Punjab

ਗਿਆਨੀ ਰਘਬੀਰ ਸਿੰਘ ਨੂੰ ਮਤੇ ‘ਚ ਦੱਸਿਆ ਅਯੋਗ ਜਥੇਦਾਰ, ਕਿਹਾ-ਕਮੀਆਂ, ਬੇਨਿਯਮੀਆਂ ਤੇ ਮਰਿਆਦਾ ਦੇ ਉਲੰਘਣ ਦੇ ਮੱਦੇਨਜ਼ਰ ਹਟਾਇਆ

ਅੰਮ੍ਰਿਤਸਰ, 8 ਮਾਰਚ-ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਪਾਸ ਕੀਤੇ ਮਤੇ ਦੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਮਤਾ ਪਾਸ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਸਾਜਿਆ ਮੀਰੀ-ਪੀਰੀ ਦਾ ਮਹਾਨ ਤਖ਼ਤ ਹੈ ਤੇ ਦੁਨੀਆ ਭਰ ’ਚ ਬੈਠੇ ਸਿੱਖ ਇਸ ਸਿਧਾਂਤ ਨੂੰ ਸਮਰਪਿਤ ਤੇ ਨਤਮਸਤਕ ਹਨ ਤੇ ਹਮੇਸ਼ਾ ਰਹਿਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਸਿੱਖ ਗੁਰਦੁਆਰਾ ਐਕਟ 1925 ਤਹਿਤ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਹੈ, ਜਿਸ ਦੀ ਸਥਾਪਨਾ ਤੋਂ ਲੈ ਕੇ ਅੱਜ ਤਕ ਇਹ ਕੋਸ਼ਿਸ਼ ਰਹੀ ਹੈ ਕਿ ਗੁਰੂ ਸਾਹਿਬਾਨ ਦੇ ਆਸ਼ੇ ਮੁਤਾਬਕ ਸਿੱਖ ਸੰਸਥਾਵਾਂ ਦੀ ਸੁਚੱਜੀ ਸੇਵਾ ਸੰਭਾਲ ਕੀਤੀ ਜਾਵੇ। ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਲਈ, ਗੁਰੂ ਇਤਿਹਾਸ ਨੂੰ ਦੁਨੀਆ ਭਰ ’ਚ ਪ੍ਰਚਾਰਣ ਲਈ ਤੇ ਸਮੁੱਚੀ ਮਾਨਵਤਾ ਤੱਕ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਮਹਾਨ ਤਖ਼ਤ ਨੂੰ ਸੀਸ ਝੁਕਾਉਦਿਆਂ ਪੰਥ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਦੇ ਸਨਮੁਖ ਮੌਜੂਦਾ ਪ੍ਰਸਥਿਤੀਆਂ ’ਤੇ ਨਜ਼ਰ ਮਾਰਦਿਆਂ ਇਹ ਇਕ ਪ੍ਰਤੱਖ ਨਜ਼ਰੀਆ ਹੈ ਕਿ ਵਿਸ਼ਵੀਕਰਨ ਦੇ ਇਸ ਦੌਰ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੌਮ ਦਾ ਮਾਰਗਦਰਸ਼ਨ ਕਰਨ ਤੇ ਸੁਯੋਗ ਅਗਵਾਈ ਦੇਣ ’ਚ ਅਸਮਰਥ ਦਿਖਾਈ ਦੇ ਰਹੇ ਹਨ। ਵੱਖ-ਵੱਖ ਸੰਸਥਾਵਾਂ ’ਚ ਵਖਰੇਵੇਂ, ਪਾੜੇ ਤੇ ਵੰਡੀਆਂ ਵੱਧ ਰਹੀਆਂ ਹਨ। ਵਿਸ਼ਵ ਭਰ ’ਚ ਸਿੱਖ ਪਛਾਣ ਖ਼ਤਰੇ ’ਚ ਹੈ। ਦੇਸ਼ ਭਰ ’ਚ ਸਿੱਖ ਸੰਸਥਾਵਾਂ ਦੀ ਹੋਂਦ ਨੂੰ ਖੋਰਾ ਲਾਉਣ ਲਈ ਪੰਥ ਵਿਰੋਧੀ ਸ਼ਕਤੀਆਂ, ਏਜੰਸੀਆਂ ਪੱਬਾਂ ਭਾਰ ਹਨ। ਪਰ ਅਜਿਹੇ ਨਾਜ਼ੁਕ ਸਮੇਂ ਪੰਥਕ ਸ਼ਕਤੀ ਨੂੰ ਮਜ਼ਬੂਤ ਕਰਨ ਦੀ ਬਜਾਏ ਜਥੇਦਾਰ ਸਾਹਿਬ ਅਜਿਹੇ ਹਾਲਾਤ ਪੈਦਾ ਕਰ ਰਹੇ ਹਨ ਜਿਸ ਨਾਲ ਪੰਥਕ ਸ਼ਕਤੀ ਖੇਰੂ-ਖੇਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਵੱਡੇ ਸਤਿਕਾਰਤ ਅਹੁਦੇ ’ਤੇ ਬਿਰਾਜਮਾਨ ਹੁੰਦੇ ਹੋਏ ਆਪਣੇ ਹੱਠ ਭਰੇ ਵਿਹਾਰ ਕਰਕੇ ਤੇ ਆਪਣੇ ਕੀਤੇ ਬਚਨਾਂ ’ਤੇ ਨਾ ਖੜ੍ਹਨ ਕਰਕੇ ਤੇ ਵਾਰ-ਵਾਰ ਬਿਆਨ ਬਦਲ ਕਿ ਉਨ੍ਹਾਂ ਨੇ ਨਾ ਸਿਰਫ਼ ਹਾਸੋਹੀਣੀ ਸਥਿਤੀ ਪੈਦਾ ਕੀਤੀ ਹੈ ਬਲਕਿ ਉਨ੍ਹਾਂ ਉਹਨਾਂ ਦੀ ਇਸ ਕਾਰਜਸ਼ੈਲੀ ਨੇ ਜਥੇਦਾਰ ਦੇ ਵਕਾਰੀ ਅਹੁਦੇ ਦੀ ਮਾਣ ਮਰਿਆਦਾ ਨੂੰ ਵੀ ਭਾਰੀ ਠੇਸ ਪਹੁੰਚਾਈ ਹੈ। ਅੱਜ ਇਹ ਸਮਝਣਾ ਮੁਸ਼ਕਿਲ ਹੋ ਗਿਆ ਹੈ ਕਿ ਉਨ੍ਹਾਂ ਦੇ ਕਿਹੜੇ ਬਿਆਨ ’ਤੇ ਭਰੋਸਾ ਕੀਤਾ ਜਾਵੇ, ਜਦਕਿ ਸਥਿਤੀ ਬੇਹੱਦ ਨਿਰਾਸ਼ਾਜਨਕ ਹੈ। ਰਘੂਜੀਤ ਸਿੰਘ ਨੇ ਕਿਹਾ ਕਿ ਸੰਗਤ ਦੇ ਮਨ ’ਚ ਇਸ ਗੱਲ ਨੂੰ ਲੈ ਕੇ ਵੀ ਭਾਰੀ ਨਿਰਾਸ਼ਾ ਹੈ ਕਿ ਜਥੇਦਾਰ ਸਾਹਿਬ ਵੱਲੋਂ ਦੁਨੀਆ ਭਰ ’ਚ ਮਰਿਆਦਾ ਤੇ ਪੰਥਕ ਘਾਣ ਦੀਆਂ ਵਾਪਰ ਰਹੀਆਂ ਬੇਹੱਦ ਗੰਭੀਰ ਦਰਦਨਾਕ ਘਟਨਾਵਾਂ ਉੱਪਰ ਖਮੋਸ਼ੀ ਧਾਰ ਲੈਣੀ ਤੇ ਬਣਦੇ ਫਰਜ਼ ਅਦਾ ਨਾ ਕਰਨੇ ਵੀ ਜਿੰਮੇਵਾਰੀ ਤੋਂ ਭੱਜਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆਂ ਕਿ ਅੰਤ੍ਰਿੰਗ ਕਮੇਟੀ ਨੇ ਮਹਿਸੂਸ ਕੀਤਾ ਹੈ ਕਿ ਬਹੁਤ ਸਾਰੀਆਂ ਕਮੀਆਂ, ਬੇਨਿਯਮੀਆਂ ਤੇ ਮਰਿਆਦਾ ਦੇ ਉਲੰਘਣ ਦੇ ਮੱਦੇਨਜ਼ਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਸੇਵਾ ਮੁਕਤ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ 10 ਫਰਵਰੀ ਨੂੰ ਹਟਾ ਦਿੱਤਾ ਗਿਆ ਸੀ। ਇਸ ਤਰ੍ਹਾਂ ਇਕ ਮਹੀਨੇ ਦੇ ਅੰਦਰ-ਅੰਦਰ ਤਿੰਨ ਤਖਤਾਂ ਦੇ ਜਥੇਦਾਰਾਂ ਨੂੰ ਹਟਾ ਦਿੱਤਾ ਗਿਆ ਹੈ। ਦਸਣਯੋਗ ਹੈ ਕਿ 16 ਜੂਨ 2023 ਨੂੰ ਗਿਆਨੀ ਰਘਬੀਰ ਸਿੰਘ ਨੂੰ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਸੀ, ਇਸ ਦੇ ਨਾਲ ਦਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੀਆਂ ਸੇਵਾਂਵਾਂ ਵੀ ਸੌਂਪੀਆਂ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਣਨ ਤੋਂ ਪਹਿਲਾਂ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ, ਉਨ੍ਹਾਂ ਦੀ ਥਾਂ ਇਸੇ ਦਿਨ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਲਗਾਇਆ ਸੀ।

Related Articles

Leave a Reply

Your email address will not be published. Required fields are marked *

Back to top button