Punjab

ਦਿਹਾਤੀ ਪੁਲਿਸ ਨੇ 20 ਹਾਟਸਪਾਟ ਇਲਾਕਿਆਂ ਦੀ ਕੀਤੀ ਜਾਂਚ

ਜਲੰਧਰ, 15 ਜੁਲਾਈ : ਜ਼ਿਲ੍ਹਾ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਤੇ ਅਪਰਾਧਿਕ ਅਨਸਰਾਂ ਵਿਰੁੱਧ ਸੋਮਵਾਰ ਨੂੰ ਜ਼ਿਲ੍ਹੇ ਦੇ ਚਾਰ ਥਾਣਿਆਂ ਸ਼ਾਹਕੋਟ, ਕਰਤਾਰਪੁਰ, ਬਿਲਗਾ ਤੇ ਨੂਰਮਹਿਲ ਅਧੀਨ ਆਉਂਦੇ ਇਲਾਕਿਆਂ ਅੰਦਰ ਆਪਰੇਸ਼ਨ ਕਾਸੋ ਚਲਾਇਆ ਗਿਆ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਐੱਸਪੀ ਇਨਵੈਸਟੀਗੇਸ਼ਨ ਸਰਬਜੀਤ ਸਿੰਘ ਰਾਏ ਦੀ ਅਗਵਾਈ ਹੇਠ 8 ਗਜ਼ਟਿਡ ਅਧਿਕਾਰੀ ਤੇ 128 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ, ਜਿਨ੍ਹਾਂ ਵੱਲੋਂ ਜ਼ਿਲ੍ਹੇ ਦੇ 20 ਹਾਟਸਪਾਟ ਇਲਾਕਿਆਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 4 ਐੱਫਆਈਆਰ ਦਰਜ ਹੋਈਆਂ ਤੇ 4 ਵਿਅਕਤੀਆਂ ਨੂੰ ਐੱਨਡੀਪੀਐੱਸ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ। ਵੱਖ-ਵੱਖ ਥਾਵਾਂ ਤੇ ਕੀਤੀ ਗਈ ਰੇਡ ਦੌਰਾਨ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਪਰੇਸ਼ਨ ਕਾਸੋ ਚਲਾਇਆ ਗਿਆ। ਇਸ ਦਾ ਮੁੱਖ ਉਦੇਸ਼ ਜਿੱਥੇ ਨਸ਼ਾ ਤਸਕਰੀ ਦੀ ਲੜੀ ਨੂੰ ਤੋੜਨਾ ਹੈ, ਉੱਥੇ ਨੌਜਵਾਨ ਪੀੜ੍ਹੀ ਨੂੰ ਨਸ਼ੀਲੇ ਪਦਾਰਥਾਂ ਤੋਂ ਬਚਾਉਣਾ ਤੇ ਜ਼ਿਲ੍ਹੇ ’ਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣਾ ਹੈ। ਐੱਸਐੱਸਪੀ ਨੇ ਦੱਸਿਆ ਕਿ ਇਹ ਕਾਰਵਾਈ ਸਿਰਫ ਸ਼ੁਰੂਆਤ ਹੈ ਤੇ ਆਪਰੇਸ਼ਨ ਕਾਸੋ ਤਹਿਤ ਆਉਣ ਵਾਲੇ ਦਿਨਾਂ ’ਚ ਵੀ ਹੋਰ ਤੇਜ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਯੁੱਧ ’ਚ ਆਮ ਜਨਤਾ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button