Punjab

ਮੁੱਖ ਮੰਤਰੀ ਭਗਵੰਤ ਮਾਨ 10 ਦਿਨ ਲਈ ਜਾਣਗੇ ਜਾਪਾਨ, ਵੱਡੀਆਂ ਕੰਪਨੀਆਂ ਨੂੰ ਪੰਜਾਬ ’ਚ ਨਿਵੇਸ਼ ਦਾ ਦੇਣਗੇ ਸੱਦਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 30 ਨਵੰਬਰ : ਹਰਿਆਣਾ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਾਪਾਨ ਜਾ ਰਹੇ ਹਨ। ਉਹ ਜਾਪਾਨ ਦੀਆਂ ਵੱਡੀਆਂ ਕੰਪਨੀਆਂ ਨੂੰ ਪੰਜਾਬ ’ਚ ਨਿਵੇਸ਼ ਦਾ ਸੱਦਾ ਦੇਣਗੇ ਤੇ ਨਾਲ ਹੀ ਪੰਜਾਬ ’ਚ ਹੋ ਰਹੇ ਨਿਵੇਸ਼ ਸੰਮੇਲਨ ’ਚ ਸ਼ਾਮਲ ਹੋਣ ਦੀ ਅਪੀਲ ਵੀ ਕਰਨਗੇ। ਮੁੱਖ ਮੰਤਰੀ ਇਕ ਦਸੰਬਰ ਤੋਂ ਲੈ ਕੇ ਦਸ ਦਸੰਬਰ ਤੱਕ ਜਾਪਾਨ ਦੌਰੇ ’ਤੇ ਰਹਿਣਗੇ। ਉਨ੍ਹਾਂ ਨਾਲ ਉਦਯੋਗ ਤੇ ਬਿਜਲੀ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇਏਪੀ ਸਿਨਹਾ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ। ਇਕ ਸੀਨੀਅਰ ਅਧਿਕਾਰੀ ਨੇ ਇਸ ਦੌਰੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਟੋਕੀਓ ਤੇ ਸਪੋਰੋ ’ਚ ਇੰਡਸਟ੍ਰੀ ਦੇ ਵੱਡੇ ਨਾਵਾਂ ਨਾਲ ਮੀਟਿੰਗ ਕਰਨਗੇ। ਨਾਲ ਹੀ ਉਨ੍ਹਾਂ ਨੂੰ 13 ਤੋਂ 15 ਮਾਰਚ 2026 ਨੂੰ ਹੋਣ ਵਾਲੇ ਛੇਵੇਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ’ਚ ਸ਼ਾਮਲ ਹੋਣ ਲਈ ਸੱਦਾ ਵੀ ਦੇਣਗੇ। ਉਨ੍ਹਾਂ ਦੱਸਿਆ ਕਿ ਇਸਦੇ ਲਈ ਪਾਲੀਟੀਕਲ ਕਲੀਅਰੈਂਸ ਲਈ ਜਾ ਚੁੱਕੀ ਹੈ। ਦਿਲਚਸਪ ਗੱਲ ਇਹ ਹੈ ਕਿ ਇਨ੍ਹੀਂ ਦਿਨੀਂ ਪੰਜਾਬ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮੀਤੀ ਦੀਆਂ ਚੋਣਾਂ ਵੀ ਹੋਣੀਆਂ ਹਨ, ਜਿਸਦੇ ਲਈ ਉਮੀਦਵਾਰਾਂ ਦੀ ਚੋਣ ਕਰਨੀ ਹਾਲੇ ਬਾਕੀ ਹੈ। ਦੱਸਿਆ ਜਾਂਦਾ ਹੈ ਕਿ ਇਸ ਨੂੰ ਲੈ ਕੇ ਅੱਜ ਦਿੱਲੀ ’ਚ ਪਾਰਟੀ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਚੱਲ ਰਹੀਆਂ ਹਨ। ਪੰਜਾਬ ’ਚ ਮੁੱਖ ਮੰਤਰੀ ਦੇ ਜਾਪਾਨ ਦੌਰੇ ਤੱਕ ਚੋਣ ਜ਼ਾਬਤਾ ਹੀ ਲਾਗੂ ਰਹਿਣਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਕਤੂਬਰ ਦੇ ਪਹਿਲੇ ਹਫ਼ਤੇ ’ਚ ਜਾਪਾਨ ਗਏ ਸਨ।

Related Articles

Leave a Reply

Your email address will not be published. Required fields are marked *

Back to top button