
ਬਟਾਲਾ, 27 ਫਰਵਰੀ- ਬਟਾਲਾ-ਡੇਰਾ ਬਾਬਾ ਨਾਨਕ ਰੋਡ ’ਤੇ ਪੈਂਦੇ ਹਸਨਪੁਰਾ ਪੈਟਰੋਲ ਪੰਪ ਦੇ ਨਜ਼ਦੀਕ ਬੁੱਧਵਾਰ ਦੇਰ ਸ਼ਾਮ ਨੂੰ ਇਕ ਜੀਪ ਤੇ ਮੋਟਰਸਾਈਕਲ ਦੀ ਆਪਸੀ ਹੋਈ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਅਤੇ ਇਕ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਭਾਗੋਵਾਲ ਅਤੇ ਸ਼ਹਿਬਾਜ ਸਿੰਘ ਸ਼ੈਲੀ ਪੁੱਤਰ ਭਗਵੰਤ ਸਿੰਘ ਵਾਸੀ ਭਾਗੋਵਾਲ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੇਰ ਸ਼ਾਮ ਕਰੀਬ 8 ਵਜੇ ਬਟਾਲਾ ਤੋਂ ਭਾਗੋਵਾਲ ਨੂੰ ਜਾ ਰਹੇ ਸਨ, ਜਦ ਉਹ ਹਸਨਪੁਰ ਪੈਟਰੋਲ ਪੰਪ ਦੇ ਨਜ਼ਦੀਕ ਪਹੁੰਚੇ ਤਾਂ ਦੂਸਰੇ ਪਾਸਿਓਂ ਆ ਰਹੀ ਨਿਹੰਗਾਂ ਦੀ ਇਕ ਜੀਪ ਦੇ ਨਾਲ ਉਹਨਾਂ ਦੀ ਟੱਕਰ ਹੋ ਗਈ, ਜਿਸ ਵਿਚ ਮਨਜਿੰਦਰ ਸਿੰਘ (35) ਪੁੱਤਰ ਪਿਆਰਾ ਸਿੰਘ ਵਾਸੀ ਭਾਗੋਵਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਸ਼ਹਿਬਾਜ ਸਿੰਘ ਸ਼ੈਲੀ ਪੁੱਤਰ ਭਗਵੰਤ ਸਿੰਘ ਵਾਸੀ ਭਾਗੋਵਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਬਟਾਲਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਮਨਜਿੰਦਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਇਕ ਲੜਕੀ ਤੇ ਇਕ ਲੜਕਾ ਛੱਡ ਗਿਆ ਹੈ। ਥਾਣਾ ਸਿਵਲ ਲਾਈਨ ਪੁਲਿਸ ਵੱਲੋਂ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।



