
ਬਠਿੰਡਾ, 28 ਜੁਲਾਈ : ਸਥਾਨਕ ਸ਼ਹਿਰ ਵਿਚ ਵੱਖ ਵੱਖ ਸੜਕ ਹਾਦਸਿਆਂ ’ਚ 1 ਮੌਤ ਅਤੇ 2 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਸਥਾਨਕ ਬਲਰਾਜ ਨਗਰ ਵਿਚ ਸੜਕ ’ਤੇ ਇਕ ਰਿਕਸ਼ਾ ਚਾਲਕ ਬਜ਼ੁਰਗ ਰਿਕਸ਼ਾ ਚਲਾਉਂਦੇ ਹੋਏ ਅਚਾਨਕ ਡਿੱਗ ਗਿਆ। ਜਿਸ ਨਾਲ ੳਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਸੰਦੀਪ ਗਿੱਲ ਅਤੇ ਚੌਕੀ ਵਰਧਮਾਨ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕੀਤੀ। ਜਾਂਚ ਦੌਰਾਨ ਬਜ਼ੁਰਗ ਕੋਲ ਅਜਿਹੀ ਕੋਈ ਚੀਜ਼ ਨਹੀਂ ਮਿਲੀ, ਜਿਸ ਨਾਲ ਉਸ ਦੀ ਸ਼ਨਾਖ਼ਤ ਹੋ ਸਕੇ। ਪੁਲਿਸ ਕਾਰਵਾਈ ਤੋਂ ਸਹਾਰਾ ਟੀਮ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ। ਇਸੇ ਤਰ੍ਹਾਂ ਸਥਾਨਕ ਬਠਿੰਡਾ ਰੇਲਵੇ ਸਟੇਸ਼ਨ ’ਤੇ ਪਲੇਟਫਾਰਮ ਨੰਬਰ 2 ’ਤੇ ਰੇਲਗੱਡੀ ਦੀ ਟੱਕਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਸੰਦੀਪ ਗਿੱਲ ਅਤੇ ਸੰਦੀਪ ਗੋਇਲ ਮੌਕੇ ’ਤੇ ਪਹੁੰਚੇ ਅਤੇ ਉਕਤ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ ਪ੍ਰੰਤੂ ਹਾਲਤ ਗੰਭੀਰ ਹੋਣ ਕਾਰਨ ਉਕਤ ਵਿਅਕਤੀ ਨੂੰ ਏਮਜ਼ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀ ਦੀ ਪਛਾਣ ਕਰਨੈਲ ਸਿੰਘ ਵਾਸੀ ਲਾਲ ਸਿੰਘ ਬਸਤੀ ਵਜੋਂ ਹੋਈ। ਇਸ ਤੋਂ ਇਲਾਵਾ ਸਥਾਨਕ ਬਠਿੰਡਾ ਗੋਨਿਆਣਾ ਰੋਡ ’ਤੇ ਐੱਨਐੱਫਐੱਲ ਦੇ ਗੇਟ ਨੰਬਰ 1 ਕੋਲ ਇਕ ਮੋਟਰਸਾਈਕਲ ਸਵਾਰ ਦੇ ਅੱਗੇ ਬੇਸਹਾਰਾ ਪਸ਼ੂ ਆਉਣ ਕਾਰਨ ਮੋਟਰਸਾਈਕਲ ਸਵਾਰ ਦਾ ਸੰਤੁਲਨ ਵਿਗੜ ਗਿਆ। ਜਿਸ ਨਾਲ ਉਹ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਸੰਦੀਪ ਗਿੱਲ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀ ਮੋਟਰਸਾਈਕਲ ਸਵਾਰ ਦੀ ਪਛਾਣ ਅਮਿਤ ਵਾਸੀ ਗਿੱਲਪੱਤੀ ਰੋਡ ਵਜੋਂ ਹੋਈ।



