‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਖੁੰਦਰ ਉਤਾੜ ਅਤੇ ਰਾਉ ਕੇ ਹਿਠਾੜ ਵਿਖੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ
ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਕੀਤਾ ਪ੍ਰੇਰਿਤ

ਫ਼ਿਰੋਜ਼ਪੁਰ, 28 ਮਾਰਚ (ਜਸਵਿੰਦਰ ਸਿੰਘ ਸੰਧੂ)– ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈ.ਏ.ਐੱਸ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ: ਸਤਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਖੁੰਦਰ ਉਤਾੜ ਅਤੇ ਰਾਉ ਕੇ ਹਿਠਾੜ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸਮਾਗਮ ਆਯੋਜਿਤ ਕੀਤੇ ਗਏ। ਇਸ ਦੌਰਾਨ ਸਕੂਲ ਮੁਖੀਆਂ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਸ਼ੇ ਦੀ ਕਦੀ ਵੀ ਵਰਤੋਂ ਨਾ ਕਰਨ ਦਾ ਪ੍ਰਣ ਵੀ ਕਰਵਾਇਆ ਗਿਆ। ਇਸ ਮੌਕੇ ਗੁਰਮੀਤ ਸਿੰਘ ਹੈੱਡ ਮਾਸਟਰ ਅਤੇ ਸਕੂਲ ਮੁਖੀ ਅਮਿਤ ਕਟਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵੱਖ-ਵੱਖ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਇਨ੍ਹਾਂ ਯਤਨਾਂ ਤਹਿਤ ਅੱਜ ਇਨ੍ਹਾਂ ਸਕੂਲਾਂ ਵਿਚ ਬੱਚਿਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਪੋਸਟਰ ਮੇਕਿੰਗ ਮੁਕਾਬਲੇ, ਭਾਸ਼ਨ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ: ਸਤਿੰਦਰ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਇਸ ਸਮੱਸਿਆ ਦੇ ਖਾਤਮੇ ਲਈ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਜ਼ਿਲੇ੍ਹ ਦੇ ਸਕੂਲਾਂ ਵਿਚ ਲਗਾਤਾਰ ਜਾਗਰੂਕਤਾ ਸਭਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਨਸ਼ੇ ਖ਼ਿਲਾਫ਼ ਵੱਖ-ਵੱਖ ਮੁਕਾਬਲੇ/ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ।



