ਲਿੰਕ ਸੜਕਾਂ ਦੀ ਮੁਰੰਮਤ ਦੀ ਮੁੱਖ ਮੰਤਰੀ ਨੇ ਦਿੱਤੀ ਪ੍ਰਵਾਨਗੀ, 4000 ਕਰੋੜ ਰੁਪਏ ਨਾਲ 20 ਹਜ਼ਾਰ ਕਿਲੋਮੀਟਰ ਸੜਕਾਂ ਹੋਣਗੀਆਂ ਅਪਗ੍ਰੇਡ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 10 ਅਪਰੈਲ-ਮੁੱਖ ਮੰਤਰੀ ਭਗਵੰਤ ਮਾਨ ਨੇ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ। ਜਿਸ ਤਹਿਤ ਚਾਰ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ 20 ਹਜ਼ਾਰ ਕਿਲੋਮੀਟਰ ਲਿੰਕ ਸੜਕਾਂ ਅਪਗ੍ਰੇਡ ਕੀਤੀਆਂ ਜਾਣਗੀਆਂ। ਬੁੱਧਵਾਰ ਨੂੰ ਆਪਣੀ ਰਿਹਾਇਸ਼ ’ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਖ਼ਾਸ ਕਰਕੇ ਪੇਂਡੂ ਵਸੋਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਕਿਉਂਕਿ ਸ਼ਹਿਰ ਆਉਣ-ਜਾਣ ਤੇ ਵਸਤਾਂ ਦੀ ਢੋਆ-ਢੁਆਈ ਲਈ ਲਿੰਕ ਸੜਕਾਂ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ। ਮਾਨ ਨੇ ਇਨ੍ਹਾਂ ਲਿੰਕ ਸੜਕਾਂ ਦੇ ਨਿਰਮਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ’ਚੋਂ ਬਹੁਤੀਆਂ ਸੜਕਾਂ ਦੀ ਪਿਛਲੇ ਛੇ ਸਾਲਾਂ ਤੋਂ ਵੱਧ ਸਮੇਂ ਤੋਂ ਰਿਪੇਅਰ ਹੀ ਨਹੀਂ ਹੋਈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਮੌਕੇ ਸਭ ਤੋਂ ਵੱਧ ਤਰਜੀਹ ਵਾਲੀਆਂ ਸੜਕਾਂ, ਪਹਿਲ ਦੇ ਆਧਾਰ ’ਤੇ ਤੇ ਲੋੜ ਅਧਾਰਿਤ ਸੜਕਾਂ ਦੀ ਤਰਤੀਬ ਬਣਾਈ ਜਾਵੇ ਤਾਂ ਕਿ ਲੋਕ ਇਸ ਦਾ ਲਾਭ ਲੈ ਸਕਣ। ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦਾ ਨਿਰਮਾਣ ਲੋੜ ਤੇ ਤਰਜੀਹ ਅਧਾਰਤ ਕਰਨ ਲਈ ਜ਼ਮੀਨੀ ਸਰਵੇਖਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਸ ਗੱਲ ਨੂੰ ਹਰ ਹਾਲ ’ਚ ਯਕੀਨੀ ਬਣਾਉਣ ਲਈ ਆਖਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਇਕ-ਇਕ ਪੈਸੇ ਨੂੰ ਤਰਕਸੰਗਤ ਢੰਗ ਨਾਲ ਵਰਤਿਆ ਜਾਵੇ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਕਰਨ ਵਾਲੇ ਠੇਕੇਦਾਰ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦਾ ਰੱਖ-ਰਖਾਅ ਵੀ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿਚ ਸੜਕਾਂ ਨੂੰ ਚੌੜਾ ਕਰਨ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਦਾ ਮੁਹਾਂਦਰ ਬਦਲਣ ਦਾ ਫ਼ੈਸਲਾ ਕੀਤਾ ਹੈ। ਮਾਨ ਨੇ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਨੂੰ ਸਮੁੱਚੇ ਕਾਰਜ ਦੇ ਮਿਆਰ ਨੂੰ ਕਾਇਮ ਰੱਖਣ ਦੇ ਨਾਲ-ਨਾਲ ਇਸ ਪ੍ਰਾਜੈਕਟ ਦਾ ਇਕ-ਇਕ ਪੈਸਾ ਸੁਚੱਜੇ ਢੰਗ ਨਾਲ ਵਰਤਣ ਨੂੰ ਯਕੀਨੀ ਬਣਾਉਣ ਲਈ ਆਖਿਆ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ ਪੇਂਡੂ ਸੜਕਾਂ ਦੇ ਲੋੜ ਅਧਾਰਿਤ ਨਿਰਮਾਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਵਸੀਲਿਆਂ ਦੀ ਢੁਕਵੀਂ ਵਰਤੋਂ ਹੋਵੇਗੀ ਤੇ ਪੇਂਡੂ ਸੜਕਾਂ ’ਤੇ ਗੁਣਵੱਤਾ ਭਰਪੂਰ ਕਾਰਜ ਨੂੰ ਯਕੀਨੀ ਬਣਾਇਆ ਜਾ ਸਕੇਗਾ। ਮਾਨ ਨੇ ਕਿਹਾ ਕਿ ਇਸ ਤਕਨੀਕ ਨਾਲ ਨਿਰਮਾਣ ਕਾਰਜ ’ਚ ਵੱਡਾ ਬਦਲਾਅ ਆਵੇਗਾ ਜਿਸ ਨਾਲ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਤੀਜੀ ਧਿਰ ਦੀ ਪੜਤਾਲ ਦੀ ਸੰਭਾਵਨਾ ਤਲਾਸ਼ੀ ਜਾਣੀ ਚਾਹੀਦੀ ਹੈ।ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੁੱਖ ਸਕੱਤਰ ਕੇਏਪੀ ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।



