ਪਿਛਲੇ ਸਾਲ ਨਾਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਦੁਗਣੀ : ਡਿਪਟੀ ਕਮਿਸ਼ਨਰ
ਕਣਕ ਦੀ ਵਧੀ ਆਮਦ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਲਿਫਟਿੰਗ ਵਿਚ ਤੇਜੀ ਲਿਆਂਦੀ ਜਾਵੇ

ਬਾਲ ਕਿਸ਼ਨ
ਫਿਰੋਜ਼ਪੁਰ 24 ਅਪ੍ਰੈਲ : ਜ਼ਿਲ੍ਹੇ ਵਿਚ ਕਣਕ ਦੇ ਖਰੀਦ ਸੀਜਨ ਦੇ ਮੱਦੇਨਜ਼ਰ ਖਰੀਦ ਪ੍ਰਬੰਧਾਂ, ਲਿਫਟਿੰਗ ਆਦਿ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਅੱਜ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੱਛਲੇ ਸਾਲ ਦੇ ਮੁਕਾਬਲੇ ਇਸ ਵਾਰ ਹੁਣ ਤੱਕ ਕਣਕ ਦੀ ਆਮਦ ਦੁਗਣੀ ਹੋਣ ਕਾਰਨ ਜ਼ਿਲ੍ਹੇ ਵਿੱਚ ਲਿਫਟਿੰਗ ਦੀ ਕੁੱਝ ਸਮੱਸਿਆ ਦੇਖਣ ਵਿਚ ਆਈ ਹੈ, ਇਸ ਦੇ ਬਾਵਜੂਦ ਜ਼ਿਲ੍ਹੇ ਵਿਚ ਲਿਫਟਿੰਗ ਦਾ ਕੰਮ ਤਸਲੀਬਖਸ਼ ਚੱਲ ਰਿਹਾ ਹੈ। ਉਨ੍ਹਾਂ ਵੱਲੋਂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਦੇ ਮੱਦੇਨਜ਼ਰ ਲਿਫਟਿੰਗ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5,65,929 ਮੀਟਰਕ ਟਨ ਕਣਕ ਦੀ ਆਮਦ ਹੋਈ ਜਿਸ ਵਿੱਚੋਂ 5,12,068 ਲੱਖ ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 1,43,217 ਮੀਟਰਕ ਟਨ, ਮਾਰਕਫੈੱਡ ਵਲੋਂ 1,30,563 ਮੀਟਰਕ ਟਨ, ਪਨਸਪ ਵੱਲੋਂ 1,27,615 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 1,04,983 ਮੀਟਰਕ ਟਨ ਅਤੇ ਪ੍ਰਈਵੇਟ ਵਪਾਰੀਆਂ ਵੱਲੋਂ 5,690 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦੀ ਗਈ ਕਣਕ ਦੀ ਕਿਸਾਨਾਂ ਨੂੰ 1056.27 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਤੌਰ ‘ਤੇ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਇਸ ਮੌਕੇ ਜ਼ਿਲ੍ਹਾ ਮੰਡੀ ਜਸਮੀਤ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਕਣਕ ਦੀ ਖਰੀਦ ਨਿਰਵਿਘਣ ਜਾਰੀ ਹੈ ਅਤੇ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਖਰੀਦ ਸਬੰਧੀ ਸਾਰੇ ਪ੍ਰਬੰਧ ਤਸਲੀਬੱਖਸ਼ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ, ਆੜਤੀਏ ਜਾਂ ਮਜ਼ਦੂਰ ਨੂੰ ਮੰਡੀ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਮੀਟਿੰਗ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ, ਡੀਐਮ ਮਾਰਕਫੈਡ ਮਨਪ੍ਰੀਤ ਕੌਰ, ਡੀਐਮ ਪਨਸਪ ਰਮਨ ਗੋਇਲ, ਡੀਐਮ ਵੇਅਰਹਾਊਸ ਮਨੀਸ਼ ਧਿਮਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।



