Punjab
ਹਰਮੀਤ ਸਿੰਘ ਸੰਧੂ ਤਰਨਤਾਰਨ ਹਲਕੇ ਦਾ ਇੰਚਾਰਜ ਨਿਯੁਕਤ, ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੀਤਾ ਐਲਾਨ

ਤਰਨਤਾਰਨ, 27 ਜੁਲਾਈ : ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਇੱਥੋਂ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਉਪ ਚੋਣ ਲਈ ਉਮੀਦਵਾਰ ਬਣਾਇਆ ਜਾਣਾ ਲਗਪਗ ਤੈਅ ਮੰਨਿਆ ਜਾ ਰਿਹਾ ਸੀ। ਦੂਜੇ ਪਾਸੇ ਪਾਰਟੀ ਦੇ ਆਗੂ, ਜੋ ਟਿਕਟ ’ਤੇ ਦਾਅਵਾ ਜਿਤਾ ਰਹੇ ਸਨ ਵੱਲੋਂ ਇਸਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਸੀ ਪਰ ਇਸ ਸਭ ਦੇ ਬਾਵਜੂਦ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਤਰਨਤਾਰਨ ਹਲਕੇ ਦਾ ਇੰਚਾਰਜ ਐਲਾਨ ਦਿੱਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਥਾਨਕ ਚਾਰ ਖੰਬਾ ਚੌਕ ਵਿਚ ਇਕੱਤਰ ਹੋਏ ਉਨ੍ਹਾਂ ਦੇ ਸਮਰਥਕਾਂ ਨੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਹਰਮੀਤ ਸਿੰਘ ਸੰਧੂ ਤਿੰਨ ਵਾਰ ਤਰਨਤਾਰਨ ਹਲਕੇ ਤੋਂ ਲਗਾਤਾਰ ਵਿਧਾਇਕ ਰਹਿ ਚੁੱਕੇ ਹਨ ਜਿਨ੍ਹਾਂ ’ਚ ਇਕ ਵਾਰ ਆਜ਼ਾਦ ਅਤੇ ਦੋ ਵਾਰ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਚੋਣ ਜਿੱਤੀ ਸੀ।



