
ਗੁਰਦਾਸਪੁਰ, 9 ਜੂਨ : ਪਿੰਡ ਗੰਜੀ ਵਿੱਚ ਕੁਝ ਲੋਕਾਂ ਨੇ ਇੱਕ ਕਿਸਾਨ ਦੀ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ। ਦੋਰਾਂਗਲਾ ਥਾਣੇ ਦੀ ਪੁਲਿਸ ਨੇ ਅੱਠ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਫਿਲਹਾਲ ਕਿਸੇ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਗੰਜੀ ਦੇ ਰਹਿਣ ਵਾਲੇ ਗੁਰਮੇਜ ਸਿੰਘ ਨੇ ਦੱਸਿਆ ਕਿ ਉਹ ਆਪਣੇ ਖੇਤਾਂ ਵੱਲ ਚੱਕਰ ਮਾਰਨ ਗਿਆ ਸੀ। ਇਸ ਦੌਰਾਨ ਮੁਲਜ਼ਮਾਂ ਨੇ ਉਸਦੀ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ। ਜਦੋਂ ਉਸ ਨੇ ਰੌਲਾ ਪਾਇਆ ਤਾਂ ਮੁਲਜ਼ਮ ਭੱਜ ਗਏ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਮੁਲਜ਼ਮਾਂ ਨਾਲ ਕੇਸ ਚੱਲ ਰਿਹਾ ਹੈ। ਪੁਲਿਸ ਨੇ ਗੰਜੀ ਦੇ ਰਹਿਣ ਵਾਲੇ ਮੁਲਜ਼ਮ ਮੁਖਤਿਆਰ ਸਿੰਘ, ਲਖਬੀਰ ਸਿੰਘ, ਟਹਿਲ ਸਿੰਘ, ਹਰਪਾਲ ਸਿੰਘ, ਮਲਕੀਤ ਸਿੰਘ, ਗੁਰਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਗੁਰਬਚਨ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।



