ਡੀ.ਸੀ ਨੇ ਨਾਗਰਿਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ, ਕਿਸੇ ਵੀ ਜ਼ਰੂਰੀ ਸਥਿਤੀ ਵਿੱਚ ਟੋਲ ਫਰੀ ਨੰਬਰ 112 ‘ਤੇ ਸੰਪਰਕ ਕਰੋ
ਕਿਸੇ ਕਿਸਮ ਦੀ ਜਾਣਕਾਰੀ ਸਾਂਝੀ ਕਰਨ ਲਈ ਜੁਆਇੰਟ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਜਾਵੇ

ਬਾਲ ਕਿਸ਼ਨ
ਫ਼ਿਰੋਜ਼ਪੁਰ , 9 ਮਈ 2025 : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ, ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ ਅਤੇ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੱਖਿਆ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਜ਼ਿਲ੍ਹੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਸੁਚੇਤ ਅਤੇ ਵਚਨਬੱਧ ਹਾਂ। ਨਾਗਰਿਕਾਂ ਨੂੰ ਇਸ ਸਮੇਂ ਦੌਰਾਨ ਸ਼ਾਂਤ ਰਹਿਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਜਾਂ ਕਿਸੇ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੇ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸਾਂ ਦੀ ਪਾਲਣਾ ਵਿੱਚ ਸਹਿਜ ਜਾਣਕਾਰੀ ਸਾਂਝੀ ਕਰਨ ਲਈ ਦਫਤਰ ਸੀਨੀਅਰ ਕਪਤਾਨ ਪੁਲਿਸ, ਫਿਰੋਜ਼ਪੁਰ ਵਿਖੇ ਜੁਆਇੰਟ ਕੰਟਰੋਲ ਰੂਮ ਨੰ: 303 ਪਹਿਲੀ ਮੰਜਿਲ, ਫਿਰੋਜਪੁਰ ਛਾਉਣੀ ਵਿਖੇ ਸਥਾਪਿਤ ਕੀਤਾ ਗਿਆ ਹੈ ਜਿਸਦਾ ਟੈਲੀਫੋਨ ਨੰਬਰ 01632-244100, 01632-242380 01632-249261 ਅਤੇ ਮੋ.ਨੰ. 99157-10970 ਹੈ। ਇਸ ਤੋਂ ਇਲਾਵਾ ਐਮਰਜੈਂਸੀ ਹੈਲਪਲਾਈਨ 112 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਇਸ ਸਮੇਂ ਦੌਰਾਨ ਸੁਚਾਰੂ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਆਪਸੀ ਸਹਿਯੋਗ ਅਤੇ ਚੌਕਸੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਬਲੈਕਆਊਟ ਦੌਰਾਨ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਬਾਰੇ ਕਿਹਾ ਕਿ ਬਲੈਕਆਉਟ ਨਿਯਮਾਂ ਦੀ ਪਾਲਣਾ ਸਾਰੇ ਨਿਵਾਸੀਆਂ, ਸੰਸਥਾਵਾਂ ਅਤੇ ਅਦਾਰਿਆਂ ਜਿਨ੍ਹਾਂ ਵਿੱਚ ਹੋਟਲ, ਮੈਰਿਜ ਪੈਲੇਸ, ਸ਼ਰਾਬ ਦੇ ਠੇਕੇ, ਰੈਸਟੋਰੈਂਟ, ਦੁਕਾਨਾਂ ਆਦਿ ਸ਼ਾਮਲ ਹਨ, ਦੁਆਰਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਬਲੈਕਆਊਟ ਸਮੇਂ ਦੌਰਾਨ ਹਰ ਕਿਸੇ ਨੂੰ ਸਾਰੀਆਂ ਲਾਈਟਾਂ ਬੰਦ ਕਰਨੀਆਂ ਚਾਹੀਦੀਆਂ ਹਨ। ਐਮਰਜੈਂਸੀ ਦੀ ਸਥਿੱਤੀ ਵਿੱਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਖਿੜਕੀਆਂ ‘ਤੇ ਕਾਲੇ ਪਰਦੇ ਵਰਤੇ ਜਾਣੇ ਚਾਹੀਦੇ ਹਨ। ਬਲੈਕਆਊਟ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪ੍ਰਸ਼ਾਸਨ ਨੇ ਚੇਤਾਵਨੀ ਦਿੱਤੀ ਹੈ ਕਿ ਉਲੰਘਣਾ ਕਰਨ ਵਾਲਿਆਂ ‘ਤੇ ਸਜ਼ਾਯੋਗ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਗਲਤ ਜਾਣਕਾਰੀ ਨੂੰ ਰੋਕਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਅਲੀ ਖ਼ਬਰਾਂ ਜਾਂ ਅਫਵਾਹਾਂ ਫੈਲਾਉਣ ਵਾਲੇ ਵਿਅਕਤੀਆਂ ਅਤੇ ਜਮ੍ਹਾਂਖੋਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪ੍ਰਮਾਣਿਤ ਜਾਣਕਾਰੀ ‘ਤੇ ਭਰੋਸਾ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਨਾਗਰਿਕਾਂ ਨੂੰ ਡੀ.ਸੀ ਫ਼ਿਰੋਜ਼ਪੁਰ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਅਤੇ ਫੇਸਬੁੱਕ, ਇੰਸਟਾਗ੍ਰਾਮ ‘ਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ (ਡੀ.ਪੀ.ਆਰ.ਓ) ਰਾਹੀਂ ਖ਼ਬਰਾਂ ਦੀ ਪੁਸ਼ਟੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਝੂਠੀ ਤੇ “ਅਣ-ਪ੍ਰਮਾਣਿਤ ਜਾਣਕਾਰੀ ‘ਤੇ ਵਿਸ਼ਵਾਸ ਨਾ ਕਰੋ ਅਤੇ ਨਾ ਹੀ ਪ੍ਰਸਾਰਿਤ ਕਰੋ, ਸਿਰਫ਼ ਅਧਿਕਾਰਤ ਸਰੋਤਾਂ ‘ਤੇ ਭਰੋਸਾ ਕਰੋ। ਉਨ੍ਹਾਂ ਸਲਾਹ ਦਿੱਤੀ ਕਿ ਸੁਰੱਖਿਆ ਖਤਰਿਆਂ ਜਾਂ ਅਸਥਿਰਤਾ ਬਾਰੇ ਝੂਠੀਆਂ ਅਫਵਾਹਾਂ ਪੈਦਾ ਕਰਨਾ ਜਾਂ ਪ੍ਰਸਾਰਿਤ ਕਰਨਾ ਇੱਕ ਸਜ਼ਾਯੋਗ ਅਪਰਾਧ ਹੈ ਅਤੇ ਆਈ.ਟੀ ਐਕਟ (ਧਾਰਾ 66 ਡੀ) ਅਤੇ ਸੰਬੰਧਿਤ ਉਪਬੰਧਾਂ ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੇ ਸੁਰੱਖਿਆ ਬਲ ਅਤੇ ਸਥਾਨਕ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਤੁਹਾਡੀ ਸੁਰੱਖਿਆ ਅਤੇ ਸ਼ਾਂਤੀ ਦੀ ਰਾਖੀ ਲਈ ਅਣਥੱਕ ਮਿਹਨਤ ਕਰ ਰਹੇ ਹਨ। ਜ਼ਰੂਰੀ ਵਸਤੂਆਂ ਜਿਵੇਂ ਕਿ ਭੋਜਨ, ਦਵਾਈਆਂ, ਬਾਲਣ ਜਾਂ ਹੋਰ ਜ਼ਰੂਰੀ ਵਸਤੂਆਂ ਦੇ ਭੰਡਾਰ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ ਡਰ ਦਾ ਫਾਇਦਾ ਉਠਾਉਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਜਮ੍ਹਾਂਖੋਰੀ ਦੀਆਂ ਗਤੀਵਿਧੀਆਂ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਦੋਸ਼ੀ ਪਾਏ ਜਾਣ ਵਾਲਿਆਂ ਨੂੰ ਜ਼ਰੂਰੀ ਵਸਤੂਆਂ ਐਕਟ ਤਹਿਤ ਕਾਨੂੰਨੀ ਕਾਰਵਾਈ ਅਤੇ ਸਖ਼ਤ ਜੁਰਮਾਨੇ ਦਾ ਸਾਹਮਣਾ ਕਰਨਾ ਪਵੇਗਾ ਜਿਸ ਵਿੱਚ ਸਟਾਕ ਜ਼ਬਤ ਕਰਨਾ ਅਤੇ ਅਪਰਾਧਿਕ ਦੋਸ਼ ਸ਼ਾਮਲ ਹਨ।



