
ਬਠਿੰਡਾ, 20 ਜੁਲਾਈ : ਸ਼ਹਿਰ ਦੇ ਅਜੀਤ ਰੋਡ ਗਲੀ ਨੰਬਰ 6 ਵਿਚ ਸਥਿਤ ਇਕ ਪੀਜੀ ਵਿਚ ਰਹਿਣ ਵਾਲੀਆਂ ਦੋ ਔਰਤਾਂ ਵੱਲੋਂ ਦੇਹ ਵਪਾਰ ਦਾ ਕਾਰੋਬਾਰ ਚਲਾਇਆ ਜਾ ਰਿਹਾ ਸੀ। ਥਾਣਾ ਸਿਵਲ ਲਾਈਨ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਪੀਜੀ ਤੇ ਛਾਪੇਮਾਰੀ ਕਰਦਿਆਂ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਥਾਣਾ ਸਿਵਲ ਲਾਈਨ ਦੇ ਐਸਐਚਓ ਇੰਸਪੈਕਟਰ ਹਰਜੋਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਜੀਤ ਰੋਡ ਗਲੀ ਨੰਬਰ 6 ਵਿਚ ਸਥਿਤ ਮਾਨ ਪੀਜੀ ਵਿਚ ਕੁਝ ਗੈਰ-ਕਾਨੂੰਨੀ ਗਤੀਵਿਧੀਆਂ ਚੱਲ ਰਹੀਆਂ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਮੌਕੇ ‘ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਔਰਤ ਜੈਸਮੀਨ ਵਾਸੀ ਬਠਿੰਡਾ, ਲਖਵਿੰਦਰ ਕੌਰ ਵਾਸੀ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਅਤੇ ਜਸਪਾਲ ਸਿੰਘ ਵਾਸੀ ਪਿੰਡ ਬਰਗਾੜੀ ਜ਼ਿਲ੍ਹਾ ਫਰੀਦਕੋਟ ਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਐਸਐਚਓ ਨੇ ਦੱਸਿਆ ਕਿ ਦੋਵੇਂ ਔਰਤਾਂ ਕਿਰਾਏ ‘ਤੇ ਪੀਜੀ ਲੈ ਕੇ ਦੇਹ ਵਪਾਰ ਦਾ ਧੰਦਾ ਚਲਾ ਰਹੀਆਂ ਸਨ। ਜਿਸ ਕਾਰਨ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।



