ਪਿੰਡ ਸੋਢੇ ਵਾਲਾ, ਬਹਾਦਰ ਵਾਲਾ, ਪੱਧਰੀ, ਗਿੱਲਾਂ ਵਾਲਾ, ਖੁਸ਼ਹਾਲ ਸਿੰਘ ਵਾਲਾ, ਆਸਲ ਵਿਖੇ ਪਹੁੰਚੀ ਨਸ਼ਾ ਮੁਕਤੀ ਯਾਤਰਾ
ਜਨ ਭਾਗੀਦਾਰੀ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ — ਵਿਧਾਇਕ ਰਣਬੀਰ ਭੁੱਲਰ

ਜਸਵਿੰਦਰ ਸਿੰਘ ਸੰਧੂ/ਬਾਲ ਕਿਸ਼ਨ
ਫ਼ਿਰੋਜ਼ਪੁਰ, 28 ਮਈ- ਰਾਜ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਅਤੇ ਯਤਨਸ਼ੀਲ ਹੈ, ਜਨ ਭਾਗੀਦਾਰੀ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਛੁਟਕਾਰਾ ਮਿਲੇਗਾ ਤੇ ਛੇਤੀ ਹੀ ਸਾਡਾ ਸੂਬਾ ਮੁੜ ਤੋਂ ਰੰਗਲਾ ਪੰਜਾਬ ਬਣੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਸੰਬੋਧਨ ਕਰਨ ਮੌਕੇ ਕੀਤਾ। ਇਨ੍ਹਾਂ ਜਾਗਰੂਕਤਾ ਯਾਤਰਾਵਾਂ ਦੀ ਲੜੀ ਵਿੱਚ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਪਿੰਡ ਗਿੱਲਾਂ ਵਾਲਾ, ਖੁਸ਼ਹਾਲ ਸਿੰਘ ਵਾਲਾ ਤੇ ਆਸਲ ਵਿਖੇ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਗਿਆ। ਇਸੇ ਤਰ੍ਹਾਂ ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਸ. ਚੰਦ ਸਿੰਘ ਗਿੱਲ ਅਤੇ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ) ਦੀ ਅਗਵਾਈ ਵਿੱਚ ਪਿੰਡ ਸੋਢੇ ਵਾਲਾ, ਬਹਾਦਰ ਵਾਲਾ ਅਤੇ ਪੱਧਰੀ ਵਿਖੇ ਨਸ਼ਾ ਮੁਕਤੀ ਯਾਤਰਾ ਕੱਢੀ ਗਈ ਅਤੇ ਜਾਗਰੂਕਤਾ ਸਭਾਵਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਨਸ਼ਾ ਮੁਕਤੀ ਯਾਤਰਾਵਾਂ ਨੂੰ ਲੋਕ ਲਹਿਰ ਬਣਾਉਨ ਲਈ ਲਗਾਤਾਰ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ ਹਲਕੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਆਪਸੀ ਵਿਰੋਧਤਾ ਤੋਂ ਉਪਰ ਉਠ ਕੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਰੁੱਖ ਅਖਤਿਆਰ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਆਪਣੀ ਨੌਜਵਾਨ ਪੀੜੀ ਨੂੰ ਬਚਾ ਸਕਾਂਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਸਕਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ੇ ਦੀ ਸਪਲਾਈ ਨੂੰ ਤੋੜਨ ਲਈ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦਾਂ ’ਤੇ ਬੁਲਡੋਜਰ ਚਲਾਇਆ ਜਾ ਰਿਹਾ ਹੈ। ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਾ ਖਿਲਾਫ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਹੀ ਸਫਲ ਹੋ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਨਸ਼ੇ ਦੀ ਚੈਨ ਤੋੜੀ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਵੀ ਮਾੜੀਆਂ ਕੁਰੀਤੀਆਂ ਵੱਲ ਜਾਣ ਦੀ ਬਜਾਏ ਖੇਡਾਂ ਵੱਲ ਧਿਆਨ ਦੇਵੇ ਜਿਸ ਨਾਲ ਉਹ ਆਪਣੀ ਸਿਹਤ ਠੀਕ ਰੱਖਣ ਤੇ ਆਪਣੇ ਭਵਿਖ ਨੂੰ ਉਜਵਲ ਬਣਾਉਣ।ਪਿੰਡ ਸੋਢੇ ਵਾਲਾ, ਬਹਾਦੁਰ ਵਾਲਾ ਅਤੇ ਪੱਧਰੀ ਵਿਖੇ ਆਯੋਜਿਤ ਸਮਾਗਮਾਂ ਵਿੱਚ ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਸ. ਚੰਦ ਸਿੰਘ ਗਿੱਲ ਅਤੇ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ) ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਖਿਲਾਫ਼ ਇਸ ਨਿਰਣਾਇਕ ਜੰਗ ਵਿੱਚ ਜਨ ਭਾਗੀਦਾਰੀ ਦੀ ਤਾਕਤ ਨੂੰ ਸਮਝਦੇ ਹੋਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰੇਕ ਨਾਗਰਿਕ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਾਂਝੀ ਕੀਤੀ ਗਈ ਛੋਟੀ ਜਿਹੀ ਜਾਣਕਾਰੀ ਪ੍ਰਸ਼ਾਸਨ ਲਈ ਵਡਮੁੱਲੀ ਸਾਬਿਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿਥੇ ਨਸ਼ਾ ਤਸਕਰਾਂ ‘ਤੇ ਕਾਰਵਾਈ ਕਰ ਰਹੀ ਹੈ ਉਥੇ ਇਸ ਦਲਦਲ ਵਿਚ ਫਸ ਚੁੱਕੀ ਸਾਡੀ ਨੌਜਵਾਨ ਪੀੜ੍ਹੀ ਦੀ ਸੰਭਾਲ ਕਰ ਰਹੀ ਹੈ ਤੇ ਨਸ਼ਾ ਛੁਡਾਊ ਕੇਂਦਰਾਂ ਵਿਚ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ਵਿਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਸ਼ੇ ਦੇ ਆਦੀ ਹੋ ਚੁੱਕੇ ਲੋਕਾਂ ਨਾਲ ਹਮਦਰਦੀ ਭਰਿਆ ਰਵੱਈਆ ਅਖ਼ਤਿਆਰ ਕਰਦੇ ਹੋਏ ਉਨ੍ਹਾਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ਕਰਨ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਉਣ ਲਈ ਵੀ ਕਿਹਾ ਤਾਂ ਜੋ ਉਹ ਮੁੜ ਸਮਾਜ ਦੀ ਆਮ ਧਾਰਾ ਨਾਲ ਜੁੜ ਕੇ ਸਨਮਾਨਿਤ ਜੀਵਨ ਜੀਅ ਸਕਣ। ਇਸ ਦੌਰਾਨ ਲੋਕਾਂ ਨੂੰ ਪਿੰਡ ਵਿੱਚ ਨਸ਼ਾ ਤਸਕਰਾਂ ਨੂੰ ਬਰਦਾਸ਼ਤ ਨਾ ਕਰਨ ਅਤੇ ਕਿਸੇ ਵੀ ਨਸ਼ਾ ਤਸਕਰ ਦਾ ਕਿਸੇ ਵੱਲੋਂ ਵੀ ਸਾਥ ਨਾ ਦੇਣ ਦੀ ਸਹੁੰ ਵੀ ਚੁਕਾਈ ਗਈ।ਇਸ ਮੌਕੇ ਡੀ.ਐਸ.ਪੀ. ਸੁਖਵਿੰਦਰ ਸਿੰਘ, ਗੁਰਜੀਤ ਸਿੰਘ ਚੀਮਾ, ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ, ਬੀ.ਡੀ.ਪੀ.ਓ. ਸੁਖਵਿੰਦਰ ਕੌਰ, ਹਿਮਾਂਸ਼ੂ ਠੱਕਰ, ਅਮਰਿੰਦਰ ਸਿੰਘ, ਦਲੇਰ ਸਿੰਘ ਸਰਪੰਚ, ਸੁਖਦੇਵ ਸਿੰਘ ਭੱਦਰੂ, ਦਿਲਬਾਗ ਸਿੰਘ ਸਰਪੰਚ, ਮੰਗਲ ਸਿੰਘ ਸਰਪੰਚ, ਜਰਨੈਲ ਸਿੰਘ (ਬਹਾਦੁਰ ਵਾਲਾ), ਗੁਰਪ੍ਰੀਤ ਸਿੰਘ ਸਰਪੰਚ, ਸੁਖਦੇਵ ਸਿੰਘ ਸਿੰਘ ਗੋਰਾ, ਸੁਖਵਿੰਦਰ ਸਿੰਘ ਸਰਪੰਚ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ।



