
ਬਾਲ ਕਿਸ਼ਨ
ਫ਼ਿਰੋਜ਼ਪੁਰ, 19 ਅਗਸਤ : ਹੜ੍ਹ ਦੇ ਸੰਭਾਵਿਤ ਖ਼ਤਰੇ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਇਲਾਕੇ ਵਿਚ ਐਮਰਜੈਂਸੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਮਮਦੋਟ ਡਾ. ਰਾਜੂ ਚੌਹਾਨ ਨੇ ਸਹਾਇਕ ਨਿਗਰਾਨੀ ਕਰਦਿਆਂ ਹੜ੍ਹ ਪ੍ਰਭਾਵਿਤ ਹੋ ਸਕਦੇ ਪਿੰਡਾਂ ਵਿਚ ਮੈਡੀਕਲ ਟੀਮਾਂ ਦੀ ਤਾਇਨਾਤੀ ਕੀਤੀ। ਪਿੰਡ ਕਾਲੂਵਾਲਾ, ਝੁੱਗੇ ਗਣੇਸ਼ੇ ਵਾਲਾ, ਕੁਤਬਦੀਨਵਾਲਾ, ਰੁਕਨੇਵਾਲਾ, ਕਮਾਲਾ ਬੋਦਲਾ, ਗੱਟੀ ਰਾਜੋਕੇ, ਹਾਮਦ ਵਾਲਾ ਅਤੇ ਨਿਹਾਲਾ ਲਵੇਰਾ ਵਿਚ ਖਾਸ ਤੌਰ ’ਤੇ ਮੈਡੀਕਲ ਟੀਮਾਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਡਾ. ਚੌਹਾਨ ਨੇ ਇਨ੍ਹਾਂ ਪਿੰਡਾਂ ਦਾ ਦੌਰਾ ਕਰਕੇ ਤਿਆਰੀਆਂ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸਾਰੇ ਸਿਹਤ ਕੇਂਦਰਾਂ ਵਿਚ ਜ਼ਰੂਰੀ ਦਵਾਈਆਂ, ਸਾਫ਼ ਪੀਣਯੋਗ ਪਾਣੀ ਅਤੇ ਐਂਟੀਸੈਪਟਿਕ ਸਮੱਗਰੀ ਉਪਲਬਧ ਕਰਵਾ ਦਿੱਤੀ ਗਈ ਹੈ। ਹੜ੍ਹ ਦੌਰਾਨ ਆਮ ਤੌਰ ’ਤੇ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਹੈਜ਼ਾ, ਡਾਇਰੀਆ ਅਤੇ ਚਮੜੀ ਦੇ ਰੋਗਾਂ ਤੋਂ ਬਚਾਅ ਲਈ ਵਿਸ਼ੇਸ਼ ਤਿਆਰੀ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਇਲਾਕੇ ਵਿਚ ਮੈਡੀਕਲ ਕੈਂਪਾਂ, ਘਰ-ਘਰ ਜਾਕੇ ਸਿਹਤ ਜਾਂਚ ਅਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਸੇਵਾਵਾਂ ਜਾਰੀ ਹਨ। ਪਿੰਡ ਪੱਧਰ ’ਤੇ ਆਂਗਨਵਾੜੀ ਕੇਂਦਰਾਂ, ਧਾਰਮਿਕ ਸਥਾਨਾਂ ਅਤੇ ਪੰਚਾਇਤ ਭਵਨਾਂ ਰਾਹੀਂ ਲੋਕਾਂ ਤੱਕ ਜਾਣਕਾਰੀ ਪਹੁੰਚਾਈ ਜਾ ਰਹੀ ਹੈ। ਡਾ. ਰਾਜੂ ਚੌਹਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ, ਗੰਦੇ ਪਾਣੀ ਨਾਲ ਸੰਪਰਕ ਤੋਂ ਬਚਣ ਅਤੇ ਜੇ ਕੋਈ ਵੀ ਬੀਮਾਰੀ ਦੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਮਮਦੋਟ ਅਧੀਨ ਪੈਂਦੇ ਸਾਰੇ ਪਿੰਡਾਂ ਵਿਚ ਹੜ੍ਹ ਜਾਂ ਕਿਸੇ ਵੀ ਐਮਰਜੈਂਸੀ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰੀ ਕੀਤੀ ਗਈ ਹੈ।



