
ਲੁਧਿਆਣਾ, 5 ਜੁਲਾਈ : ਮਾਲੇਰਕੋਟਲਾ ਰੋਡ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਦੌਰਾਨ 32 ਸਾਲ ਦੇ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਵਿਅਕਤੀ ਖੜਾ ਆਟੋ ਦਾ ਇੰਤਜ਼ਾਰ ਕਰ ਰਿਹਾ ਸੀ। ਪੁਲਿਸ ਨੇ ਯੱਧੂਨੰਦਨ ਨਾਮ ਦੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਡੇਹਲੋਂ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਪਿੰਡ ਰਣੀਆਂ ਦੇ ਰਹਿਣ ਵਾਲੇ ਸ਼ਵਿੰਦਰ ਨੇ ਦੱਸਿਆ ਕਿ ਉਸ ਦਾ ਭਰਾ ਯੱਧੂਨੰਦਨ ਕਰੇਨ ਚਲਾਉਂਦਾ ਸੀ। ਬੀਤੇ ਦਿਨ ਉਹ ਕਿਸੇ ਕੰਮ ਲਈ ਬਾਜ਼ਾਰ ਗਿਆ ਅਤੇ ਵਾਪਸ ਆਉਣ ਲਈ ਸਾਇਆ ਚੌਂਕ ਦੇ ਕੋਲ ਆਟੋ ਦਾ ਇੰਤਜ਼ਾਰ ਕਰ ਰਿਹਾ ਸੀ। ਇਸੇ ਦੌਰਾਨ ਇੱਕ ਤੇਜ਼ ਰਫਤਾਰ ਕਾਰ ਨੇ ਚੌਂਕ ਵਿੱਚ ਖੜੇ ਯੱਧੂਨੰਦਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਦੀ ਬਜਾਏ ਚਾਲਕ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਗੰਭੀਰ ਰੂਪ ਵਿੱਚ ਫੱਟੜ ਹੋਏ ਯੱਧੂਨੰਦਨ ਨੂੰ ਲੁਧਿਆਣਾ ਦੇ ਅਰੋੜਾ ਨਿਊਰੋ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਇਸ ਕੇਸ ਵਿੱਚ ਜਾਂਚ ਅਧਿਕਾਰੀ ਏਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਭਰਾ ਸ਼ਵਿੰਦਰ ਦੀ ਸ਼ਿਕਾਇਤ ਤੇ ਅਣਪਛਾਤੇ ਕਾਰ ਚਾਲਕ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਕਾਰ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ।



