ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਤਹਿਤ ਕੀਤਾ ਜਾ ਰਿਹਾ ਪੰਜਾਬ ਦਾ ਵਿਕਾਸ: ਫੌਜਾ ਸਿੰਘ ਸਰਾਰੀ

ਬਾਲ ਕਿਸ਼ਨ
ਫ਼ਿਰੋਜ਼ਪੁਰ/ਗੁਰੂਹਰਸਹਾਏ, 16 ਅਪ੍ਰੈਲ- ਹਲਕਾ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ 2022 ਵਿੱਚ ਚੋਣਾਂ ਤੋਂ ਪਹਿਲਾਂ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਤਹਿਤ ਕੰਮ ਕਰਨ ਦੇ ਆਧਾਰ ਤੇ ਲੋਕਾਂ ਦੇ ਘਰ-ਘਰ ਤੱਕ ਪਹੁੰਚੀ ਸੀ ਅਤੇ ਪੰਜਾਬ ਵਾਸੀਆਂ ਨੇ ਵੱਡੀ ਜਿੱਤ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਾਈ ਸੀ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਏਨਾ ਮਹਾਨ ਸ਼ਖਸੀਅਤਾਂ ਦੀ ਵਿਚਾਰਧਾਰਾ ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਸਿੱਖਿਆ, ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਅਤੇ ਨਸ਼ੇ ਨੂੰ ਖ਼ਤਮ ਕਰਨਾ ਸੀ। ਉਨ੍ਹਾਂ ਕਿਹਾ ਪਿਛਲੀ ਕਾਂਗਰਸ ਦੀ ਸਰਕਾਰ ਸਮੇਂ ਆਮ ਆਦਮੀ ਪਾਰਟੀ ਨੇ ਇੱਕ ਗੱਲ ਨੋਟਿਸ ਕੀਤੀ ਸੀ ਕਿ ਹਾਈਕੋਰਟ ਵਿੱਚ ਸਰਕਾਰੀ ਵਕੀਲਾਂ ਦੀਆਂ ਪੋਸਟਾਂ ਤੇ ਅਨੁਸੂਚਿਤ ਜਾਤੀਆਂ ਲਈ ਕੋਈ ਰਾਖਵਾਂਕਰਨ ਨਹੀਂ ਸੀ। ਉਨ੍ਹਾਂ ਕਿਹਾ ਕਿ ਏ.ਜੀ. ਦਫ਼ਤਰ ਵਿੱਚ ਐਸ.ਸੀ. ਭਾਈਚਾਰੇ ਲਈ ਕੋਈ ਰਾਖਵਾਂਕਰਨ ਨਹੀਂ ਸੀ ਅਤੇ ਸਾਡੀ ਪਾਰਟੀ ਨੇ ਕਿਹਾ ਸੀ ਕਿ ਐਸ.ਸੀ. ਭਾਈਚਾਰੇ ਨੂੰ ਇਸ ਸਬੰਧੀ ਰਾਖਵਾਂਕਰਨ ਦਿੱਤਾ ਜਾਵੇਗਾ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰ ਕੇ ਵਿਖਾਇਆ ਹੈ।ਉਨ੍ਹਾਂ ਕਿਹਾ ਕਿ ਏ.ਜੀ. ਦਫ਼ਤਰ ਵਿੱਚ ਵਕੀਲਾਂ ਦੀਆਂ ਪੋਸਟਾਂ ਲਈ ਰਾਖਵਾਂਕਰਨ ਦਿੱਤਾ ਗਿਆ ਹੈ ਜੋ ਵਕੀਲਾਂ ਦੀਆਂ ਪੋਸਟਾਂ ਵਾਸਤੇ ਬਹੁਤ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਹੁਣ ਐਸ.ਸੀ. ਭਾਈਚਾਰੇ ਨਾਲ ਸਬੰਧਤ ਵਕੀਲ ਸਾਹਿਬਾਨ ਨਿਆਂ ਪ੍ਰਣਾਲੀ ਦੇ ਵਿੱਚ ਸੇਵਾਵਾਂ ਕਰਨਗੇ ਅਤੇ ਉਨ੍ਹਾਂ ਦਾ ਹਾਈਕੋਰਟ ਵਿੱਚ ਜਾਣ ਦਾ ਰਾਹ ਵੀ ਪੱਧਰਾ ਹੋਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਇਸ ਵਿਸ਼ੇਸ਼ ਕੰਮ ਲਈ ਧੰਨਵਾਦ ਕੀਤਾ।



