ਨਵੀਂ ਦਿੱਲੀ, 8 ਮਾਰਚ-ਦਿੱਲੀ ਸਰਕਾਰ ਦੀ ਦੂਜੀ ਕੈਬਨਿਟ ਮੀਟਿੰਗ ਅੱਜ ਹੋਵੇਗੀ, ਜਿਸ ‘ਚ ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੇਣ ਵਾਲੀ ਮਹਿਲਾ ਸਮ੍ਰਿਧੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਇਸ ਦਾ ਐਲਾਨ ਦਿੱਲੀ ਪ੍ਰਦੇਸ਼ ਮਹਿਲਾ ਮੋਰਚਾ ਵੱਲੋਂ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਆਯੋਜਿਤ ਮਹਿਲਾ ਦਿਵਸ ਪ੍ਰੋਗਰਾਮ ‘ਚ ਕੀਤਾ ਜਾਵੇਗਾ। ਇਸ ਤੋਂ ਬਾਅਦ ਇਸ ਸਕੀਮ ਦਾ ਲਾਭ ਲੈਣ ਲਈ ਔਰਤਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾਵੇਗੀ। ਔਰਤਾਂ ਦੇ ਹਿੱਤ ਵਿੱਚ ਹੋਰ ਐਲਾਨਾਂ ਦੀ ਵੀ ਉਮੀਦ ਹੈ।
ਚੋਣ ਮੈਨੀਫੈਸਟੋ
ਭਾਜਪਾ ਨੇ ਆਪਣੇ ਵਿਧਾਨ ਸਭਾ ਚੋਣ ਮੈਨੀਫੈਸਟੋ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਰੈਲੀਆਂ ‘ਚ ਕਿਹਾ ਸੀ ਕਿ ਇਸ ਨੂੰ ਮਹਿਲਾ ਦਿਵਸ ‘ਤੇ ਲਾਂਚ ਕੀਤਾ ਜਾਵੇਗਾ। ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨਾਲ ਕਈ ਦੌਰ ਦੀਆਂ ਮੀਟਿੰਗਾਂ ਕੀਤੀਆਂ ਹਨ। ਯੋਜਨਾ ਦੀ ਰੂਪ-ਰੇਖਾ ਤਿਆਰ ਕਰ ਲਈ ਗਈ ਹੈ। ਸ਼ਨੀਵਾਰ ਨੂੰ ਮਹਿਲਾ ਦਿਵਸ ਦੇ ਮੌਕੇ ‘ਤੇ ਸਵੇਰੇ 11 ਵਜੇ ਕੈਬਨਿਟ ਦੀ ਬੈਠਕ ‘ਚ ਚਰਚਾ ਤੋਂ ਬਾਅਦ ਇਸ ਨੂੰ ਮਨਜ਼ੂਰੀ ਦਿੱਤੀ ਜਾਵੇਗੀ।
ਪ੍ਰੋਗਰਾਮ ਵਿੱਚ ਹਾਜ਼ਰ ਰਹਿਣਗੇ ਇਹ ਆਗੂ
ਉਸ ਤੋਂ ਬਾਅਦ ਮਹਿਲਾ ਮੋਰਚਾ ਵੱਲੋਂ ਆਯੋਜਿਤ ਪ੍ਰੋਗਰਾਮ ਵਿੱਚ ਇਸ ਦਾ ਐਲਾਨ ਕੀਤਾ ਜਾਵੇਗਾ। ਪ੍ਰੋਗਰਾਮ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਸੰਬੋਧਨ ਕਰਨਗੇ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਦਿੱਲੀ ਭਾਜਪਾ ਦੀ ਸਹਿ ਕਨਵੀਨਰ ਅਲਕਾ ਗੁਰਜਰ, ਦਿੱਲੀ ਪ੍ਰਦੇਸ਼ ਭਾਜਪਾ ਪ੍ਰਧਾਨ ਵਰਿੰਦਰ ਸਚਦੇਵਾ, ਮਹਿਲਾ ਮੋਰਚਾ ਦੀ ਕੌਮੀ ਪ੍ਰਧਾਨ ਵਨਾਥੀ ਸ੍ਰੀਨਿਵਾਸਨ, ਸੰਸਦ ਮੈਂਬਰ ਕਮਲਜੀਤ ਸਹਿਰਾਵਤ, ਬੰਸੂਰੀ ਸਵਰਾਜ ਤੇ ਹੋਰ ਭਾਜਪਾ ਆਗੂ ਹਾਜ਼ਰ ਰਹਿਣਗੇ।
ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਭ
ਜਾਣਕਾਰੀ ਮੁਤਾਬਕ ਮਹਿਲਾ ਦਿਵਸ ਦੇ ਪ੍ਰੋਗਰਾਮ ‘ਚ ਮਹਿਲਾ ਸਮਰਿਧੀ ਯੋਜਨਾ ਦੇ ਐਲਾਨ ਦੇ ਨਾਲ ਹੀ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਰਜਿਸਟ੍ਰੇਸ਼ਨ ਲਈ ਇੱਕ ਪੋਰਟਲ ਤਿਆਰ ਕੀਤਾ ਗਿਆ ਹੈ। ਦਿੱਲੀ ਦੇ ਵੋਟਰ, 21 ਸਾਲ ਤੋਂ ਵੱਧ ਉਮਰ ਦੀਆਂ ਅਤੇ 60 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਨੂੰ ਇਸ ਦਾ ਲਾਭ ਮਿਲੇਗਾ। ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ ਜਾਂ ਕਿਸੇ ਹੋਰ ਸਰਕਾਰੀ ਵਿੱਤੀ ਸਕੀਮ ਦਾ ਲਾਭ ਲੈਣ ਵਾਲੀਆਂ ਔਰਤਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ।
URL Copied