Punjab

ਹੜ੍ਹਾਂ ਦਾ ਖ਼ਤਰਾ? DC ਪਹੁੰਚ ਗਿਆ ਰਾਵੀ ਦਰਿਆ ‘ਤੇ..! ਹੜ੍ਹ ਰੋਕੂ ਪ੍ਰਬੰਧਕਾਂ ਦਾ ਜਾਇਜਾ ਲੈਂਦਿਆਂ ਦਿੱਤੇ ਸਖ਼ਤ ਹੁਕਮ

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦਰਿਆ ਰਾਵੀ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ

ਗੁਰਦਾਸਪੁਰ, 28 ਜੂਨ – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਵੱਲੋਂ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਦੀ ਰੋਕਥਾਮ ਲਈ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅੱਜ ਅਧਿਕਾਰੀਆਂ ਦੇ ਨਾਲ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕੇ ਮਕੌੜਾ ਪੱਤਣ, ਆਦੀਆਂ ਅਤੇ ਡੇਰਾ ਬਾਬਾ ਨਾਨਕ ਦੇ ਘਣੀਏ-ਕੇ-ਬੇਟ ਤੇ ਘੋਨੇਵਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਆਈ.ਏ.ਐੱਸ., ਐਕਸੀਅਨ ਡਰੇਨਜ਼ ਦਿਲਪ੍ਰੀਤ ਸਿੰਘ, ਐਕਸੀਅਨ ਮੰਡੀ ਬੋਰਡ ਬਲਦੇਵ ਸਿੰਘ ਬਾਜਵਾ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ੍ਰੀਮਤੀ ਜ਼ੀਨਤ ਖੈਹਿਰਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਹੜ੍ਹ ਰੋਕੂ ਪ੍ਰਬਧਾਂ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ  ਦਲਵਿੰਦਰਜੀਤ ਸਿੰਘ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆ ਰਾਵੀ ਦੇ ਕਿਨਾਰਿਆਂ `ਤੇ ਚੱਲ ਰਹੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਦਰਿਆ ਰਾਵੀ ਵਿੱਚ ਉੱਜ ਦਰਿਆ ਕਾਰਨ ਆਉਂਦੇ ਹੜ੍ਹਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉੱਜ ਦਰਿਆ ਦੇ ਪਾਣੀ ਦੇ ਪੱਧਰ ਉੱਪਰ ਪੂਰੀ ਤਰਾਂ ਨਜ਼ਰ ਰੱਖੀ ਜਾਵੇ ਅਤੇ ਜਦੋਂ ਵੀ ਦਰਿਆ ਉੱਜ ਰਾਹੀਂ ਜਾਂ ਰਣਜੀਤ ਸਾਗਰ ਡੈਮ ਤੋਂ ਰਾਵੀ ਦਰਿਆ ਵਿੱਚ ਪਾਣੀ ਛੱਡਿਆ ਜਾਂਦਾ ਹੈ ਤਾਂ ਇਸਦੀ ਅਗਾਊਂ ਸੂਚਨਾ ਲੋਕਾਂ ਤੱਕ ਪਹੁੰਚਾਈ ਜਾਵੇ। ਮਕੌੜਾ ਪੱਤਣ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਥਾਨਿਕ ਲੋਕਾਂ ਅਤੇ ਬੀ.ਐੱਸ.ਐੱਫ. ਦੇ ਅਧਿਕਾਰੀਆਂ ਨਾਲ ਵੀ ਗੱਲ ਕੀਤੀ ਅਤੇ ਬੀਤੇ ਸਮੇਂ ਵਿੱਚ ਆਏ ਹੜ੍ਹਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਘਣੀਏ-ਕੇ-ਬੇਟ ਤੇ ਘੋਨੇਵਾਲ ਇਲਾਕੇ ਦਾ ਦੌਰਾ ਕਰਕੇ ਓਥੇ ਕੀਤੇ ਜਾ ਰਹੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਇਸ ਦੌਰਾਨ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਜੁਕ ਥਾਵਾਂ ਉੱਪਰ ਅਗੇਤੇ ਹੀ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਾਰਾ ਖਾਕਾ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਦਰਿਆਵਾਂ ਦੇ ਨੇੜੇ ਰਹਿੰਦੇ ਲੋਕਾਂ ਨੂੰ ਚੌਕਸ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਹੈ।

Related Articles

Leave a Reply

Your email address will not be published. Required fields are marked *

Back to top button