ਸੂਬਾ ਚੋਣ ਕਮਿਸ਼ਨ ਨੇ ਹਾਈ ਕੋਰਟ ਨੂੰ ਦਿੱਤੀ ਜਾਣਕਾਰੀ, ਹੁਣ ਇਸ ਤਰੀਕ ਨੂੰ ਹੋਣਗੀਆਂ ਤਰਨਤਾਰਨ, ਤਲਵਾੜਾ ਤੇ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀਆਂ ਚੋਣਾਂ

ਚੰਡੀਗੜ੍ਹ, 18 ਜਨਵਰੀ– ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਤਿੰਨ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਸੂਬਾਈ ਚੋਣ ਕਮਿਸ਼ਨ ਨੂੰ ਝਾੜ ਪਾਈ ਹੈ। ਸੁਣਵਾਈ ਦੌਰਾਨ ਸੂਬਾਈ ਚੋਣ ਕਮਿਸ਼ਨ ਵੱਲੋਂ ਕਿਹਾ ਗਿਆ ਕਿ ਇਨ੍ਹਾਂ ਤਿੰਨ ਨਗਰ ਕੌਂਸਲਾਂ ਦੀਆਂ ਚੋਣਾਂ 10 ਮਾਰਚ ਤੱਕ ਕਰਵਾ ਦਿੱਤੀਆਂ ਜਾਣਗੀਆਂ। ਹਾਈ ਕੋਰਟ ਨੇ ਇਸ ’ਤੇ ਸਖਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਹ ਸਿੱਧੇ ਤੌਰ ’ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਸੁਪਰੀਮ ਕੋਰਟ ਨੇ ਨਵੰਬਰ ’ਚ ਸਰਕਾਰ ਨੂੰ 10 ਹਫਤਿਆਂ ਦੇ ਅੰਦਰ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਸੀ। ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨਰ ਚਾਹੁਣ ਤਾਂ ਇਸ ਮਾਮਲੇ ’ਚ ਹੁਕਮਅਦੂਲੀ ਪਟੀਸ਼ਨ ਦਾਖ਼ਲ ਕਰ ਸਕਦਾ ਹੈ। ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਪੰਜਾਬ ਸਰਕਾਰ ਨੂੰ ਸੂਬੇ ਦੀਆਂ ਨਗਰ ਨਿਗਮ ਤੇ ਕੌਂਸਲ ਚੋਣਾਂ ਕਰਵਾਉਣ ਲਈ ਮਜਬੂਰ ਹੋਣਾ ਪਿਆ ਸੀ।ਇਸਦੇ ਬਾਵਜੂਦ ਪੰਜਾਬ ਸਰਕਾਰ ਤੇ ਸੂਬਾਈ ਚੋਣ ਕਮਿਸ਼ਨ ਨੇ ਤਰਨਤਾਰਨ, ਤਲਵਾੜਾ ਤੇ ਡੇਰਾ ਬਾਬਾ ਨਾਨਕ ਨਗਰ ਕੌਂਸਲਾਂ ਦੀਆਂ ਚੋਣਾਂ ਨਹੀਂ ਕਰਵਾਈਆਂ। ਇਸ ਦੇਰੀ ਦੇ ਖ਼ਿਲਾਫ਼ ਐਡਵੋਕੇਟ ਭੀਸ਼ਮ ਕਿੰਗਰ ਨੇ ਹਾਈ ਕੋਰਟ ’ਚ ਜਨਹਿੱਤ ਪਟੀਸ਼ਨ ਦਾਖ਼ਲ ਕੀਤੀ ਸੀ। ਪਿਛਲੀ ਸੁਣਵਾਈ ’ਚ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਸੂਬਾਈ ਚੋਣ ਕਮਿਸ਼ਨ ਨੂੰ ਸਖ਼ਤ ਝਾੜ ਪਾਉਂਦਿਆਂ ਕਿਹਾ ਸੀ ਕਿ ਤੁਸੀਂ ਲੋਕਤੰਤਰ ਦਾ ਮਜ਼ਾਕ ਬਣਾ ਰੱਖਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਸੂਬਾਈ ਚੋਣ ਕਮਿਸ਼ਨ ਨੂੰ ਸ਼ੁੱਕਰਵਾਰ ਤੱਕ ਦੀ ਮੋਹਲਤ ਦਿੰਦੇ ਹੋਏ ਕਿਹਾ ਸੀ ਕਿ ਜੇ ਚੋਣਾਂ ਦੀ ਤਰੀਕ ਨਾ ਦੱਸੀ ਗਈ ਤਾਂ ਚੋਣ ਕਮਿਸ਼ਨਰ ਨੂੰ ਹਾਜ਼ਰ ਹੋਣਾ ਪਵੇਗਾ। ਅਦਾਲਤ ਨੂੰ ਦੱਸਿਆ ਗਿਆ ਕਿ ਇਨ੍ਹਾਂ ਤਿੰਨਾਂ ’ਚੋਂ ਦੋ ਦੀਆਂ ਚੋਣਾਂ ਤਾਂ 2020 ਤੋਂ ਪਹਿਲਾਂ ਹੀ ਹੋ ਜਾਣੀਆਂ ਚਾਹੀਦੀਆਂ ਸਨ। ਚਾਰ ਸਾਲਾਂ ਤੋਂ ਚੋਣਾਂ ਨਹੀਂ ਕਰਵਾਈਆਂ ਗਈਆਂ ਤੇ ਹਾਲੇ ਵੀ ਸਮਾਂ ਮੰਗਿਆ ਜਾ ਰਿਹਾ ਹੈ। ਹਾਈ ਕੋਰਟ ਨੇ ਕਿਹਾ ਕਿ ਹੁਣ ਬਹੁਤ ਹੋ ਚੁੱਕਾ ਹੈ, ਹੁਣ ਹੋਰ ਉਡੀਕ ਨਹੀਂ ਕੀਤੀ ਜਾ ਸਕਦੀ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 27 ਜਨਵਰੀ ਤੱਕ ਟਾਲ ਦਿੱਤੀ ਹੈ।



