
ਸ੍ਰੀਨਗਰ, 28 ਫਰਵਰੀ- ਬੀਤੀ ਸ਼ਾਮ ਨੂੰ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਕੇ ਪੁਣਛ ਦੀ ਇਕ ਨਦੀ ਵਿਚ ਜਾ ਡਿੱਗੀ। ਇਸ ਹਾਦਸੇ ਵਿਚ ਸੱਤ ਲੋਕ ਜ਼ਖਮੀ ਹੋਏ ਹਨ ਅਤੇ ਕੁਝ ਲੋਕਾਂ ਦੇ ਲਾਪਤਾ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ। ਬਚਾਅ ਦੇ ਨਾਲ-ਨਾਲ ਉਨ੍ਹਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਐਸ.ਐਸ.ਪੀ. ਪੁਣਛ ਦੀ ਅਗਵਾਈ ਹੇਠ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਕੰਮ ਵਿਚ ਐਸ.ਡੀ.ਆਰ.ਐਫ਼. ਦੀ ਵੀ ਮਦਦ ਲਈ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਸੱਤ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਹੈ ਅਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਅਨੁਸਾਰ ਕਾਰ ਵਿਚ ਕਰੀਬ 12 ਲੋਕ ਸਵਾਰ ਸਨ ਤੇ ਹਾਦਸੇ ਦਾ ਕਾਰਨ ਤੇਜ਼ ਰਫ਼ਤਾਰ ਨੂੰ ਮੰਨਿਆ ਜਾ ਰਿਹਾ ਹੈ।



