
ਬਟਾਲਾ,4 ਮਈ-ਪੁਲਿਸ ਨੇ ਬਟਾਲਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਗੋਲੀਬਾਰੀ ਕਰਨ ਵਾਲੇ ਹਮਲਾਵਰਾਂ ਵਿੱਚੋਂ ਪੰਜ ਅਪਰਾਧੀਆਂ ਨੂੰ ਢਾਈ ਘੰਟੇ ਦੀ ਮਸ਼ੱਕਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਇੱਕ ਬੰਦ ਘਰ ’ਚ ਲੁਕੇ ਹੋਏ ਸਨ। ਪੁਲਿਸ ਮੁਲਾਜ਼ਮਾਂ ਨੇ ਲੋਕਾਂ ਦੀਆਂ ਛੱਤਾਂ ਤੋਂ ਪੌੜੀਆਂ ਲਗਾ ਕੇ ਬਦਮਾਸ਼ਾਂ ਨੂੰ ਕਾਬੂ ਕੀਤਾ। ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਟਾਲਾ ਦੇ ਨਹਿਰੂ ਗੇਟ ਨੇੜੇ ਠਠਿਆਰਾਂ ਮੁਹੱਲੇ ਦੇ ਇੱਕ ਘਰ ਵਿੱਚ ਕੁਝ ਅਪਰਾਧੀ ਲੁਕੇ ਹੋਏ ਹਨ, ਜਿਸ ’ਤੇ ਸੀਆਈਏ ਸਟਾਫ ਅਤੇ ਸਿਟੀ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਬੰਦ ਘਰ ਨੂੰ ਘੇਰਾ ਪਾ ਲਿਆ ਤਾਂ ਜੋ ਅਪਰਾਧੀ ਕਿਧਰੇ ਵੀ ਭੱਜ ਨਾ ਸਕਣ। ਡੀਐਸਪੀ ਸਿਟੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਅਪਰਾਧੀਆਂ ਨੇ ਕੁਝ ਸਮਾਂ ਪਹਿਲਾਂ ਬਟਾਲਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ, ਜਿਸ ਲਈ ਪੁਲਿਸ ਅਪਰਾਧੀਆਂ ਦੀ ਲਗਾਤਾਰ ਭਾਲ ਕਰ ਰਹੀ ਸੀ। ਜਿਸ ’ਤੇ ਪੁਲਿਸ ਨੇ ਸ਼ਨੀਵਾਰ ਦੇਰ ਸ਼ਾਮ ਉਕਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਉਹਨਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਤੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ । ਇਸ ਦੌਰਾਨ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸੁਖਰਾਜ ਸਿੰਘ ਨੇ ਕਿਹਾ ਕਿ ਬਟਾਲਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਗੋਲੀਬਾਰੀ ਕਰਨ ਵਾਲੇ ਹਮਲਾਵਰਾਂ ਨੂੰ ਫੜਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਸ਼ਨੀਵਾਰ ਨੂੰ ਸੂਚਨਾ ਮਿਲਣ ’ਤੇ ਜਦੋਂ ਪੁਲਿਸ ਫੋਰਸ ਨੇ ਠਠਿਆਰਾਂ ਮੁਹੱਲਾ ਦੇ ਇੱਕ ਘਰ ’ਤੇ ਛਾਪਾ ਮਾਰਿਆ ਤਾਂ ਪੁਲਿਸ ਨੂੰ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਹਰ ਸੰਭਵ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਪਰਾਧੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਵੀ ਭਾਰੀ ਮਾਤਰਾ ’ਚ ਹੈਰੋਇਨ, ਨਕਦੀ ਅਤੇ ਅਸਲਾ ਕੀਤਾ ਬਰਾਮਦ, ਮੁਲਜਮ ਫਰਾਰ ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਸ਼ਨਿਚਰਵਾਰ ਸ਼ਾਮ ਨੂੰ ਬਟਾਲਾ ਦੇ ਨਜ਼ਦੀਕੀ ਪਿੰਡ ਸੰਗਰਾਵਾਂ ਤੋਂ ਇੱਕ ਮੁਲਜਮ ਨੂੰ ਗ੍ਰਿਫਤਾਰ ਕਰਨ ਸਮੇਂ ਉਸ ਪਾਸੋਂ ਨਾਜਾਇਜ਼ ਅਸਲਾ, ਭਾਰੀ ਮਾਤਰਾ ’ਚ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਹਾਲਾਂਕਿ ਮੁਲਜ਼ਮ ਪੁਲਿਸ ਤੋਂ ਦੀ ਗ੍ਰਿਫਤ ਤੋਂ ਬਾਹਰ ਹੈ। ਜਾਣਕਾਰੀ ਅਨੁਸਾਰ ਥਾਣਾ ਰੰਗੜ ਨੰਗਲ ਦੀ ਪੁਲਿਸ ਵੱਲੋਂ ਵੱਡੀ ਪ੍ਰਾਪਤੀ ਕੀਤੀ ਗਈ ਹੈ ਹਾਲਾਂਕਿ ਬਟਾਲਾ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਇਸ ਸਬੰਧੀ ਕੋਈ ਵੀ ਖੁਲਾਸਾ ਨਹੀਂ ਕੀਤਾ ਹੈ ਅਤੇ ਆਉਣ ਵਾਲੇ ਸਮੇਂ ’ਚ ਅਹਿਮ ਖੁਲਾਸਾ ਹੋਣ ਦੀ ਉਮੀਦ ਹੈ। ਥਾਣਾ ਰੰਗੜ ਨੰਗਲ ਦੇ ਐਸਐਚਓ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਇਸ ਸਬੰਧੀ ਉੱਚ ਅਧਿਕਾਰੀ ਹੀ ਖੁਲਾਸਾ ਕਰਨਗੇ।



