰ ਦਾ DC ਵੱਲੋਂ ਅਚਨਚੇਤ ਨਿਰੀਖਣ

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਵਾਮ ਦੇ ਕੰਮ ਪਹਿਲ ਦੇ ਅਧਾਰ 'ਤੇ ਕਰਨ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ, 6 ਜੂਨ – ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸੁਵਿਧਾ ਕੇਂਦਰ, ਫ਼ਰਦ ਕੇਂਦਰ, ਤਹਿਸੀਲ ਦਫ਼ਤਰ ਤੇ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਸੁਵਿਧਾ ਕੇਂਦਰ ਦੇ ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਨੇ ਆਏ ਹੋਏ ਲੋਕਾਂ ਨਾਲ ਸੁਵਿਧਾ ਕੇਂਦਰ ਵਿਚੋਂ ਮਿਲ ਰਹੀਆਂ ਸੇਵਾਵਾਂ ਬਾਰੇ ਫੀਡਬੈਕ ਹਾਸਲ ਕੀਤੀ। ਉਨ੍ਹਾਂ ਸੁਵਿਧਾ ਕੇਂਦਰ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਕਰਵਾਉਣ ਆਏ ਸਾਰੇ ਨਾਗਰਿਕਾਂ ਦੇ ਕੰਮ ਮੈਰਿਟ ਦੇ ਅਧਾਰ ‘ਤੇ ਕੀਤੇ ਜਾਣ ਅਤੇ ਸੀਨੀਅਰ ਸਿਟੀਜ਼ਨ ਸਮੇਤ ਕਿਸੇ ਨੂੰ ਵੀ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਫ਼ਰਦ ਕੇਂਦਰ ਦੇ ਨਿਰੀਖਣ ਦੌਰਾਨ ਉਨ੍ਹਾਂ ਆਦੇਸ਼ ਦਿੱਤੇ ਕਿ ਕੰਮ ਕਰਵਾਉਣ ਵਾਲੇ ਹਰੇਕ ਵਿਅਕਤੀ ਨੂੰ ਟੋਕਣ ਦੇਣਾ ਅਤੇ ਉਸ ਦਾ ਸਮੇਂ-ਸਿਰ ਕੰਮ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਦਫ਼ਤਰੀ ਕੰਮਕਾਜ ਲਈ ਆਉਣ ਵਾਲੇ ਲੋਕਾਂ ਨਾਲ ਵਧੀਆ ਵਤੀਰਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬੈਠਣ ਅਤੇ ਪੀਣ ਵਾਲੇ ਪਾਣੀ ਆਦਿ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਵੱਲੋਂ ਤਹਿਸੀਲ ਦਫ਼ਤਰ ਦਾ ਵੀ ਦੌਰਾ ਕਰਕੇ ਦਫ਼ਤਰੀ ਕੰਮਕਾਜ ਦਾ ਨਿਰੀਖਣ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟੀਨ ਦਾ ਨਿਰੀਖਣ ਕੀਤਾ ਅਤੇ ਕੰਟੀਨ ਵਿੱਚ ਸਫ਼ਾਈ ਵਿਵਸਥਾ ਉੱਪਰ ਤਸੱਲੀ ਜ਼ਾਹਿਰ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚਲੇ ਦਫ਼ਤਰਾਂ ਅਤੇ ਵੱਖ-ਵੱਖ ਬਰਾਂਚਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਪਲੈਕਸ ਵਿੱਚ ਸਫ਼ਾਈ ਦਾ ਖ਼ਾਸ ਖ਼ਿਆਲ ਰੱਖਣ ਅਤੇ ਇਸ ਦੇ ਨਾਲ ਹੀ ਜੇਕਰ ਕਿਤੇ ਥੋੜ੍ਹੀ-ਬਹੁਤ ਰਿਪੇਅਰ ਦੀ ਵੀ ਲੋੜ ਹੈ ਤਾਂ ਉਹ ਵੀ ਨਾਲ ਦੀ ਨਾਲ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਭਰ ਵਿਚੋਂ ਲੋਕ ਆਪਣੇ ਸਰਕਾਰੀ ਕੰਮਾਂ-ਕਾਜਾਂ ਲਈ ਪਹੁੰਚਦੇ ਹਨ ਸੋ ਇੱਥੇ ਲੋਕਾਂ ਦੀ ਸਹੂਲਤ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅਵਾਮ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹੈ ਅਤੇ ਦਫ਼ਤਰੀ ਕੰਮਾਂ-ਕਾਜਾਂ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button