
ਬਹਿਰਾਮਪੁਰ, 11 ਫਰਵਰੀ- ਸੰਯੁਕਤ ਕਿਸਾਨ ਮੋਰਚੇ ਵੱਲੋਂ ਨਵੀਂ ਖੇਤੀ ਮੰਡੀਕਰਨ ਨੀਤੀ ਨੂੰ ਰੱਦ ਕਰਾਉਣ ਲਈ ਪੰਜ ਮਾਰਚ ਤੋਂ ਚੰਡੀਗੜ੍ਹ ਵਿਖੇ ਲਾਏ ਜਾ ਰਹੇ ਪੱਕੇ ਮੋਰਚੇ ਦੀ ਤਿਆਰੀ ਲਈ ਪਿੰਡ ਮੱਲੀਆਂ ਵਿਖੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸਤਬੀਰ ਸਿੰਘ ਸੁਲਤਾਨੀ ਤੇ ਤ੍ਰਿਲੋਕ ਸਿੰਘ ਬਹਿਰਾਮਪੁਰ ਨੇ ਕਿਹਾ ਕਿ ਜਿਹੜੇ ਤਿੰਨ ਖੇਤੀ ਕਾਨੂੰਨ ਦਿੱਲੀ ਅੰਦੋਲਨ ਵੇਲੇ ਲੰਬੇ ਸੰਘਰਸ਼ ਤੋਂ ਬਾਅਦ ਰੱਦ ਕਰਵਾਏ ਸੀ ਉਨ੍ਹਾਂ ਨੂੰ ਕੇਂਦਰ ਸਰਕਾਰ ਰਾਜ ਸਰਕਾਰਾਂ ਰਾਹੀਂ ਨਵੀਂ ਕੌਮੇ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਪਾਸ ਕਰਵਾ ਕੇ ਲਾਗੂ ਕਰਵਾਉਣਾ ਚਾਹੁੰਦੀ ਹੈ। ਜੇਕਰ ਇਹ ਨੀਤੀ ਖਰੜਾ ਪਾਸ ਹੋ ਕੇ ਲਾਗੂ ਹੁੰਦਾ ਹੈ ਤਾਂ ਸਰਕਾਰੀ ਮੰਡੀਆਂ ਖ਼ਤਮ ਹੋ ਜਾਣਗੀਆਂ। ਇਸ ਨਾਲ ਕਿਸਾਨਾਂ, ਮਜ਼ਦੂਰਾਂ ਦਾ ਉਜਾੜਾ ਹੋਵੇਗਾ ਅਤੇ ਦੇਸੀ ਤੇ ਵਿਦੇਸ਼ੀ ਕੰਪਨੀਆਂ ਅਤੇ ਕਾਰਪੋਰੇਟਾਂ ਦਾ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਹੋ ਜਾਵੇਗਾ। ਇਸ ਲਈ ਇਸ ਨੀਤੀ ਖਰੜੇ ਨੂੰ ਰੱਦ ਕਰਾਉਣ ਲਈ ਵਿਸ਼ਾਲ ਕਿਸਾਨ ਲਹਿਰ ਅਤੇ ਸੰਘਰਸ਼ ਦੀ ਦੀ ਜ਼ਰੂਰਤ ਹੈ। ਇਸ ਮੌਕੇ ਬਲਾਕ ਪ੍ਰਧਾਨ ਮੁਖਤਿਆਰ ਸਿੰਘ ਮੱਲੀਆਂ, ਅਜੀਤ ਸਿੰਘ ਫ਼ੌਜੀ, ਪਿਆਰਾ ਸਿੰਘ, ਜਸਬੀਰ ਸਿੰਘ, ਸੁਰਜੀਤ ਸਿੰਘ ਮੌਜੂਦ ਸਨ।



