ਧਾਮੀ ਨੇ ਸੰਘਰਸ਼ ਕਰ ਰਹੇ ਗੁਰਜੀਤ ਸਿੰਘ ਦੀ ਵਿਗੜ ਰਹੀ ਹਾਲਤ ’ਤੇ ਪ੍ਰਗਟਾਈ ਚਿੰਤਾ, ਕਿਹਾ- ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ

ਅੰਮ੍ਰਿਤਸਰ, 28 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਮਾਣਾ ਵਿਖੇ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸਿੱਖ ਨੌਜੁਆਨ ਗੁਰਜੀਤ ਸਿੰਘ ਖ਼ਾਲਸਾ ਦੀ ਵਿਗੜ ਰਹੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ ’ਤੇ ਸਰਕਾਰ ਦੀ ਪਹੁੰਚ ਲਗਾਤਾਰ ਗੈਰ-ਜ਼ੁੰਮੇਵਰਾਨਾ ਰਹੀ ਹੈ, ਜਿਸ ਕਾਰਨ ਸਿੱਖ ਨੌਜੁਆਨ ਦੀ ਜਿੰਦਗੀ ਨੂੰ ਖਤਰਾ ਬਣਿਆ ਹੋਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀਆਂ ਦਾ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੇਅਦਬੀਆਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਖਤ ਸਜਾਵਾਂ ਦਿਵਾਉਣ ਲਈ ਕਾਨੂੰਨ ਪਾਸ ਕਰਨ ਵਾਸਤੇ ਕਈ ਵਾਰ ਸਰਕਾਰਾਂ ਨੂੰ ਲਿਖਿਆ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਵੱਲੋਂ ਬੇਹੱਦ ਸੰਜੀਦਾ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਬੇਅਦਬੀਆਂ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਨੌਜੁਆਨ ਦੀ ਸਮੁੱਚਾ ਪੰਥ ਹਮਾਇਤ ਕਰਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਇਸ ਨੌਜੁਆਨ ਨੂੰ ਮਿਲ ਕੇ ਸਮਰਥਨ ਦਿੱਤਾ ਗਿਆ ਸੀ ਅਤੇ ਹੁਣ ਵੀ ਸਿੱਖ ਸੰਸਥਾ ਉਸ ਦੇ ਨਾਲ ਹੈ।



