40 ਕਿੱਲੋਂ ਹੈਰੋਇਨ ਸਮੇਤ ਫੜੇ ਗਏ ਮੁਲਜ਼ਮਾਂ ਤੋਂ ਸੁਰੱਖਿਆ ਏਜੰਸੀਆਂ ਵੱਲੋਂ ਪੁੱਛਗਿੱਛ ਜਾਰੀ, ਹੋ ਸਕਦੇ ਨੇ ਵੱਡੇ ਖ਼ੁਲਾਸੇ

ਬਠਿੰਡਾ, 11 ਜੁਲਾਈ : ਮਹਿਣਾ ਚੌਂਕ ਤੋਂ 40 ਕਿੱਲੋਂ ਹੈਰੋਇਨ ਸਮੇਤ ਫੜੇ ਗਏ 6 ਮੁਲਜ਼ਮਾਂ ਤੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਸਮੇਤ ਦੇਸ਼ ਦੀਆਂ ਹੋਰ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ ਵੀ ਪੁੱਛਗਿੱਛ ਕਰ ਰਹੇ ਹਨ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲਿਸ ਨੇ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ 8 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ। ਹਾਲਾਂਕਿ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ। ਜਾਂਚ ਪੂਰੀ ਹੋਣ ਤੱਕ ਉਹ ਮੀਡੀਆ ਨਾਲ ਕੁਝ ਵੀ ਸਾਂਝਾ ਨਹੀਂ ਕਰ ਸਕਦੇ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਮਲੋਟ ਦੇ ਰਹਿਣ ਵਾਲੇ ਲਖਵੀਰ ਸਿੰਘ ਉਰਫ ਲੱਖਾ ਅਤੇ ਉਸ ਦੇ ਪੰਜ ਸਾਥੀਆਂ ਨੂੰ ਬਠਿੰਡਾ ਪੁਲਿਸ ਨੇ 40 ਕਿੱਲੋ ਹੈਰੋਇਨ (ਚਿੱਟਾ) ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਅਧਿਕਾਰੀ ਅਤੇ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੇ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਪੁਲਿਸ ਨੇ ਮਲੋਟ ਇਲਾਕੇ ਦੇ ਨਾਲ-ਨਾਲ ਅੰਮ੍ਰਿਤਸਰ ਅਤੇ ਜੰਡਿਆਲਾ ਗੁਰੂ ਵਿਚ ਵੀ ਛਾਪੇਮਾਰੀ ਕੀਤੀ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਪੁਲਿਸ ਨੂੰ ਜੰਡਿਆਲਾ ਗੁਰੂ ਨਾਲ ਸਬੰਧਤ ਮਹੱਤਵਪੂਰਨ ਸੁਰਾਗ ਬਾਰੇ ਪਤਾ ਲੱਗਾ ਹੈ। ਇਕ ਵਿਸ਼ੇਸ਼ ਪੁਲਿਸ ਟੀਮ ਉਸ ਸੁਰਾਗ ਤੱਕ ਪਹੁੰਚਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ ਮੁਲਜ਼ਮਾਂ ਦੇ ਪਾਕਿਸਤਾਨੀ ਸਬੰਧਾਂ ਦਾ ਪਤਾ ਲਗਾਉਣ ਵਿਚ ਲੱਗੇ ਹੋਏ ਹਨ। ਮੁਲਜ਼ਮ ਅੱਠ ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਵੱਡੇ ਖੁਲਾਸੇ ਕਰ ਸਕਦੇ ਹਨ। ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਨੇ ਵਿਦੇਸ਼ ਬੈਠੇ ਆਪਣੇ ਬੌਸ ਦੇ ਨਿਰਦੇਸ਼ਾਂ ’ਤੇ ਸਰਹੱਦ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾਈ ਸੀ। ਪੁਲਿਸ ਹੁਣ ਉਸ ਵਿਦੇਸ਼ੀ ਤਸਕਰ ਦੇ ਪੂਰੇ ਡੈਟਾ ਦੀ ਖੋਜ ਕਰ ਰਹੀ ਹੈ ਤਾਂ ਜੋ ਉਹ ਜਿਸ ਵੀ ਦੇਸ਼ ਵਿਚ ਬੈਠਾ ਹੈ, ਉਸ ਦੇਸ਼ ਦੀ ਪੁਲਿਸ ਨਾਲ ਸੰਪਰਕ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਭਾਰਤ ਲਿਆਂਦਾ ਜਾ ਸਕੇ। ਪੁਲਿਸ ਨੇ ਬੀਤੇ ਦਿਨੀਂ ਇਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਸੀ ਪਰ ਕੋਈ ਵੀ ਪੁਲਿਸ ਅਧਿਕਾਰੀ ਅਧਿਕਾਰਤ ਤੌਰ ’ਤੇ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਮੁੱਖ ਮੁਲਜ਼ਮ ਲਖਵੀਰ ਸਿੰਘ ਉਰਫ ਲੱਖਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਵੱਡੇ ਪੱਧਰ ’ਤੇ ਨਸ਼ੀਲੇ ਪਦਾਰਥ ਵੇਚੇ ਹਨ। ਇਸ ਤੋਂ ਇਲਾਵਾ ਜਿਸ ਜਗ੍ਹਾ ’ਤੇ ਮੁਲਜ਼ਮਾਂ ਨੂੰ ਫੜਿਆ ਗਿਆ ਸੀ, ਉਸ ਜਗ੍ਹਾ ਦੇ ਨੇੜੇ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਰਾਤ ਨੂੰ ਲਗਪਗ 2-3 ਵਜੇ ਮੁਲਜ਼ਮ ਘਰ ਦੇ ਬਾਹਰ ਖੜ੍ਹੀ ਕਾਰ ਵਿੱਚੋਂ ਕੁਝ ਕੱਢਦਾ ਨਜ਼ਰ ਆ ਰਿਹਾ ਸੀ ਪਰ ਲੋਕਾਂ ਨੂੰ ਸ਼ੱਕ ਨਹੀਂ ਹੋਇਆ ਕਿਉਂਕਿ ਲਖਵੀਰ ਨੇ ਆਲੇ-ਦੁਆਲੇ ਦੇ ਲੋਕਾਂ ਨੂੰ ਦੱਸਿਆ ਸੀ ਕਿ ਉਹ ਕਾਰਾਂ ਖਰੀਦਣ ਅਤੇ ਵੇਚਣ ਦਾ ਕਾਰੋਬਾਰ ਕਰਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਵੱਡੀਆਂ ਕਾਰਾਂ ਵਾਲੇ ਲੋਕ ਰਾਤ ਨੂੰ ਵੀ ਉਕਤ ਨੌਜਵਾਨ ਕੋਲ ਆਉਂਦੇ-ਜਾਂਦੇ ਰਹਿੰਦੇ ਸਨ। ਪੁਲਿਸ ਹੈਰੋਇਨ ਦੀ ਖੇਪ ਸਮੇਤ ਫੜੇ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਜਾਂਚ ਕਰ ਰਹੀ ਹੈ। ਮੋਬਾਈਲਾਂ ਵਿੱਚੋਂ ਪੁਲਿਸ ਕਈ ਲੋਕਾਂ ਦੇ ਨੰਬਰ ਮਿਲੇ ਹਨ ਜਿਸ ਦੇ ਆਧਾਰ ’ਤੇ ਪੁਲਿਸ ਉਨ੍ਹਾਂ ਕੋਲੋਂ ਪੁਛਗਿੱਛ ਲਈ ਛਾਪੇਮਾਰੀ ਕਰ ਰਹੀ ਹੈ। ਪੁਲਿਸ ਸੂਤਰਾਂ ਅਨੁਸਾਰ ਜਾਂਚ ਲਈ ਮੁਲਜ਼ਮਾਂ ਦੇ ਫੋਨ ਫੋਰੈਂਸਿਕ ਲੈਬ ਵਿਚ ਭੇਜੇ ਜਾ ਰਹੇ ਹਨ। ਪੁਲਿਸ ਤੇ ਸੁਰੱਖਿਆ ਏਜੰਸੀਆਂ ਨੂੰ ਉਮੀਦ ਹੈ ਕਿ ਉਹ ਉਕਤ ਮੁਲਜ਼ਮਾਂ ਰਾਹੀ ਵੱਡੇ ਨਸ਼ਾ ਤਸਕਰਾਂ ਤਕ ਪਹੁੰਚ ਸਕਦੇ ਹਨ। ਇਹੀ ਕਾਰਨ ਹੈ ਕਿ ਇਸ ਮਾਮਲੇ ਵਿਚ ਪੁਲਿਸ ਕੁੱਝ ਵੀ ਦੱਸਣ ਲਈ ਤਿਆਰ ਨਹੀਂ ਹੈ।



