
ਸ੍ਰੀ ਮੁਕਤਸਰ ਸਾਹਿਬ, 2 ਮਾਰਚ- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਦੀ ਮਾਤਾ ਸਵਰਨ ਕਾਂਤਾ ਪਠੇਲਾ ਦੇ ਸਦੀਵੀ ਵਿਛੋੜੇ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਦਾ ਜ਼ਮੀਨੀ ਪਾਣੀ ਦਿਨੋ ਦਿਨ ਹੇਠਾਂ ਜਾ ਰਿਹਾ ਹੈ ਅਤੇ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੀਣ ਵਾਲਾ ਪਾਣੀ ਖ਼ਤਮ ਕਰ ਰਹੇ ਹਾਂ। ਇਸ ਗੰਭੀਰ ਮੁੱਦੇ ‘ਤੇ ਭਗਵੰਤ ਮਾਨ ਸਰਕਾਰ ਨੂੰ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਪੰਜਾਬ ਵਿਚ ਲਾਗੂ ਕਰਨ ਲਈ ਗੰਭੀਰ ਹੈ ਤਾਂ ਜੋ ਪੰਜਾਬ ਨੂੰ ਰੇਗਿਸਤਾਨ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ ਅਤੇ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਹੈ। ਜੋ ਪੈਸਾ ਕੈਂਸਰ ਸਮੇਤ ਹੋਰ ਬਿਮਾਰੀਆਂ ਲਈ ਆਇਆ, ਉਹ ਮੁਹੱਲਾ ਕਲੀਨਿਕਾਂ ਦੀ ਮਸ਼ਹੂਰੀ ਲਈ ਲਾ ਦਿੱਤਾ।



