
ਲੁਧਿਆਣਾ,8 ਮਈ- ਤਸਕਰੀ ਦੇ ਮਾਮਲੇ ਵਿੱਚ 1 ਕਿੱਲੋ ਹੈਰੋਇਨ ਸਮੇਤ ਕਾਬੂ ਕੀਤੇ ਗਏ ਮੁਲਜ਼ਮ ਪ੍ਰਦੀਪ ਕੁਮਾਰ ਕੋਲੋਂ ਜਦ ਪੁੱਛਗਿੱਛ ਕੀਤੀ ਗਈ ਤਾਂ ਸਾਹਮਣੇ ਆਇਆ ਆ ਕਿ ਉਹ ਹੈਰੋਇਨ ਸ਼ੇਰਪੁਰ ਦੇ ਰਹਿਣ ਵਾਲੇ ਰਾਜੂ ਕੁਮਾਰ ਉਰਫ ਰਾਜ ਕੁਮਾਰ ਉਰਫ ਰਾਜੂ ਕੋਲੋਂ ਲੈ ਕੇ ਆਇਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਰਾਜੂ ਨੂੰ ਨਾਮਜਦ ਕਰਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਏਡੀਸੀਪੀ ਅਮਨਦੀਪ ਸਿੰਘ ਬਰਾੜ ਅਤੇ ਕ੍ਰਾਈਮ ਬਰਾਂਚ ਦੇ ਇੰਚਾਰਜ ਬੇਅੰਤ ਜੁਨੇਜਾ ਨੇ ਦੱਸਿਆ ਕਿ ਬੀਤੇ ਦਿਨੀਂ ਕ੍ਰਾਈਮ ਬਰਾਂਚ ਦੀ ਟੀਮ ਨੇ ਮੋਤੀ ਨਗਰ ਦੇ ਗਲਾਡਾ ਗਰਾਊਂਡ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਮੁਹੱਲਾ ਨਿਊ ਮੋਤੀ ਨਗਰ ਦੇ ਰਹਿਣ ਵਾਲੇ ਪ੍ਰਦੀਪ ਕੁਮਾਰ ਨੂੰ 1 ਕਿੱਲੋ 5 ਗ੍ਰਾਮ ਹੈਰੋਇਨ ਸਮੇਤ ਹਿਰਾਸਤ ਵਿੱਚ ਲਿਆ ਸੀ। ਪੁਲਿਸ ਨੇ ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ। ਪੁੱਛ ਗਿੱਛ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਬਰਾਮਦ ਕੀਤੀ ਗਈ ਹੈਰੋਇਨ ਦੀਪ ਨਗਰ ਸ਼ੇਰਪੁਰ ਦੇ ਰਹਿਣ ਵਾਲੇ ਰਾਜੂ ਕੁਮਾਰ ਉਰਫ ਰਾਜ ਕੁਮਾਰ ਉਰਫ ਰਾਜੂ ਕੋਲੋਂ ਲੈ ਕੇ ਆਇਆ ਸੀ। ਜਾਣਕਾਰੀ ਦਿੰਦਿਆਂ ਕ੍ਰਾਈਮ ਬਰਾਂਚ ਦੇ ਇੰਚਾਰਜ ਬੇਅੰਤ ਜੁਨੇਜਾ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਰਾਜੂ ਖਿਲਾਫ ਪਹਿਲੋਂ ਤੋਂ ਹੀ ਆਬਕਾਰੀ ਐਕਟ ਦੇ ਚਾਰ ਅਤੇ ਐਨਡੀਪੀਐਸ ਐਕਟ ਦਾ ਇੱਕ ਮੁਕੱਦਮਾ ਦਰਜ ਹੈ। ਮੁਲਜ਼ਮ ਰਾਜੂ 1ਮਈ 2024 ਨੂੰ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਫਿਰ ਤੋਂ ਤਸਕਰੀ ਕਰਨ ਲੱਗ ਪਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਰਾਜੂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।



