
ਨੰਗਲ, 1 ਮਈ-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਲਏ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਲੰਘੀ ਰਾਤ ਭਾਖੜਾ ਡੈਮ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਨੂੰ ਟਰਾਂਸਫ਼ਰ ਕਰ ਦਿੱਤਾ ਹੈ ਅਤੇ ਉਸ ਦੀ ਥਾਂ ’ਤੇ ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਲਗਾ ਦਿੱਤਾ ਹੈ ਤਾਂ ਜੋ ਵਾਧੂ ਪਾਣੀ ਛੱਡਣ ਦੇ ਰਸਤੇ ਵਿੱਚ ਕੋਈ ਰੁਕਾਵਟ ਨਾ ਆਵੇ। ਚੇਤੇ ਰਹੇ ਕਿ ਆਕਾਸ਼ਦੀਪ ਸਿੰਘ ਪੰਜਾਬ ਦੇ ਇਨਡੈਂਟ ਦੇ ਅਧਾਰ ’ਤੇ ਹੀ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਅੜ ਗਿਆ ਸੀ। ਸੰਜੀਵ ਕੁਮਾਰ ਇਸ ਤੋਂ ਪਹਿਲਾਂ ਡਾਇਰੈਕਟਰ (ਡੈਮ ਸੇਫ਼ਟੀ) ਵਜੋਂ ਤਾਇਨਾਤ ਸੀ। ਸੰਜੀਵ ਕੁਮਾਰ ਦੀ ਥਾਂ ’ਤੇ ਹੁਣ ਪੰਜਾਬ ਦੇ ਆਕਾਸ਼ਦੀਪ ਸਿੰਘ ਨੂੰ ਲਗਾ ਦਿੱਤਾ ਹੈ। ਬੀਬੀਐੱਮਬੀ ਨੇ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਆਕਾਸ਼ਦੀਪ ਸਿੰਘ ਦੀ ਬੇਨਤੀ ’ਤੇ ਹੀ ਇਹ ਤਬਾਦਲਾ ਕੀਤਾ ਗਿਆ ਹੈ ਜਦੋਂ ਕਿ ਆਕਾਸ਼ਦੀਪ ਸਿੰਘ ਨੇ ਲੰਘੀ ਰਾਤ ਕਰੀਬ ਪੌਣੇ ਬਾਰਾਂ ਵਜੇ ਬੀਬੀਐੱਮਬੀ ਨੂੰ ਈਮੇਲ ਜ਼ਰੀਏ ਕਿਹਾ ਹੈ ਕਿ ਉਸ ਨੇ ਤਾਂ ਅਜਿਹੀ ਕੋਈ ਬੇਨਤੀ ਕੀਤੀ ਹੀ ਨਹੀਂ ਹੈ। ਅੱਜ ਪੰਜਾਬ ਦੇ ਮੁੱਖ ਇੰਜੀਨੀਅਰ ਨੇ ਬੀਬੀਐਮਬੀ ਨੂੰ ਪੱਤਰ ਲਿਖਿਆ ਹੈ ਕਿ ਨਵੇਂ ਤਾਇਨਾਤ ਕੀਤੇ ਸੰਜੀਵ ਕੁਮਾਰ ਕੋਲ ਡੈਮ ਸੇਫ਼ਟੀ ਦਾ ਹੀ ਤਜਰਬਾ ਹੈ ਜਦੋਂ ਕਿ ਉਸ ਕੋਲ ਵਾਟਰ ਰੈਗੂਲੇਸ਼ਨ ਦਾ ਕੋਈ ਤਜਰਬਾ ਨਹੀਂ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਹ ਤਬਾਦਲਾ ਫ਼ੌਰੀ ਰੱਦ ਕੀਤਾ ਜਾਵੇ।



