Punjab

ਸੁਵਿਧਾ ਸੈਂਟਰਾਂ ’ਚ ਗਰੀਬਾਂ ਨੂੰ ਨਹੀਂ ਮਿਲ ਰਿਹਾ ਕੇਂਦਰੀ ਯੋਜਨਾਵਾਂ ਦਾ ਲਾਭ- ਜਾਖੜ

'ਆਪ' ਆਪਣੀਆਂ ਹੀ ਯੋਜਨਾਵਾਂ ਨੂੰ ਲਾਗੂ ਕਰਨ ’ਚ ਅਸਫਲ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 24 ਅਗਸਤ : ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਵਿਚ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੈਂਪ ਲਗਾ ਰਹੀ ਹੈ। ਇਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਆਯੁਸ਼ਮਾਨ ਭਾਰਤ ਸਿਹਤ ਯੋਜਨਾ, ਪੀਐੱਮ ਕਿਸਾਨ ਸਨਮਾਨ ਨਿਧੀ, ਮਜ਼ਦੂਰ ਕਾਰਡ, ਵਿਸ਼ਵਕਰਮਾ ਯੋਜਨਾ ਅਤੇ ਹੋਰ ਕੇਂਦਰੀ ਯੋਜਨਾਵਾਂ ਬਾਰੇ ਜਾਗਰੂਕ ਕਰਨਾ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਸੀ ਕਿ ਸੁਵਿਧਾ ਸੈਂਟਰਾਂ ਰਾਹੀਂ ਗਰੀਬ ਲੋਕਾਂ ਨੂੰ ਕੇਂਦਰੀ ਸਰਕਾਰੀ ਯੋਜਨਾਵਾਂ ਦਾ ਲਾਭ ਦਿੱਤਾ ਜਾਵੇ ਪਰ ਰਾਜ ਸਰਕਾਰ ਆਪਣੀਆਂ ਹੀ ਯੋਜਨਾਵਾਂ ਨੂੰ ਲਾਗੂ ਕਰਨ ਵਿਚ ਅਸਫਲ ਰਹੀ ਹੈ। ਪੰਜਾਬ ਵਿਚ ਲਗਪਗ 8 ਲੱਖ ਵਾਹਨਾਂ ਦੀ ਰਜਿਸਟ੍ਰੇਸ਼ਨ ਮਹੀਨਿਆਂ ਤੋਂ ਲੰਬਿਤ ਹੈ ਅਤੇ ਵਾਹਨ ਮਾਲਕ ਦਫਤਰਾਂ ਦੇ ਚੱਕਰ ਲਗਾ ਰਹੇ ਹਨ। ਜਾਖੜ ਨੇ ਸਾਫ ਕੀਤਾ ਕਿ ਪੰਜਾਬ ਸਰਕਾਰ ਲੋਕਾਂ ਦੇ ਅਧਿਕਾਰ ਖੋਹ ਰਹੀ ਹੈ ਅਤੇ ਸੁਵਿਧਾ ਸੈਂਟਰਾਂ ਵਿਚ ਕੇਂਦਰੀ ਯੋਜਨਾਵਾਂ ਦੀਆਂ ਸੁਵਿਧਾਵਾਂ ਉਪਲੱਬਧ ਨਹੀਂ ਕਰਵਾ ਰਹੀ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਰਾਏਪੁਰਾ ਵਿਚ ਲੱਗੇ ਕੈਂਪ ਵਿਚ 65 ਲੋਕਾਂ ਨੂੰ ਆਯੁਸ਼ਮਾਨ ਭਾਰਤ ਯੋਜਨਾ ਤਹਿਤ 5 ਲੱਖ ਰੁਪਏ ਦੇ ਬੀਮਾ ਕਾਰਡ ਜਾਰੀ ਕੀਤੇ ਗਏ, ਜਿਨ੍ਹਾਂ ਨੂੰ ਪਹਿਲਾਂ ਉੱਥੇ ਆਉਣ ਤੋਂ ਰੋਕਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਜਾਗਰੂਕ ਕਰਨ ਗਏ ਸਨ ਪਰ ਆਮ ਆਦਮੀ ਪਾਰਟੀ ਨਹੀਂ ਚਾਹੁੰਦੀ ਕਿ ਗਰੀਬ ਲੋਕ ਜਾਗਰੂਕ ਹੋਣ ਅਤੇ ਉਨ੍ਹਾਂ ਨੂੰ ਸਰਕਾਰੀ ਸੁਵਿਧਾਵਾਂ ਦਾ ਲਾਭ ਮਿਲੇ।

Related Articles

Leave a Reply

Your email address will not be published. Required fields are marked *

Back to top button