Punjab

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 17 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਸਬੰਧ ’ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮਾਗਮ ਹੋਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਪੁਰਾਤਨ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤ ਨਾਲ ਇਤਿਹਾਸ ਦੀ ਸਾਂਝ ਪਾਉਂਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਜਣਾ ਕਰ ਕੇ ਮੀਰੀ ਪੀਰੀ ਦਾ ਸਿਧਾਂਤ ਦਿੱਤਾ। ਜ਼ੁਲਮ ਨਾਲ ਟੱਕਰ ਲੈਣ ਲਈ ਸਿੱਖਾਂ ਨੂੰ ਸ਼ਸਤਰ ਵਿੱਦਿਆ ਦਾ ਅਭਿਆਸ ਕਰਵਾ ਕੇ ਕੌਮ ’ਚ ਬੀਰਰਸ ਦੀ ਭਾਵਨਾ ਭਰੀ। ਗੁਰੂ ਸਾਹਿਬ ਨੇ ਤਖਤ ’ਤੇ ਬਿਰਾਜਮਾਨ ਹੋ ਕੇ ਸਿੱਖ ਸੂਰਮਿਆਂ ’ਚ ਜੋਸ਼ ਭਰਨ ਲਈ ਢਾਡੀ ਵਾਰਾਂ ਸ਼ੁਰੂ ਕਰਵਾਈਆਂ। ਇਹ ਸਿੱਖ ਇਤਿਹਾਸ ਦਾ ਉਹ ਪੰਨਾ ਹੈ, ਜਿਸ ਨੇ ਕੌਮ ਅੰਦਰ ਅਣਖ, ਜਜ਼ਬਾ ਤੇ ਦ੍ਰਿੜ੍ਹਤਾ ਪੈਦਾ ਕੀਤੀ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਦੀ ਕੌਮ ਨੂੰ ਵਧਾਈ ਦਿੰਦਿਆਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਇਸ ਲਈ ਕੀਤੀ ਕਿ ਰਾਜਨੀਤੀ ਧਰਮ ਦੇ ਮੁਤਾਬਕ ਹੋਵੇ, ਜਿਸ ਨਾਲ ਰੱਬ ਦੇ ਨਿਆਂ ਵਾਲੇ ਸਮਾਜ ਦੀ ਸਿਰਜਣਾ ਹੋਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਕਾਲ ਪੁਰਖ ਦਾ ਤਖਤ ਹੈ, ਜਿਸ ਨੂੰ ਗੁਰੂ ਸਾਹਿਬ ਨੇ ਆਪ ਸਿਰਜਿਆ। ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਸਦਾ ਸਮਰਪਿਤ ਰਹੇਗਾ। 18ਵੀਂ ਸਦੀ ਵਿਚ ਜਦੋਂ ਹਕੂਮਤਾਂ ਨੇ ਸਿੱਖਾਂ ਦਾ ਖੁਰਾਖੋਜ ਮਿਟਾਉਣ ਦਾ ਐਲਾਨ ਕੀਤਾ, ਤਾਂ ਕੌਮ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਗਵਾਈ ਲੈ ਕੇ ਅਬਦਾਲੀ ਨੂੰ ਭਜਾਇਆ। ਉਨ੍ਹਾਂ ਸਿੱਖ ਜਵਾਨੀ ਨੂੰ ਖਾਸ ਤੌਰ ’ਤੇ ਅਪੀਲ ਕੀਤੀ ਕਿ ਅੱਜ ਸਾਨੂੰ ਗੁਰੂ ਨਾਲੋਂ ਤੋੜਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ, ਜਿਸ ਦਾ ਮੁਕਾਬਲਾ ਸੁਚੇਤ ਤੇ ਚੇਤੰਨ ਰੂਪ ਵਿਚ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਆਪਣੀ ਜ਼ਿੰਮੇਵਾਰੀ ਸਮਝੀਏ ਅਤੇ ਅਜਿਹੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਬੱਚਿਆਂ ਨੂੰ ਧਰਮ ਨਾਲ ਜੋੜੀਏ। ਉਨ੍ਹਾਂ ਸਮੁੱਚੀ ਕੌਮ ਨੂੰ ਖੁਆਰੀਆਂ ਵਿਚੋਂ ਨਿਕਲਣ ਲਈ ਗੁਰੂ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਇਕੱਤਰ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਕੱਤਰ ਪ੍ਰਤਾਪ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਕੁਲਦੀਪ ਸਿੰਘ ਰੋਡੇ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਜਸਪਾਲ ਸਿੰਘ ਢੱਡੇ, ਗੁਰਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button