
ਬਠਿੰਡਾ, 12 ਅਗਸਤ : ਸ਼ਹਿਰ ਦੇ ਅਮਰੀਕ ਸਿੰਘ ਰੋਡ ’ਤੇ ਸਥਿਤ ਇਕ ਨਿੱਜੀ ਹੋਟਲ ’ਚ ਮੰਗਲਵਾਰ ਸ਼ਾਮ ਨੂੰ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਹੋਟਲ ਦੇ ਕਮਰੇ ਵਿੱਚੋਂ ਮ੍ਰਿਤਕ ਨੌਜਵਾਨ ਦੀ ਅੱਧ–ਨੰਗੀ ਲਾਸ਼ ਬਰਾਮਦ ਹੋਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਸਹਾਰਾ ਜਨ ਸੇਵਾ ਟੀਮ ਦੀ ਮਦਦ ਨਾਲ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕੀਤਾ ਗਿਆ। ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਨੇ ਨੌਜਵਾਨ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਕੇਸ਼ ਕੁਮਾਰ ਵਾਸੀ ਪਿੰਡ ਲਹਿਰਾ ਮੁਹੱਬਤ ਕਲੋਨੀ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।



