Punjab

ਨਕੋਦਰ ਬੇਅਦਬੀ ਕਾਂਡ ਦੀ ਜਾਂਚ ਰਿਪੋਰਟ ਲੱਭਣ ਲਈ 39 ਸਾਲ ਬਾਅਦ ਕਮੇਟੀ ਦਾ ਹੋਇਆ ਗਠਨ

ਸਾੜ ਦਿੱਤੀਆਂ ਗਈਆਂ ਸਨ ਪੰਜ ਪਵਿੱਤਰ ਬੀੜਾਂ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 16 ਜੁਲਾਈ : 1986 ਵਿਚ ਨਕੋਦਰ ਵਿਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਅਤੇ ਉਸ ਦੀ ਜਾਂਚ ਲਈ ਬਣਾਏ ਗਏ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਐਕਸ਼ਨ ਟੇਕਨ ਰਿਪੋਰਟ ਲੱਭਣ ਲਈ 39 ਸਾਲ ਬਾਅਦ ਵਿਧਾਨ ਸਭਾ ਦੇ ਸਪੀਕਰ ਨੇ ਹਾਊਸ ਦੀ ਇਕ ਕਮੇਟੀ ਦਾ ਗਠਨ ਕੀਤਾ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ’ਤੇ ਤਜਵੀਜ਼ਸ਼ੁਦਾ ਬਿੱਲ ’ਤੇ ਬਹਿਸ ਵਿਚ ਭਾਗ ਲੈਂਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਜਾਂਚ ਰਿਪੋਰਟ ਦੀ ਐਕਸ਼ਨ ਟੇਕਨ ਰਿਪੋਰਟ ਦੇ ਗਾਇਬ ਹੋਣ ਦਾ ਮੁੱਦਾ ਚੁੱਕਿਆ। ਉਨ੍ਹਾਂ ਦੱਸਿਆ ਕਿ ਇਸ ਰਿਪੋਰਟ ਦੀ ਇਕ ਕਾਪੀ ਵਿਧਾਨ ਸਭਾ ਵਿਚ ਮੌਜੂਦ ਹੈ ਪਰ ਕਾਰਵਾਈ ਰਿਪੋਰਟ ਰਹੱਸਮਈ ਢੰਗ ਨਾਲ ਗਾਇਬ ਹੋ ਗਈ ਹੈ। ਉਨ੍ਹਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਅਹਿਮ ਦਸਤਾਵੇਜ਼ ਨੂੰ ਲੱਭਣ ਲਈ ਇਕ ਕਮੇਟੀ ਦੇ ਗਟਨ ਦੀ ਅਪੀਲ ਕੀਤੀ। ਹਰਪਾਲ ਚੀਮਾ ਨੇ ਕਿਹਾ ਕਿ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਲਾਪਤਾ ਕਾਰਵਾਈ ਰਿਪੋਰਟ ਨੂੰ ਖੋਜਣ ਨਾਲ ਪੰਜਾਬ ਦੇ ਲੋਕਾਂ ਨੂੰ ਸਾਲ 1986 ਦੀਆਂ ਘਟਨਾਵਾਂ ਦੀ ਸੱਚਾਈ ਨੂੰ ਜਾਨਣ, ਉਸ ਸਮੇਂ ਜ਼ਿੰਮੇਵਾਰ ਵਿਅਕਤੀਆਂ ਦੀ ਭੂਮਿਕਾ ਨੂੰ ਸਮਝਣ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਦੀ ਵਰਤਮਾਨ ਕਾਰਜਸ਼ੈਲੀ ਨੂੰ ਪਰਖਮ ਵਿਚ ਸਹਾਇਤਾ ਮਿਲੇਗੀ। ਵਿੱਤ ਮੰਤਰੀ ਨੇ ਵਿਸ਼ੇਸ਼ ਰੂਪ ਨਾਲ 2 ਫਰਵਰੀ 1986 ਦੀ ਦੁਖਦ ਘਟਨਾ ਦਾ ਜ਼ਿਕਰ ਕੀਤਾ, ਜਦੋਂ ਅਕਾਲੀ ਦਲ ਦੇ ਸ਼ਾਸਨ ਕਾਲ ਵਿਚ ਗੁਰਦੁਆਰਾ ਸਾਹਿਬ ਗੁਰੂ ਅਰਜੁਨ ਦੇਵ ਜੀ ਨਕੋਦਰ ਵਿਚ ਪੰਜ ਪਵਿੱਤਰ ਬੀੜਾਂ ਸਾੜ ਦਿੱਤੀਆਂ ਗਈਆਂ ਸਨ। ਉਨ੍ਹਾਂ ਇਸ ਤੋਂ ਬਾਅਦ 4 ਫਰਵਰੀ 1986 ਦੀਆਂ ਘਟਨਾਵਾਂ ਦਾ ਜ਼ਿਕਰ ਵੀ ਕੀਤਾ, ਜਦੋਂ ਚਾਰ ਨੌਜਵਾਨਾਂ ਰਵਿੰਦਰ ਸਿੰਘ ਲਿੱਤਰਾਂ, ਬਲਧੀਰ ਸਿੰਘ ਰਾਮਗੜ੍ਹ, ਝਿਰਮਲ ਸਿੰਘ ਗੁਰਸਿਆਣਾ ਤੇ ਹਰਮਿੰਦਰ ਸਿੰਘ ਸ਼ਾਂਤੀਪੂਰਣ ਵਿਰੋਧ ਪ੍ਰਦਰਸ਼ਨ ਦੌਰਾਨ ਗੋਲ਼ੀਆਂ ਦਾ ਸ਼ਿਕਾਰ ਹੋ ਗਏ ਸਨ। ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ ਸਮੇਂ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਸੀ, ਜਿਸ ਵਿਚ ਸੁਰਜੀਤ ਸਿੰਘ ਬਰਨਾਲਾ ਮੁੱਖ ਮੰਤਰੀ, ਕੈਪਟਨ ਕੰਵਲਜੀਤ ਸਿੰਘ ਗ੍ਰਹਿ ਮੰਤਰੀ ਅਤੇ ਵਰਤਮਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪਿਤਾ ਸੁਖਜਿੰਦਰ ਸਿੰਘ ਖਹਿਰਾ ਸਿੱਖਿਆ ਮੰਤਰੀ ਸਨ। ਉਨ੍ਹਾਂ ਖੇਦ ਪ੍ਰਗਟ ਕੀਤਾ ਕਿ ਉਸ ਸਮੇਂ ਦੀ ਸਰਕਾਰ ਨੇ ਨਾ ਤਾਂ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਕੋਈ ਐੱਫਆਈਆਰ ਦਰਜ ਕੀਤੀ।

Related Articles

Leave a Reply

Your email address will not be published. Required fields are marked *

Back to top button