Punjab

328 ਪਾਵਨ ਸਰੂਪਾਂ ਦੇ ਮਾਮਲੇ ‘ਚ ਕੋਹਲੀ ਤੋਂ ਬਾਅਦ ਹੁਣ ਕੰਵਲਜੀਤ ਸਿੰਘ ਗ੍ਰਿਫ਼ਤਾਰ,

ਅੰਮ੍ਰਿਤਸਰ, 4 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ 328 ਪਾਵਨ ਸਰੂਪ ਘੱਟਣ ਦੇ ਮਾਮਲੇ ‘ਚ ਸੀਏ ਸਤਿੰਦਰ ਸਿੰਘ ਕੋਹਲੀ ਤੋਂ ਬਾਅਦ ਸਾਬਕਾ ਸਹਾਇਕ ਸੁਪਰਵਾਈਜ਼ਰ ਕੰਵਲਜੀਤ ਸਿੰਘ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਸ਼ਨਿੱਚਰਵਾਰ ਸਵੇਰ ਤੋਂ ਹੀ ਪੁਲਿਸ ਨੇ ਗ੍ਰਿਫਤਾਰੀਆਂ ਲਈ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ। ਭਾਵੇਂ ਪੁਲਿਸ ਨੇ ਕਿਸੇ ਵੀ ਅਧਿਕਾਰਤ ਤੌਰ ‘ਤੇ ਕਿਸੇ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ, ਪਰ ਸੂਤਰਾਂ ਦੇ ਮੁਤਾਬਕ ਕੰਵਲਜੀਤ ਸਿੰਘ ਨੂੰ ਪੁਲਿਸ ਨੇ ਉਸ ਤੇ ਘਰ ਤਰਨ ਤਰਨ ਰੋਡ ਤੋਂ ਗ੍ਰਿਫਤਾਰ ਕੀਤਾ ਹੈ। ਕੰਵਲਜੀਤ ਪਾਸੋਂ ਮੋਬਾਈਲ ਫੋਨ ਅਤੇ ਕੁਝ ਹੋਰ ਦਸਤਾਵੇਜ਼ ਵੀ ਪੁਲਿਸ ਨੇ ਹਿਰਾਸਤ ਵਿਚ ਲਏ ਹਨ। ਪੁਲਿਸ ਨੇ 7 ਦਸੰਬਰ 2025 ਨੂੰ 16 ਵਿਅਕਤੀਆਂ ਦੇ ਖ਼ਿਲਾਫ ਐਫਆਈਆਰ ਦਰਜ ਕੀਤੀ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਐਸਆਈਟੀ ਗਠਿਤ ਕਰਕੇ ਇਸ ਮਾਮਲੇ ਦੀ ਜਾਂਚ ਆਰੰਭੀ ਸੀ। ਇਸ ਕੇਸ ਨਾਲ ਸਬੰਧਿਤ ਸਭ ਤੋਂ ਪਹਿਲਾਂ ਸੀਏ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਤੋਂ ਬਾਅਦ ਸਹਾਇਕ ਸੁਪਰਵਾਈਜ਼ਰ ਕੰਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਘਟਣ ਦੇ ਮਾਮਲੇ ਵਿਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵੀਡੀਓ ਜਾਰੀ ਕਰਕੇ ਦੱਸਿਆ ਕਿ ਦੋਸ਼ੀਆਂ ਦੀ ਭਾਲ ਜਾਰੀ ਹੈ। ਇੱਕ ਵਿਸ਼ੇਸ਼ ਜਾਂਚ ਟੀਮ ਵੀ ਬਣਾਈ ਗਈ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਦਾਲਤ ਰਾਹੀਂ ਸਾਰੇ ਦੋਸ਼ੀਆਂ ਲਈ ਸਰਚ ਵਾਰੰਟ ਪ੍ਰਾਪਤ ਕੀਤੇ ਗਏ ਹਨ। ਸ਼ਨਿੱਚਰਵਾਰ ਨੂੰ ਕੁਲ 15 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਨ੍ਹਾਂ ਵਿੱਚ ਚੰਡੀਗੜ੍ਹ ਦੇ ਦੋ ਸਥਾਨ, ਅੰਮ੍ਰਿਤਸਰ ਸ਼ਹਿਰ ਦੇ ਅੱਠ ਸਥਾਨ ਅਤੇ ਗੁਰਦਾਸਪੁਰ, ਰੋਪੜ ਅਤੇ ਹੋਰ ਖੇਤਰ ਸ਼ਾਮਲ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮਾਮਲੇ ਨਾਲ ਸਬੰਧਤ ਸਾਰੇ ਤੱਥ ਰਿਕਾਰਡ ‘ਤੇ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰਨਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮ ਕੋਹਲੀ ਦੇ ਘਰ ਦੀ ਵੀ ਤਲਾਸ਼ੀ ਲਈ ਜਾਵੇਗੀ।

Related Articles

Leave a Reply

Your email address will not be published. Required fields are marked *

Back to top button