Punjab

ADC ਡਾ. ਬੇਦੀ ਵੱਲੋਂ ਸ਼ਹਿਰ ਵਿੱਚ ਸੀਵਰੇਜ ਦੀ ਨਿਕਾਸੀ ਦਾ ਜਾਇਜਾ

ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਬਰਸਾਤੀ ਸੀਜ਼ਨ ਤੋਂ ਪਹਿਲਾਂ ਸੀਵਰੇਜ ਦੀ ਨਿਕਾਸੀ ਨੂੰ ਦਰੁਸਤ ਕਰਨ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ, 14 ਜੂਨ – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਸੀਵਰੇਜ ਬੋਰਡ ਅਤੇ ਨਗਰ ਕੌਂਸਲ ਗੁਰਦਾਸਪੁਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਅਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਗੁਰਦਾਸਪੁਰ ਸ਼ਹਿਰ ਦੇ ਸੀਵਰੇਜ ਦੀ ਚੰਗੀ ਤਰ੍ਹਾਂ ਸਫ਼ਾਈ ਕੀਤੀ ਜਾਵੇ ਤਾਂ ਜੋ ਬਾਰਸ਼ਾਂ ਦੌਰਾਨ ਪਾਣੀ ਦੀ ਨਿਕਾਸੀ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਅੱਜ ਗੁਰਦਾਸਪੁਰ ਸ਼ਹਿਰ ਦੇ ਗੀਤਾ ਭਵਨ ਇਲਾਕੇ ਸਮੇਤ ਹੋਰ ਇਲਾਕਿਆਂ ਦਾ ਦੌਰਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਕਿਹਾ ਕਿ ਅਧਿਕਾਰੀ ਹੁਣ ਤੋਂ ਹੀ ਸੀਵਰੇਜ ਦੀ ਬਲਾਕੇਜ ਨੂੰ ਦੂਰ ਕਰਨ `ਤੇ ਲੱਗ ਜਾਣ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਬਰਸਾਤਾਂ ਦੌਰਾਨ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋਵੇ ਅਤੇ ਪਾਣੀ ਓਵਰਫਲੋਅ ਹੋਣ ਕਿਸੇ ਦਾ ਵੀ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਸੀਵਰੇਜ ਦੀ ਬਲਾਕੇਜ ਕਾਰਨ ਅਕਸਰ ਨੀਵੇਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨੀਵੇਂ ਇਲਾਕਿਆਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਢੁੱਕਵੇਂ ਪ੍ਰਬੰਧ ਕਰਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਬਟਾਲਾ, ਕਾਦੀਆਂ, ਦੀਨਾਨਗਰ, ਡੇਰਾ ਬਾਬਾ ਨਾਨਕ, ਫ਼ਤਹਿਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਸੀਵਰੇਜ ਦੀ ਸਹੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ਦੇ ਕਿਸੇ ਵੀ ਇਲਾਕੇ ਵਿੱਚ ਸੀਵਰੇਜ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਸ਼ਹਿਰ ਵਾਸੀ ਸੀਵਰੇਜ ਬੋਰਡ ਜਾਂ ਸਬੰਧਿਤ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦੇ ਹਨ, ਜਿਸ ਉੱਪਰ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button