
ਜਸਵਿੰਦਰ ਸਿੰਘ ਸੰਧੂ/ਬਾਲ ਕਿਸ਼ਨ
ਫਿਰੋਜ਼ਪੁਰ, 7 ਜੂਨ : ਫਿਰੋਜ਼ਪੁਰ ਸ਼ਹਿਰ ਦੇ ਮੱਖੂ ਗੇਟ ਨੇੜੇ ਇੱਕ ਟੈਟੂ ਦੀ ਦੁਕਾਨ ਵਿੱਚ ਹੋਏ ਆਸ਼ੂ ਮੋਂਗਾ ਕਤਲ ਕੇਸ ਵਿੱਚ, ਸ਼ਹਿਰ ਦੀ ਮੁੱਖ ਸੜਕ ਤੇ ਖੁੱਲ੍ਹੇਆਮ ਗੋਲੀਬਾਰੀ ਕਰਨ ਵਾਲੇ ਮੁਲਜ਼ਮਾਂ ਦਾ ਸ਼ੁੱਕਰਵਾਰ ਦੇਰ ਰਾਤ ਪੁਲਿਸ ਨਾਲ ਮੁਕਾਬਲਾ ਹੋਇਆ। ਇਸ ਦੌਰਾਨ, ਉਕਤ ਮੁਲਜ਼ਮਾਂ ਨੇ ਪੁਲਿਸ ਮੁਲਾਜ਼ਮਾਂ ਤੇ ਉਦੋਂ ਗੋਲੀਬਾਰੀ ਕੀਤੀ ਜਦੋਂ ਉਨ੍ਹਾਂ ਨੂੰ ਪੁਲਿਸ ਨੇ ਚੈੱਕ ਪੋਸਟ ਤੇ ਰੋਕਿਆ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ, ਤਿੰਨੋਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ ਅਤੇ ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਸ਼ੁੱਕਰਵਾਰ ਦੇਰ ਰਾਤ, ਜ਼ਿਲ੍ਹਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਫਿਰੋਜ਼ਪੁਰ ਦੇ ਸਾਂਝੇ ਆਪ੍ਰੇਸ਼ਨ ਦੌਰਾਨ, ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਫੜ ਲਿਆ ਜੋ ਪੁਲਿਸ ਤੇ ਗੋਲੀਬਾਰੀ ਕਰਨ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਸੀ ਅਤੇ ਇਸ ਦੌਰਾਨ ਜਦੋਂ ਪੁਲਿਸ ਨੇ ਫਿਰੋਜ਼ਪੁਰ-ਮੋਗਾ ਸੜਕ ਤੇ ਰੱਤਾ ਖੇੜਾ ਨਹਿਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ, ਤਾਂ ਤਿੰਨੋਂ ਮੁਲਜ਼ਮ ਉੱਥੋਂ ਆਪਣੀਆਂ ਗੱਡੀਆਂ ਵਿੱਚ ਭੱਜ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਨੇ ਮੁਲਜ਼ਮਾਂ ਨੂੰ ਰੁਕਣ ਲਈ ਕਿਹਾ ਤਾਂ ਮੁਲਜ਼ਮਾਂ ਨੇ ਪੁਲਿਸ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੇ ਜਵਾਬ ਵਿੱਚ ਜਦੋਂ ਪੁਲਿਸ ਨੇ ਗੋਲੀ ਚਲਾਈ ਤਾਂ ਤਿੰਨੋਂ ਮੁਲਜ਼ਮ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ। ਇਸ ਦੌਰਾਨ ਪੁਲਿਸ ਨੇ ਉਕਤ ਮੁਲਜ਼ਮਾਂ ਤੋਂ ਚਾਰ ਪਿਸਤੌਲ, 1 ਚਿੱਟਾ ਐਕਟਿਵਾ ਸਕੂਟਰ ਅਤੇ ਘਟਨਾ ਵਿੱਚ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕੀਤਾ। ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਬਾਕੀ ਮੁਲਜ਼ਮਾਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਪੁਲੀਸ ਟੀਮਾਂ ਮੁਲਜ਼ਮਾਂ ਦੀ ਲਗਾਤਾਰ ਭਾਲ ਕਰ ਰਹੀਆਂ ਹਨ। ਇਸ ਕੜੀ ਵਿੱਚ, ਫਿਰੋਜ਼ਪੁਰ-ਮੋਗਾ ਸੜਕ ਤੇ ਰੱਤਾ ਖੇੜਾ ਨਹਿਰ ਨੇੜੇ ਪੁਲਿਸ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਜਦੋਂ ਪੁਲਿਸ ਨੇ ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੁਲਜ਼ਮਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਤਿੰਨ ਮੁਲਜ਼ਮਾਂ ਨੂੰ ਚਾਰ ਗੋਲੀਆਂ ਲੱਗੀਆਂ ਅਤੇ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਉਹ ਜ਼ਖਮੀ ਹੋ ਗਏ। ਪੁਲਿਸ ਨੇ ਜ਼ਖਮੀ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਉਕਤ ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮ ਗੁਰਜਿੰਦਰ ਸਿੰਘ ਉਰਫ਼ ਗੁਰੀ ਪੁੱਤਰ ਰਛਪਾਲ ਸਿੰਘ ਵਾਸੀ ਬਸਤੀ ਅੰਮ੍ਰਿਤਸਰੀਆ ਵਾਲੀ ਥਾਣਾ ਆਰਿਫ਼ਕੇ, ਸੋਨੂੰ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਭਾਗ ਸਿੰਘ ਵਾਲਾ ਅਤੇ ਅਮਰਜੀਤ ਸਿੰਘ ਉਰਫ਼ ਅਮਰ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਪੱਲਾ ਮੇਘਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੇ ਮੱਖੂ ਗੇਟ ਵਿਖੇ ਘਟਨਾ ਦੌਰਾਨ ਖੁੱਲ੍ਹੇਆਮ ਗੋਲੀਆਂ ਚਲਾਈਆਂ ਸਨ। ਪੁਲਿਸ ਅਤੇ ਉਪਰੋਕਤ ਮੁਲਜ਼ਮਾਂ ਵਿਚਕਾਰ ਮੁਕਾਬਲਾ ਹੋਇਆ ਜਿਸ ਵਿੱਚ ਮੁਲਜ਼ਮਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ। ਇਸ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਤੋਂ 1 ਗਲੋਕ ਪਿਸਤੌਲ, 30 ਬੋਰ ਦੇ 2 ਪਿਸਤੌਲ ਅਤੇ 32 ਬੋਰ ਦਾ 1 ਪਿਸਤੌਲ, ਘਟਨਾ ਵਿੱਚ ਵਰਤੀ ਗਈ ਇੱਕ ਐਕਟਿਵਾ ਅਤੇ ਇੱਕ ਬਾਈਕ ਬਰਾਮਦ ਕੀਤੀ। ਐਸਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਕਈ ਮਾਮਲੇ ਦਰਜ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ।



