Punjab

ਵਿਧਾਇਕ ਕੋਟਲੀ ਨੇ ਵਿਧਾਨਸਭਾ ‘ਚ ਚੁੱਕਿਆ ਦਲਿਤ ਵਿਦਿਆਰਥੀਆਂ ਦੇ ਦਾਖ਼ਲੇ, ਫੀਸਾਂ ਤੇ ਸਕਾਲਰਸ਼ਿਪ ਦਾ ਮੁੱਦਾ

ਜਲੰਧਰ, 12 ਜੁਲਾਈ : ਕਾਂਗਰਸ ਦੇ ਬੁਲਾਰੇ ਅਤੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਪੰਜਾਬ ਵਿਧਾਨ ਸਭਾ ’ਚ ਦਲਿਤ ਵਿਦਿਆਰਥੀਆਂ ਦੇ ਦਾਖ਼ਲੇ, ਫ਼ੀਸਾਂ, ਸਕਾਲਰਸ਼ਿਪ ਅਤੇ ਸਕੂਲਾਂ-ਕਾਲਜਾਂ ’ਚ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਭਰਨ ਦੇ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਿਆ। ਵਿਧਾਇਕ ਕੋਟਲੀ ਨੇ ਕਿਹਾ ਕਿ ਵਿਦਿਆਰਥੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਦਾਖ਼ਲੇ ਲਈ ਧੱਕੇ ਖਾ ਰਹੇ ਹਨ ਕਿਉਂਕਿ ਪੰਜਾਬ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਨਹੀਂ ਕੀਤੀ ਜਾਂਦੀ ਤਾਂ ਉਨ੍ਹਾਂ ਨੂੰ ਦਾਖ਼ਲਾ ਨਹੀਂ ਦਿੱਤਾ ਜਾਂਦਾ। ਵਿਧਾਇਕ ਕੋਟਲੀ ਨੇ ਸੈਂਟ ਸੋਲਜ਼ਰ ਅਤੇ ਏ.ਪੀ.ਜੇ. ਕਾਲਜ ਜਲੰਧਰ ਤੋਂ ਇਲਾਵਾ ਐਲ.ਪੀ.ਯੂ. ਅਤੇ ਜੀ.ਐਨ.ਏ. ਯੁਨੀਵਰਸਿਟੀ ਫਗਵਾੜਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਖ਼ਬਾਰਾਂ ‘ਚ ਖਬਰਾਂ ਪ੍ਰਕਾਸ਼ਿਤ ਹੋ ਰਹੀਆਂ ਹਨ ਅਤੇ ਸਬੂਤ ਵਜੋਂ ਉਨ੍ਹਾਂ ਦੇ ਕੋਲ ਵੀਡੀਓ ਵੀ ਮੌਜੂਦ ਹਨ ਪਰ ਸਰਕਾਰ ਵਲੋਂ ਵਿਦਿਆਰਥੀਆਂ ਦੀ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਦਲਿਤ ਵਿਦਿਆਰਥੀ ਭਟਕਦੇ ਫਿਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਪਾਰਟੀ ਦੀ ਸਰਕਾਰ ਦੇ ਮੁਕਾਬਲੇ ਪਿਛਲੇ ਤਿੰਨ ਸਾਲਾਂ ਵਿਚ ਕਿੰਨੇ ਹੀ ਵਿਦਿਆਰਥੀ ਆਰਥਿਕ ਤੰਗੀ ਕਾਰਨ ਪੜ੍ਹਾਈ ਛੱਡ ਗਏ ਹਨ ਕਿਉਂਕਿ ਉਨ੍ਹਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਰਾਸ਼ੀ ਦੀ ਵੰਡ ਨਹੀਂ ਕੀਤੀ ਗਈ। ਉਨ੍ਹਾਂ ਸਬੰਧਤ ਵਿਭਾਗ ਦੇ ਮੰਤਰੀ ਨੂੰ ਇਹ ਸਵਾਲ ਵੀ ਕੀਤਾ ਕਿ ਜਿਹੜੀਆਂ ਨਵੀਆਂ ਯੂਨੀਵਰਸਿਟੀਆਂ ਖੋਲ੍ਹਣ ਦੀ ਗੱਲ ਕੀਤੀ ਜਾ ਰਹੀ ਹੈ, ਕੀ ਉਨ੍ਹਾਂ ’ਚ ਪੋਸਟ ਮੈਟ੍ਰਿਕ ਸਕੀਮ ਤਹਿਤ ਸਕਾਲਰਸ਼ਿਪ ਲਈ ਦਲਿਤ ਵਿਦਿਆਰਥੀਆਂ ਦੇ ਰਾਖਵੇਂਕਰਨ ਦੀ ਸ਼ਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ? ਵਿਧਾਇਕ ਕੋਟਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਕਿ ਨਵੀਆਂ ਯੂਨੀਵਰਸਿਟੀਆਂ ਖੋਲ੍ਹਣ ਤੋਂ ਪਹਿਲਾਂ ਜੇਕਰ ਮੌਜੂਦਾ ਵਿਦਿਅਕ ਅਦਾਰਿਆਂ ‘ਚ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਨੂੰ ਹੀ ਪੂਰਾ ਕਰ ਲਿਆ ਜਾਵੇ ਤਾਂ ਵਿਦਿਆਰਥੀਆਂ ਦਾ ਬਹੁਤ ਭਲਾ ਹੋਵੇਗਾ।

Related Articles

Leave a Reply

Your email address will not be published. Required fields are marked *

Back to top button