Punjab

ਨਸ਼ੇ ਸਮੇਤ ਫੜੀ ਗਈ ਇੰਸਟਾ ਕੁਈਨ ਦਾ ਸਾਥੀ ਸੋਨੂੰ ਜ਼ੁਡੀਸ਼ੀਅਲ ਹਿਰਾਸਤ ’ਚ ਭੇਜਿਆ ਜੇਲ੍ਹ , 21 ਅਪ੍ਰੈਲ ਨੂੰ ਮੋਹਾਲੀ ਤੋਂ ਕੀਤਾ ਗਿਆ ਸੀ ਗ੍ਰਿਫ਼ਤਾਰ

ਬਠਿੰਡਾ, 26 ਅਪ੍ਰੈਲ-2 ਅਪ੍ਰੈਲ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੀ ਗਈ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇ ਸਾਥੀ ਬਲਵਿੰਦਰ ਸਿੰਘ ਸੋਨੂੰ ਨੂੰ ਪੁਲਿਸ ਨੇ ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਸੋਨੂ ਨੂੰ 14 ਦਿਨ ਲਈ ਜੁਡੀਸ਼ੀਅਲ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਇਨ੍ਹਾਂ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਵਿੱਚ ਪੰਜਾਬ ਪੁਲਿਸ ਤੋਂ ਇਲਾਵਾ ਨਾਰਕੋਟਿਕ ਕੰਟਰੋਲ ਬਿਊਰੋ ਅਤੇ ਆਈਬੀ ਵੱਲੋਂ ਵੀ ਨਸ਼ਿਆਂ ਦੇ ਇਸ ਮਾਮਲੇ ਵਿੱਚ ਸੋਨੂੰ ਕੋਲੋਂ ਡੂੰਘਾਈ ਨਾਲ ਪੁਛਗਿੱਛ ਕੀਤੀ ਗਈ। ਮਹਿਲਾ ਕਾਂਸਟੇਬਲ ਦੇ ਨਜ਼ਦੀਕੀ ਸਾਥੀ ਕੋਲੋਂ ਪੁਲਿਸ ਨੂੰ ਕੀ ਕੁਝ ਜਾਣਕਾਰੀ ਮਿਲੀ ਹੈ, ਇਸ ਬਾਬਤ ਕੋਈ ਵੀ ਦੱਸਣ ਲਈ ਤਿਆਰ ਨਹੀਂ। ਇਸ ਦੌਰਾਨ ਪੁਲਿਸ ਨੇ ਸੋਨੂੰ ਦੇ ਜੱਦੀ ਘਰ ਸਿਰਸਾ ਵਿਖੇ ਵੀ ਛਾਪੇਮਾਰੀ ਕੀਤੀ ਪਰ ਉਥੋਂ ਪੁਲਿਸ ਨੂੰ ਕੋਈ ਵੀ ਇਤਰਾਜਯੋਗ ਵਸਤੂ ਨਹੀਂ ਮਿਲੀ। ਭਰੋਸੇਯੋਗ ਸੂਤਰਾਂ ਅਨੁਸਾਰ ਅੱਜ ਅਦਾਲਤ ਵਿੱਚ ਸੋਨੂੰ ਨੂੰ ਪੇਸ਼ ਕਰਨ ਸਮੇਂ ਪੁਲਿਸ ਨੇ ਉਸ ਦਾ ਪੁਲਿਸ ਰਿਮਾਂਡ ਨਹੀਂ ਮੰਗਿਆ, ਜਿਸ ਤੋਂ ਬਾਅਦ ਅਦਾਲਤ ਨੇ ਉਸਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਸ ਦੀ ਸਾਥੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹੈ। ਭਾਵੇਂ ਇਹ ਮਾਮਲਾ ਉਸ ਵੇਲੇ ਜਿਆਦਾ ਚਰਚਾ ਦਾ ਵਿਸ਼ਾ ਬਣ ਗਿਆ ਸੀ ਜਦੋਂ ਮਹਿਲਾ ਪੁਲਿਸ ਕਾਂਸਟੇਬਲ ਦੇ ਕਈ ਉੱਚ ਪੁਲਿਸ ਅਧਿਕਾਰੀਆਂ ਨਾਲ ਨੇੜਲੇ ਸਬੰਧਾਂ ਦਾ ਖੁਲਾਸਾ ਹੋਇਆ ਸੀ। ਲੋਕਾਂ ਨੂੰ ਉਮੀਦ ਸੀ ਕਿ ਇਸ ਮਾਮਲੇ ਵਿੱਚ ਕਈ ਅਧਿਕਾਰੀ ਤੇ ਹੋਰ ਲੋਕ ਆਉਣਗੇ, ਪਰ ਹੁਣ ਪੁਲਿਸ ਦੀ ਜਾਂਚ ਉੱਪਰ ਵੀ ਸ਼ੰਕੇ ਪੈਦਾ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਬਠਿੰਡਾ ਪੁਲਿਸ ਨੇ ਬਾਦਲ ਰੋਡ ਤੋਂ 17.71 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਸੀ। 4 ਅਪ੍ਰੈਲ ਤੋਂ ਫਰਾਰ ਚੱਲ ਰਹੇ ਮੁਲਜ਼ਮ ਨੂੰ ਸੀਆਈਏ ਸਟਾਫ ਦੀ ਪੁਲਿਸ ਨੇ ਉਸਨੂੰ 21 ਅਪ੍ਰੈਲ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਵਿਰੁੱਧ ਥਾਣਾ ਕੈਨਾਲ ਕਲੋਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਅਤੇ ਥਾਣਾ ਸਿਵਲ ਲਾਈਨਜ਼ ਵਿੱਚ ਅਦਾਲਤ ਦੇ ਅਹਾਤੇ ਦੇ ਅੰਦਰ ਇੱਕ ਔਰਤ ‘ਤੇ ਹਮਲਾ ਕਰਨ ਦੇ ਦੋਸ਼ ਵਿੱਚ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਸਨ।

Related Articles

Leave a Reply

Your email address will not be published. Required fields are marked *

Back to top button