
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ , 26 ਮਈ- ਨਸ਼ਿਆਂ ਦੇ ਖ਼ਿਲਾਫ਼ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਕਾਬੂ ਕੀਤੇ ਗਏ ਇਨ੍ਹਾਂ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.1 ਕਿੱਲੋਗ੍ਰਾਮ ਹੈਰੋਇਨ, 1.3 ਕਿੱਲੋਗ੍ਰਾਮ ਅਫੀਮ ਤੇ 19,040 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ ਕੁਲ 13,449 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ। ਇਹ ਕਾਰਵਾਈ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਇੱਕੋ ਵੇਲੇ ਕੀਤੀ ਗਈ ਹੈ। ਕਾਨੂੰਨ ਤੇ ਵਿਵਸਥਾ ਸਬੰਧੀ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਇਸ ਸਬੰਧੀ ਦੱਸਿਆ ਕਿ 220 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਵਿਚ 445 ਸਥਾਨਾਂ ‘ਤੇ ਛਾਪੇ ਮਾਰੇ ਅਤੇ 104 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਦਿਨ ਭਰ ਚੱਲੀ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 456 ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ “ਨਸ਼ਾ ਮੁਕਤੀ” ਦੇ ਹਿੱਸੇ ਵਜੋਂ 109 ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ ਤੇ ਇਲਾਜ ਲਈ ਪ੍ਰੇਰਿਤ ਕੀਤਾ ਹੈ।



