
ਪਟਿਆਲਾ, 25 ਅਗਸਤ : ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੈਂਪਾਂ ਦੀ ਆੜ ਹੇਠ ਪੰਜਾਬ ਦੇ ਲੋਕਾਂ ਦਾ ਨਿੱਜੀ ਡਾਟਾ ਚੋਰੀ ਕਰਨ ਦੀਆਂ ਚਾਲਾ ਚੱਲ ਰਹੀ, ਜਿਸ ਨੂੰ ਕਿਸੇ ਵੀ ਕੀਮਤ ’ਤੇ ਕਾਮਯਾਬ ਨਹੀਂ ਹੋਣ ਦਿਆਂਗੇ। ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਪੰਜਾਬ ਵਾਸੀਆਂ ਨੂੰ ਮੁਫ਼ਤ ਅਨਾਜ ਯੋਜਨਾ ਤੋਂ ਵਾਂਝਾ ਰੱਖਣ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ। ਇੱਥੇ ਪੱਤਰਕਾਰ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਦਾ ਬਹਾਨਾ ਬਣਾ ਕੇ ਪਹਿਲਾਂ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ, ਜਦ ਕਿ 32 ਲੱਖ ਹੋਰ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਕ ਸਾਜ਼ਿਸ ਦੇ ਅਧੀਨ ਭਾਰਤੀ ਜਨਤਾ ਪਾਰਟੀ ਪੰਜਾਬ ਤੇ ਪੰਜਾਬੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਮਨਸੂਬਿਆਂ ਵਿਚ ਕਦੇ ਵੀ ਸਫ਼ਲ ਨਹੀਂ ਹੋਵੇਗੀ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹੱਕਾਂ ’ਤੇ ਡਾਕਾ ਮਾਰਨ ਵਾਲਿਆਂ ਖਿਲਾਫ਼ ਆਵਾਜ਼ ਬੁਲੰਦ ਕਰੇਗੀ। ਚੀਮਾ ਨੇ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ, ਜਿਸ ਦੀ ਮਿਸਾਲ ਪੇਂਡੂ ਵਿਕਾਸ ਫੰਡ (ਆਰ.ਡੀ.ਐਫ਼) ਦੇ 8 ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕਣਾ, ਪ੍ਰਧਾਨ ਮੰਤਰੀ ਸੜਕ ਯੋਜਨਾ ਦੇ ਲਗਭਗ 1 ਹਜ਼ਾਰ ਕਰੋੜ ਰੁਪਏ ਦੇ ਫੰਡ ਨਾ ਜਾਰੀ ਕਰਨ ਸਮੇਤ ਜੀ.ਐਸ.ਟੀ. ਦੇ ਮੁਆਵਜ਼ੇ ਦਾ 50 ਹਜ਼ਾਰ ਕਰੋੜ ਬਕਾਇਆ ਨਾ ਦੇਣਾ ਸ਼ਾਮਲ ਹੈ। ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿਚ 8 ਲੱਖ 2 ਹਜ਼ਾਰ 493 ਰਾਸ਼ਨ ਕਾਰਡ ਰੱਦ ਕਰਨ ਦੀਆਂ ਘਟੀਆ ਚਾਲਾਂ ਚੱਲੀਆਂ ਜਾ ਰਹੀਆਂ ਹੈ। ਉਨ੍ਹਾਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਪੋਲ ਖੋਲ੍ਹਦਿਆਂ ਕਿਹਾ ਕਿ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਨੂੰ ਅਧਾਰ ਬਣਾ ਕੇ ਗਰੀਬਾਂ ਨੂੰ ਮਿਲਦਾ ਮੁਫ਼ਤ ਰਾਸ਼ਨ ਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਸਮਾਣਾ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ, ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਚੇਅਰਮੈਨ ਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰ ਮਾਜਰਾ, ਸੰਗਠਨ ਇੰਚਾਰਜ ਪਟਿਆਲਾ ਅਰਬਨ ਤੇ ਚੇਅਰਮੈਨ ਤੇਜਿੰਦਰ ਮਹਿਤਾ, ਮੇਅਰ ਕੁੰਦਨ ਗੋਗੀਆ, ਇੰਚਾਰਜ ਲੋਕ ਸਭਾ ਪਟਿਆਲਾ ਬਲਜਿੰਦਰ ਸਿੰਘ ਢਿੱਲੋਂ, ਜ਼ੋਨਲ ਮੀਡੀਆ ਇੰਚਾਰਜ ਮਾਲਵਾ ਈਸਟ ਹਰਪਾਲ ਜੁਨੇਜਾ, ਟਰੇਡ ਵਿੰਗ ਇੰਚਾਰਜ ਮਾਲਵਾ ਜ਼ੋਨ ਸੰਜੀਵ ਗੁਪਤਾ, ਮਹਿੰਦਰ ਮੋਹਨ ਸਿੰਘ, ਰਵਿੰਦਰ ਪਾਲ ਸਿੰਘ (ਪ੍ਰਿੰਸ ਲਾਂਬਾ), ਸੁਮੀਤ ਤੇਜਾ, ਮੋਹਿਤ ਕੁਕਰੇਜਾ ਤੇ ਜ਼ਿਲ੍ਹਾ ਮੀਡੀਆ ਇੰਚਾਰਜ ਗੱਜਣ ਸਿੰਘ ਸਮੇਤ ਹੋਰ ਵੀ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।



