Punjab

ਸੂਟਕੇਸ ‘ਚੋਂ ਮਿਲੀ ਮੁਟਿਆਰ ਦੀ ਲਾਸ਼, ਇਲਾਕੇ ‘ਚ ਦਹਿਸ਼ਤ

ਪੁਲਿਸ ਜਾਂਚ 'ਚ ਜੁਟੀ

ਬਠਿੰਡਾ, 11 ਫਰਵਰੀ: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਿਮਣ ਦੀਵਾਨਾ ਨੇੜੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਲਾਲ ਰੰਗ ਦੇ ਸੂਟਕੇਸ ਵਿੱਚ ਬੰਦ ਇੱਕ ਮੁਟਿਆਰ ਦੀ ਲਾਸ਼ ਬਰਾਮਦ ਹੋਈ। ਇਹ ਸੂਟਕੇਸ ਪਿੰਡ ਦੇ ਨੇੜੇ ਇੱਕ ਖਾਲੀ ਥਾਂ ‘ਤੇ ਪਿਆ ਸੀ। ਸਥਾਨਕ ਲੋਕਾਂ ਅਨੁਸਾਰ ਅਵਾਰਾ ਕੁੱਤੇ ਸੂਟਕੇਸ ਨੂੰ ਖਿੱਚ ਰਹੇ ਸਨ। ਜਦੋਂ ਲੋਕਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਨੇੜੇ ਜਾ ਕੇ ਦੇਖਿਆ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਦੋਂ ਸੂਟਕੇਸ ਖੋਲ੍ਹ ਕੇ ਦੇਖਿਆ ਤਾਂ ਉਸ ਦੇ ਅੰਦਰ ਕਰੀਬ 20 ਸਾਲਾ ਮੁਟਿਆਰ ਦੀ ਲਾਸ਼ ਮਿਲੀ। ਮੁੱਢਲੀ ਜਾਂਚ ਵਿੱਚ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਮੁਟਿਆਰ ਦਾ ਕਤਲ ਕਿਤੇ ਹੋਰ ਕਰਕੇ ਲਾਸ਼ ਨੂੰ ਸੂਟਕੇਸ ਵਿੱਚ ਭਰ ਕੇ ਇੱਥੇ ਸੁੱਟਿਆ ਗਿਆ ਹੈ। ਲਾਸ਼ ਦੀ ਹਾਲਤ ਤੋਂ ਪ੍ਰਤੀਤ ਹੁੰਦਾ ਹੈ ਕਿ ਕਤਲ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਹੋ ਸਕਦਾ ਹੈ।

ਮ੍ਰਿਤਕਾ ਦੇ ਸਰੀਰ ‘ਤੇ ਮਿਲਿਆ ‘ਕਾਕੂ’ ਨਾਂ ਦਾ ਟੈਟੂ

ਮ੍ਰਿਤਕਾ ਦੇ ਸਰੀਰ ‘ਤੇ ‘ਕਾਕੂ’ ਨਾਂ ਦਾ ਟੈਟੂ ਬਣਿਆ ਹੋਇਆ ਹੈ, ਜਿਸ ਨੂੰ ਪੁਲਿਸ ਪਛਾਣ ਦਾ ਅਹਿਮ ਸੁਰਾਗ ਮੰਨ ਰਹੀ ਹੈ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਮੁਟਿਆਰ ਦੀ ਪਛਾਣ ਨਹੀਂ ਹੋ ਸਕੀ ਸੀ। ਪੁਲਿਸ ਆਸ-ਪਾਸ ਦੇ ਥਾਣਿਆਂ ਵਿੱਚ ਦਰਜ ਗੁੰਮਸ਼ੁਦਾ ਰਿਪੋਰਟਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਮ੍ਰਿਤਕਾ ਦੀ ਸ਼ਨਾਖਤ ਹੋ ਸਕੇ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਇਲਾਕੇ ਦੀ ਘੇਰਾਬੰਦੀ ਕਰਕੇ ਉਸ ਨੂੰ ਸੀਲ ਕਰ ਦਿੱਤਾ ਗਿਆ ਅਤੇ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ। ਟੀਮ ਨੇ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕੀਤੇ ਹਨ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।

ਸੀਸੀਟੀਵੀ (CCTV) ਫੁਟੇਜ ਖੰਗਾਲ ਰਹੀ ਪੁਲਿਸ 

ਇਸ ਦੌਰਾਨ ਸਮਾਜ ਸੇਵੀ ਸੰਸਥਾ ‘ਸਹਾਰਾ ਜਨ ਸੇਵਾ’ ਦੇ ਮੈਂਬਰ ਵੀ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਨੂੰ ਲਾਸ਼ ਹਸਪਤਾਲ ਪਹੁੰਚਾਉਣ ਵਿੱਚ ਸਹਿਯੋਗ ਦਿੱਤਾ। ਸੰਸਥਾ ਦੇ ਨੁਮਾਇੰਦਿਆਂ ਨੇ ਕਿਹਾ ਕਿ ਜਦੋਂ ਤੱਕ ਮੁਟਿਆਰ ਦੀ ਪਛਾਣ ਨਹੀਂ ਹੋ ਜਾਂਦੀ, ਉਹ ਪ੍ਰਸ਼ਾਸਨ ਦੇ ਨਾਲ ਖੜ੍ਹੇ ਰਹਿਣਗੇ। ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਸਿਆਂ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਜਲਦ ਤੋਂ ਜਲਦ ਜਾਂਚ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਇਲਾਕੇ ਦੀਆਂ ਸੀਸੀਟੀਵੀ ਫੁਟੇਜਾਂ ਖੰਗਾਲੀਆਂ ਜਾ ਰਹੀਆਂ ਹਨ ਅਤੇ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਜਲਦੀ ਹੀ ਇਸ ਮਾਮਲੇ ਦਾ ਖੁਲਾਸਾ ਕਰ ਦਿੱਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button