Punjab

ਅਬੋਹਰ ’ਚ ਸੰਜੈ ਵਰਮਾ ਦੀ ਹੱਤਿਆ ਨੂੰ ਲੈ ਕੇ BJP ’ਤੇ CM Mann ਦਾ ਹਮਲਾ

ਕਿਹਾ- ਲਾਰੈਂਸ ਬਿਸ਼ਨੋਈ ਨੂੰ ਬਚਾਅ ਰਹੇ ਅਮਿਤ ਸ਼ਾਹ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 11 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਬੋਹਰ ਵਿਚ ਕੱਪੜਾ ਵਪਾਰੀ ਦੀ ਹੱਤਿਆ ਦੇ ਮਾਮਲੇ ਵਿਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ 2014 ਤੋਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿਚ ਬੰਦ ਹੈ ਅਤੇ ਉਸ ਨੂੰ ਵੀਆਈਪੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲਾਰੈਂਸ ਬਿਸ਼ਨੋਈ ਨੂੰ ਬਚਾਅ ਰਹੇ ਹਨ, ਜਦੋਂ ਕਿ ਪੰਜਾਬ ਪੁਲਿਸ ਬਿਸ਼ਨੋਈ ਨੂੰ ਟ੍ਰਾਂਜ਼ਿਟ ਰਿਮਾਂਡ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ। ਜ਼ਿਕਰਯੋਗ ਹੈ ਕਿ ਅਬੋਹਰ ਵਿਚ ਕੱਪੜਾ ਵਪਾਰੀ ਸੰਜੈ ਵਰਮਾ ਦੀ ਹੱਤਿਆ ਦੇ ਮਾਮਲੇ ’ਤੇ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੱਤਾਧਾਰੀ ਪਾਰਟੀ ’ਤੇ ਹਮਲਾ ਕੀਤਾ, ਜਿਸ ਨੂੰ ਕਾਊਂਟਰ ਕਰਨ ਲਈ ਆਮ ਆਦਮੀ ਪਾਰਟੀ ਨੇ ਆਪਣੀ ਵੱਡੀ ਲੀਡਰਸ਼ਿਪ ਨੂੰ ਇਸ ਦੇ ਖ਼ਿਲਾਫ਼ ਉਤਾਰਿਆ ਹੈ। ਸੱਤਾਧਾਰੀ ਪਾਰਟੀ ਦੇ ਨੇਤਾਵਾਂ ਨੇ ਭਾਜਪਾ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਇਸ ਹੱਤਿਆ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਹੈ। ਇਹ ਉਹੀ ਗੈਂਗਸਟਰ ਹੈ ਜਿਸ ’ਤੇ ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਵੀ ਦੋਸ਼ ਹੈ ਜੋ ਇਸ ਸਮੇਂ ਗੁਜਰਾਤ ਦੀ ਜੇਲ੍ਹ ਵਿਚ ਬੰਦ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਵਿਦੇਸ਼ ਦਾ ਦੌਰਾ ਕਰਨ ਦਾ ਸਮਾਂ ਹੈ ਪਰ ਉਹ 140 ਕਰੋੜ ਭਾਰਤੀਆਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਅਸਫਲ ਰਹੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ 10,000 ਤੋਂ ਘੱਟ ਆਬਾਦੀ ਵਾਲੇ ਦੇਸ਼ਾਂ ਤੋਂ ਸਨਮਾਨ ਪ੍ਰਾਪਤ ਕਰਨ ਦਾ ਜਸ਼ਨ ਮਨਾ ਰਹੇ ਹਨ, ਜਦਕਿ ਦੇਸ਼ ਦੇ ਮਹੱਤਵਪੂਰਨ ਮੁੱਦਿਆਂ ਨੂੰ ਨਜ਼ਰ-ਅੰਦਾਜ਼ ਕਰ ਰਹੇ ਹਨ। ਇਹ ਦੇਸ਼ ਦੀ ਤਰਸਯੋਗ ਸਥਿਤੀ ਨੂੰ ਦਰਸਾਉਂਦਾ ਹੈ।

Related Articles

Leave a Reply

Your email address will not be published. Required fields are marked *

Back to top button