ਹਾਦਸੇ ਦੌਰਾਨ ਗੰਭੀਰ ਰੂਪ ‘ਚ ਫੱਟੜ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ, ਅਣਪਛਾਤੇ ਵਾਹਨ ਚਾਲਕ ਖਿਲਾਫ ਮੁਕੱਦਮਾ ਦਰਜ

ਲੁਧਿਆਣਾ, 12 ਮਾਰਚ-ਦੋ ਦਿਨ ਪਹਿਲਾਂ ਲਾਡੋਵਾਲ ਨੇੜੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਗੰਭੀਰ ਰੂਪ ਵਿੱਚ ਫੱਟੜ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਮਾਮਲੇ ਵਿੱਚ ਥਾਣਾ ਲਾਡੋਵਾਲ ਦੀ ਪੁਲਿਸ ਨੇ ਪਿੰਡ ਤਲਵੰਡੀ ਕਲਾਂ ਦੇ ਰਹਿਣ ਵਾਲੇ ਧਰਮਿੰਦਰ ਸਿੰਘ ਦੀ ਸ਼ਿਕਾਇਤ ‘ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਧਰਮਿੰਦਰ ਸਿੰਘ ਨੇ ਦੱਸਿਆ ਕਿ 10 ਮਾਰਚ ਨੂੰ ਉਹ ਆਪਣੇ ਭਰਾ ਬਲਜੀਤ ਸਿੰਘ ਅਤੇ ਰਵਿੰਦਰ ਪਾਲ ਸਿੰਘ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਿਸੇ ਕੰਮ ਲਈ ਬਾਲ ਗੋਪਾਲ ਗਊਸ਼ਾਲਾ ਜਾ ਰਿਹਾ ਸੀ । ਜਿਵੇਂ ਹੀ ਤਿੰਨੋ ਭਰਾ ਗਊਸ਼ਾਲਾ ਸਾਹਮਣੇ ਰੁਕੇ ਤਾਂ ਸੜਕ ਪਾਰ ਕਰਕੇ ਬਲਜੀਤ ਸਿੰਘ ਗਊਸ਼ਾਲਾ ਦੇ ਗੋਦਾਮ ਵੱਲ ਚੱਲ ਪਿਆ । ਇਸੇ ਦੌਰਾਨ ਲਾਡੋਵਾਲ ਵਾਲੇ ਪਾਸਿਓਂ ਆ ਰਹੀ ਇੱਕ ਤੇਜ਼ ਰਫਤਾਰ ਕਾਰ ਨੇ ਬਲਜੀਤ ਸਿੰਘ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ । ਹਾਦਸੇ ਮਗਰੋਂ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਗੰਭੀਰ ਰੂਪ ਵਿੱਚ ਜ਼ਖਮੀ ਹੋਏ ਬਲਜੀਤ ਸਿੰਘ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ । ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏਐਸਆਈ ਦਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।



