
ਬਾਲ ਕਿਸ਼ਨ
ਫਿਰੋਜ਼ਪੁਰ, 15 ਮਈ-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਰਾਜ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ ਅਤੇ 16 ਮਈ ਤੋਂ ਜ਼ਿਲ੍ਹੇ ਦੇ ਹਰੇਕ ਹਲਕੇ ਦੇ ਤਿੰਨ-ਤਿੰਨ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ, ਨਸ਼ਾ ਛੱਡ ਚੁੱਕੇ ਲੋਕਾਂ ਦੇ ਪੁਨਰਵਾਸ ਅਤੇ ਲੋਕਾਂ ਨੂੰ ਨਸ਼ਿਆਂ ਦਾ ਵਪਾਰ ਕਰਨ ਵਾਲੇ ਲੋਕਾਂ ਖਿਲਾਫ਼ ਅਵਾਜ਼ ਉਠਾਉਣ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾਵਾਂ ਸ਼ੁਰੂ ਹੋ ਰਹੀਆਂ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦਾ ਵੀ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਦੀਪ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਨਾਲ ‘ਨਸ਼ਾ ਮੁਕਤੀ ਯਾਤਰਾ’ ਸੰਬਧੀ ਕੀਤੀ ਮੀਟਿੰਗ ਦੌਰਾਨ ਦਿੱਤੀ। ਵਧੀਕ ਡਿਪਟੀ ਕਮਿਸ਼ਨਰ(ਜ) ਨੇ ਦੱਸਿਆ ਕਿ ਇਨ੍ਹਾਂ ਨਸ਼ਾ ਮੁਕਤੀ ਯਾਤਰਾਵਾਂ ਵਿੱਚ ਜਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ ਅੰਦਰ ਪੈਂਦੇ 3-3 ਪਿੰਡਾਂ ਵਿੱਚ ਰੋਜ਼ਾਨਾ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਜਿਸ ਤਹਿਤ ਹਰੇਕ ਪਿੰਡ ਵਿੱਚ ਗ੍ਰਾਮ ਸਭਾ ਬੁਲਾ ਕੇ ਅਤੇ ਗ੍ਰਾਮ ਸੁਰੱਖਿਆ ਕਮੇਟੀਆਂ ਅਤੇ ਵਾਰਡ ਸੁਰੱਖਿਆ ਕਮੇਟੀਆਂ ਤੋਂ ਇਲਾਵਾ ਸਮੂਹ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇਗਾ ਤੇ ਸਬੰਧਤ ਹਲਕਾ ਵਿਧਾਇਕ, ਸਿਹਤ ਵਿਭਾਗ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਾਹਿਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਪਿੰਡ ਵਾਸੀਆਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਦੱਸਿਆ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਨਸ਼ਿਆਂ ਨੂੰ ਠੱਲ੍ਹ ਪਈ ਹੈ ਤੇ ਜਲਦੀ ਹੀ ਇਸ ਨੂੰ ਜੜ੍ਹ ਤੋਂ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਇਸ ਮੁਹਿੰਮ ਨੂੰ ਸਫਲ ਬਣਾਉਣ। ਇਸ ਮੌਕੇ ਐੱਸਡੀਐੱਮ ਫਿਰੋਜ਼ਪੁਰ ਅਨਿਲ ਗੁਪਤਾ, ਐੱਸਡੀਐੱਮ ਜ਼ੀਰਾ ਗੁਰਮੀਤ ਸਿੰਘ ਮਾਨ, ਐੱਸਡੀਐੱਮ. ਗੁਰੂਹਰਸਹਾਏ ਉਦੇਦੀਪ ਸਿੰਘ ਸਿੱਧੂ, ਡੀਡੀਪੀਓ ਹਰਜਿੰਦਰ ਸਿੰਘ, ਐੱਸਪੀ ਮਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।



