
ਫਿਰੋਜ਼ਪੁਰ, 27 ਫਰਵਰੀ (ਜਸਵਿੰਦਰ ਸਿੰਘ ਸੰਧੂ)- ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਵਿਅਕਤੀ ਨੂੰ 6 ਕਿਲੋ 200 ਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ 15 ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏੋ ਸਬ ਇੰਸਪੈਕਟਰ ਜੱਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਕੁਟੀ ਮੋੜ ਪਾਸ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਜਗਰੂਪ ਸਿੰਘ ਉਰਫ ਰੂਪੀ ਪੁੱਤਰ ਬਲਰਾਜ ਸਿੰਘ ਵਾਸੀ ਸੋਹਣਗੜ੍ਹ ਰੱਤੇ ਵਾਲਾ ਭੁੱਕੀ ਚੂਰਾ ਪੋਸਤ ਵੇਚਣ ਦਾ ਧੰਦਾ ਕਰਦਾ ਹੈ, ਜੋ ਅੱਜ ਵੀ ਆਪਣੇ ਘਰ ਵਿਚ ਭੁੱਕੀ ਚੂਰਾ ਪੋਸਤ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ ਉਕਤ ਦੋਸ਼ੀ ਜਗਰੂਪ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 6 ਕਿਲੋ 200 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



