Punjab
ਮਹਿਲਾ ਕਮਿਸ਼ਨ ਨੇ ਪਟਿਆਲਾ ’ਚ ਨਾਬਾਲਗ ਨਾਲ ਹੋਏ ਅਪਰਾਧ ਦੀ ਮੰਗੀ ਰਿਪੋਰਟ, ਵਿਦਿਆਰਥੀਆਂ ਦੀ ਆਵਾਜਾਈ ਲਈ ਵਰਤੇ ਜਾਣ ਵਾਲੇ ਵਾਹਨਾਂ ਦੀ ਜਾਂਚ ਦੇ ਦਿੱਤੇ ਆਦੇਸ਼

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 2 ਅਪਰੈਲ- ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪਟਿਆਲਾ ’ਚ 12 ਸਾਲਾ ਲੜਕੀ ਨਾਲ ਹੋਏ ਘਿਨੌਣੇ ਅਪਰਾਧ ਦੀ ਨਿੰਦਾ ਕਰਦੇ ਹੋਏ ਸਬੰਧਤ ਅਧਿਕਾਰੀਆਂ ਤੋਂ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਹੈ। ਚੇਅਰਪਰਸਨ ਨੇ ਕਿਹਾ, ‘ਇਹ ਬੱਚਿਆਂ ਦੇ ਅਧਿਕਾਰਾਂ ਦੀ ਘੋਰ ਉਲੰਘਣਾ ਹੈ ਅਤੇ ਘਿਨੌਣਾ ਅਪਰਾਧ ਹੈ ਜਿਸ ਨੂੰ ਸਾਡੇ ਸਮਾਜ ਵਿਚ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।’ ਕਮਿਸ਼ਨ ਨੇ ਵਿਦਿਆਰਥੀਆਂ ਦੀ ਆਵਾਜਾਈ ਲਈ ਵਰਤੇ ਜਾਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੇ ਵਾਹਨ ਐਮਰਜੈਂਸੀ ਕਿੱਟਾਂ, ਜੀਪੀਐੱਸ ਟਰੈਕਿੰਗ ਸਿਸਟਮ, ਸਪੀਡ ਮਾਨੀਟਰ, ਅੱਗ ਬੁਝਾਉਣ ਵਾਲੇ ਯੰਤਰ ਅਤੇ ਐਮਰਜੈਂਸੀ ਨਿਕਾਸੀ ਨਾਲ ਲੈਸ ਹੋਣੇ ਜ਼ਰੂਰੀ ਹਨ। ਇਸ ਤੋਂ ਇਲਾਵਾ ਇਹਨਾਂ ਵਾਹਨਾਂ ਨੂੰ ਚਲਾਉਣ ਵਾਲੇ ਸਾਰੇ ਡਰਾਈਵਰਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਤਸਦੀਕ ਲਾਜ਼ਮੀ ਹੈ।



