ਬਲਾਚੌਰ ‘ਚ ਭੀਖ ਮੰਗਣ ਵਾਲੇ ਤਿੰਨ ਬੱਚੇ ਕੀਤੇ ਰੈਸਕਿਊ, ਭੀਖ ਨਾ ਦੇਣ ਦੀ ਅਪੀਲ; ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ

ਨਵਾਂਸ਼ਹਿਰ/ਬਲਾਚੌਰ, 21 ਜੁਲਾਈ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਜੀਵਨਜੋਤ ਤਹਿਤ ਜ਼ਿਲ੍ਹੇ ’ਚ ਬਾਲ ਭਿਖਿਆ ਨੂੰ ਰੋਕਣ ਲਈ ਚਲਾਈ ਮੁਹਿੰਮ ਹੇਠ ਅੱਜ ਬਲਾਕ ਬਲਾਚੌਰ ’ਚ ਬਾਲ ਭਿੱਖਿਆ ’ਚ ਲੱਗੇ ਤਿੰਨ ਬੱਚਿਆਂ ਨੂੰ ਰੈਸਕਿਊ ਕੀਤਾ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜ਼ਿਲ੍ਹਾ ਦਫ਼ਤਰ ਦੀ ਟੀਮ ਵੱਲੋਂ ਬਲਾਕ ਬਲਾਚੌਰ ’ਚ ਭੱਦੀ ਰੋਡ, ਬੱਸ ਸਟੈਂਡ, ਮੇਨ ਚੌਕ, ਗਹੂਣ ਰੋਡ ‘ਤੇ ਚੈਕਿੰਗ ਦੌਰਾਨ ਇਨ੍ਹਾਂ ਤਿੰਨ ਬੱਚਿਆਂ ਨੂੰ ਰੈਸਕਿਓ ਕੀਤਾ ਗਿਆ, ਜਿਨ੍ਹਾਂ ਨੂੰ ਅਗਲੇ ਹੁਕਮਾਂ ਲਈ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ ਹੈ। ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬੱਚਿਆਂ ਦੀ ਸੋਸ਼ਲ ਇਨਵੈਸਟੀਗੇਸ਼ਨ ਸ਼ੁਰੂ ਕੀਤੀ ਜਾ ਚੁੱਕੀ ਹੈ ਤਾਂ ਜੋ ਬੱਚਿਆਂ ਨੂੰ ਉਮਰ ਅਨੁਸਾਰ ਸਕੂਲ ’ਚ ਦਾਖ਼ਲ ਕਰਵਾਇਆ ਜਾ ਸਕੇ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਵੀ ਦਿੱਤਾ ਜਾ ਸਕੇ। ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ’ਚ ਬਾਲ ਭਿੱਖਿਆ ਦੀ ਰੋਕਥਾਮ ਅਤੇ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਦੇ ਡੀਐੱਨਏ ਟੈਸਟਿੰਗ ਕਰਵਾਉਣ ਲਈ ਪ੍ਰੋਜੈਕਟ ਜੀਵਨ ਜੋਤ-2 ਸ਼ੁਰੂ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਬੱਚਾ ਕਿਸੇ ਵੀ ਤਰੀਕੇ ਸੋਸ਼ਣ ਜਾਂ ਟ੍ਰੈਫਿਕਿੰਗ ਦਾ ਸ਼ਿਕਾਰ ਨਾ ਹੋਵੇ। ਉਨ੍ਹਾਂ ਦੱਸਿਆ ਕਿ ਬਾਲ ਭਿੱਖਿਆ ’ਚ ਲੱਗੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਾਲ ਭਲਾਈ ਕਮੇਟੀ ਨਾਲ ਮਿਲ ਕੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਅਜਿਹੇ ਮਾਪੇ, ਜੋ ਬੱਚਿਆਂ ਤੋਂ ਭੀਖ ਮੰਗਣ ਦਾ ਕੰਮ ਕਰਵਾ ਰਹੇ ਹਨ, ਦਾ ਡੀਐਨਏ ਟੈਸਟ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਵਾਉਣ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹਦਾਇਤਾਂ ਤੇ ਬਲਾਚੌਰ ਦੀ ਭੱਦੀ ਰੋਡ, ਬੱਸ ਸਟੈਂਡ, ਮੇਨ ਚੌਕ, ਗਹੂਣ ਰੋਡ ਤੇ ਚੈਕਿੰਗ ਕਰ ਕੇ ਬਾਲ ਭਿਖਿਆ ’ਚ ਲੱਗੇ ਤਿੰਨ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਵਿੱਖ ’ਚ ਵੀ ਅਜਿਹੇ ਬੱਚਿਆਂ ’ਤੇ ਪੈਨੀ ਨਜ਼ਰ ਰੱਖੀ ਜਾਵੇਗੀ ਅਤੇ ਜੇਕਰ ਕੋਈ ਵੀ ਬੱਚਾ ਭੀਖ ਮੰਗਦਾ ਮਿਲਦਾ ਹੈ ਤਾਂ ਉਸਦੇ ਮਾਪਿਆਂ ਦੀ ਕਾਊਂਸਲਿੰਗ ਕਰ ਕੇ ਬੱਚਿਆਂ ਨੂੰ ਪੜ੍ਹਾਉਣ ਵਾਲੇ ਪਾਸੇ ਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਬਾਲ ਭਿੱਖਿਆ ਸਬੰਧੀ ਚੈਕਿੰਗਾਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ।



