Punjab

ਮੁਫ਼ਤ ਦੇਣ ਦੇ ਦਾਅਵੇ ਕਰਨ ਵਾਲੀ ਸਰਕਾਰ 24 ਘੰਟੇ ਬਿਜਲੀ ਦੇਣ ‘ਚ ਅਸਫ਼ਲ : ਅਰਵਿੰਦ ਖੰਨਾ

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਪੰਜਾਬੀ ਕਰ ਰਹੇ ਨੇ ਤਰਾਹ-ਤਰਾਹ: ਖੰਨਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 19 ਜੂਨ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੇਣ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 24 ਘੰਟੇ ਨਿਰੰਤਰ ਬਿਜਲੀ ਦੇਣ ਵਿੱਚ ਅਸਫ਼ਲ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ ਅੰਤਾਂ ਦੀ ਪੈ ਰਹੀ ਗਰਮੀਂ ਵਿੱਚ ਲੱਗ ਰਹੇ ਬਿਜਲੀ ਕੱਟਾਂ ਕਾਰਨ ਸੂਬੇ ਦੇ ਲੋਕ ਤਰਾਹ-ਤਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਦੇ-ਪੁੱਜਦੇ ਲੋਕ ਤਾਂ ਬੇਸ਼ੱਕ ਜਰਨੇਟਰਾਂ ਦਾ ਸਹਾਰਾ ਲੈ ਕੇ ਬਿਜਲੀ ਕੱਟਾਂ ਦਾ ਹੱਲ ਕਰ ਰਹੇ ਹਨ ਪਰ ਆਮ ਲੋਕਾਂ ਦੀ ਹਾਲਤ ਬਹੁਤ ਜ਼ਿਆਦਾ ਖਰਾਬ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਦਾ ਸੀਜਨ ਹੋਣ ਦੇ ਬਾਵਜੂਦ ਸਰਕਾਰ ਦਾ 24 ਘੰਟੇ ਬਿਜਲੀ ਨਿਰੰਤਰ ਦੇਣ ਵੱਲ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਸਥਿਤੀ ਬਣੀ ਰਹੀ ਤਾਂ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜਲ ਫੂਕ ਕੇ ਝੋਨੇ ਦੀ ਬਿਜਾਈ ਕਰਨੀ ਪਵੇਗੀ। ਜਿਸ ਕਾਰਨ ਪਹਿਲਾਂ ਤੋਂ ਹੀ ਮਾੜੀ ਆਰਥਿਕਤਾ ਨਾਲ ਜੂਝ ਰਹੇ ਕਿਸਾਨਾਂ ਦੀ ਹਾਲਤ ਹੋਰ ਵੀ ਪਤਲੀ ਹੋ ਜਾਵੇਗੀ। ਸ਼੍ਰੀ ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਸ ਸਥਿਤੀ ਵੱਲ ਫੌਰੀ ਤੌਰ ‘ਤੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਝੋਨੇ ਦੀ ਬਿਜਾਈ ਸਮੇਂ ਸਿਰ ਅਤੇ ਸੁਖਾਲੇ ਢੰਗ ਨਾਲ ਹੋ ਸਕੇ। ਸ਼੍ਰੀ ਖੰਨਾ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਤੋਂ ਤਿੰਨ ਸਾਲ ਵਿੱਚ ਹੀ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਇਸ ਪਾਰਟੀ ਨੇ ਜਿੰਨੇ ਵਾਅਦੇ ਕਰਕੇ ਲੋਕਾਂ ਦੀਆਂ ਉਮੀਦਾਂ ਜਗਾਈਆਂ ਸਨ, ਹੁਣ ਉਸ ਤੋਂ ਪੂਰੀ ਤਰ੍ਹਾਂ ਉਲਟ ਹੋ ਗਿਆ ਹੈ ਕਿ ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਦੀਆਂ ਤਿਆਰੀਆਂ ਕਰ ਰਹੇ ਹਨ।

Related Articles

Leave a Reply

Your email address will not be published. Required fields are marked *

Back to top button