
ਬਾਲ ਕਿਸ਼ਨ
ਫਿਰੋਜ਼ਪੁਰ, 18 ਅਗਸਤ : ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੇ ਅੱਜ ਸਵੇਰੇ ਸ਼ਹਿਰ ਦੀਆਂ ਸਲੱਮ ਬਸਤੀਆਂ ਵਿੱਚ ਵੱਡੇ ਪੱਧਰ ’ਤੇ ’ਕਾਸੋ’ ਸਰਚ ਅਪਰੇਸ਼ਨ ਚਲਾਇਆ। ਇਹ ਅਪਰੇਸ਼ਨ ਜ਼ਿਲ੍ਹਾ ਪੁਲਿਸ ਮੁਖੀ (ਐੱਸਐੱਸਪੀ) ਭੁਪਿੰਦਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ 470 ਪੁਲਿਸ ਮੁਲਾਜ਼ਮਾਂ ਦੀਆਂ ਟੀਮਾਂ ਸ਼ਾਮਲ ਸਨ। ਇਨ੍ਹਾਂ ਟੀਮਾਂ ਵਿੱਚ 11 ਗਜ਼ਟਿਡ ਅਧਿਕਾਰੀ ਅਤੇ ਵੱਖ-ਵੱਖ ਥਾਣਿਆਂ ਦੇ ਐੱਸਐੱਚਓ ਵੀ ਸ਼ਾਮਲ ਸਨ। ਐੱਸਐੱਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਤਲਾਸ਼ੀ ਮੁਹਿੰਮ ਇੱਕੋਂ ਸਮੇਂ 12 ਵੱਖ-ਵੱਖ ਥਾਵਾਂ ’ਤੇ ਚਲਾਈ ਗਈ, ਜਿੱਥੇ ਨਸ਼ੇ ਦੀ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਹੋਣ ਦਾ ਸ਼ੱਕ ਸੀ। ਉਨ੍ਹਾਂ ਨੇ ਕਿਹਾ ਕਿ ਇਸ ਅਪਰੇਸ਼ਨ ਦਾ ਮੁੱਖ ਉਦੇਸ਼ ਨਸ਼ਾ ਵੇਚਣ ਵਾਲੇ ਸ਼ੱਕੀ ਵਿਅਕਤੀਆਂ ਨੂੰ ਫੜਨਾ ਸੀ। ਕਾਰਵਾਈ ਦੌਰਾਨ ਪੁਲਿਸ ਨੇ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਕੁਝ ਨਸ਼ੀਲੇ ਪਦਾਰਥਾਂ ਅਤੇ ਚੋਰੀ ਦੇ ਵਾਹਨਾਂ ਦੀ ਬਰਾਮਦਗੀ ਵੀ ਹੋਈ ਹੈ। ਐੱਸਐੱਸਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਕ ਹਰੀਹਰ ਇਲਾਕੇ ਵਿੱਚੋਂ ਪੋਸਤ (ਭੁੱਕੀ) ਬਰਾਮਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਕਈ ਮੋਟਰਸਾਈਕਲ ਵੀ ਮਿਲੇ ਹਨ, ਜਿਨ੍ਹਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਹੈ। ਫਿਰੋਜ਼ਪੁਰ ਪੁਲਿਸ ਇਸ ਮੁਹਿੰਮ ਵਿੱਚ ਲਗਾਤਾਰ ਸਫ਼ਲਤਾ ਪ੍ਰਾਪਤ ਕਰ ਰਹੀ ਹੈ ਅਤੇ ਅਪਰਾਧੀਆਂ ਉੱਤੇ ਸ਼ਿਕੰਜਾ ਕੱਸ ਰਹੀ ਹੈ। ਐੱਸਐੱਸਪੀ ਭੁਪਿੰਦਰ ਸਿੰਘ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਅਜੇ ਵੀ ਇਸ ਗੈਰ-ਕਾਨੂੰਨੀ ਧੰਦੇ ਵਿਚ ਸ਼ਾਮਲ ਹਨ, ਉਹ ਸੁਧਰ ਜਾਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।



