
ਅੰਮ੍ਰਿਤਸਰ, 25 ਨਵੰਬਰ : ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ’ਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਆਟਾ ਮੰਡੀ, ਬਾਜ਼ਾਰ ਪਾਪੜਾਂ, ਬਾਜ਼ਾਰ ਕਾਠੀਆਂ, ਗੁਰੂ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ। ਇਸੇ ਦੌਰਾਨ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਉਪਰੰਤ ਗੁਰਮਤਿ ਸਮਾਗਮ ਸਜਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਰਾਜਿੰਦਰ ਸਿੰਘ ਰੂਬੀ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਬਿਕਰਮ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆ, ਜਸਬੀਰ ਸਿੰਘ, ਬਲਵਿੰਦਰ ਸਿੰਘ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ ਸਮੇਤ ਸੰਗਤਾਂ ਹਾਜ਼ਰ ਸਨ।



