Punjab

ਸੀਐੱਮ ਮਾਨ ਨੇ ਧੂਰੀ ਦੇ 70 ਪਿੰਡਾਂ ਨੂੰ 31.30 ਕਰੋੜ ਰੁਪਏ ਦੀ ਗਰਾਂਟਾਂ ਵੰਡੀਆਂ

ਧੂਰੀ, 22 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡੀਆਂ, ਜਿਨਾਂ ਨਾਲ ਧੂਰੀ ਹਲਕੇ ਦੇ ਸਾਰੇ ਪਿੰਡਾਂ ਨੂੰ ਆਦਰਸ਼ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ। ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਪਿਛਲੇ ਦੋ ਦਿਨਾਂ ਤੋ ਆਪਣੇ ਵਿਧਾਨ ਸਭਾ ਹਲਕਾ ਧੂਰੀ ਦਾ ਦੌਰਾ ਕਰ ਰਹੇ ਹਨ। ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ। ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਇਸ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਵਿੱਚ ਇਸ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਇਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਕਈ ਮਸਲਿਆਂ ਉੱਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਬਾਰੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣੂੰ ਹਨ। ਕਿਹਾ, ਸੂਬੇ ’ਚ ਜ਼ਮੀਨ ਜਬਰੀ ਐਕੁਆਇਰ ਨਹੀਂ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਆਮਦਨ ਦੇ ਸਥਾਈ ਸਰੋਤ ਪੈਦਾ ਕਰ ਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜ਼ਮੀਨ ਜਬਰੀ ਐਕੁਆਇਰ ਨਹੀਂ ਕੀਤੀ ਜਾਵੇਗੀ ਅਤੇ ਜਿਹੜੇ ਕਿਸਾਨ ਸਹਿਮਤ ਹੋਣਗੇ, ਉਨ੍ਹਾਂ ਦੀ ਜ਼ਮੀਨ ਹੀ ਇਸ ਨੀਤੀ ਤਹਿਤ ਲਈ ਜਾਵੇਗੀ।ਇਸ ਨੀਤੀ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ। ਉਨ੍ਹਾਂ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਤਹਿਤ ਬਣਨ ਵਾਲੀਆਂ ਯੋਜਨਾਬੱਧ ਕਲੋਨੀਆਂ ਵਿੱਚ ਕਮਰਸ਼ੀਅਲ ਜਾਇਦਾਦ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਸਕੀਮ ਦਾ ਮੰਤਵ ਸੂਬੇ ਦੀ ਸਮੁੱਚੀ ਤਰੱਕੀ ਨੂੰ ਰਫ਼ਤਾਰ ਦੇਣਾ ਹੈ। ਇਹ ਸਕੀਮ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇ ਕੇ ਹਰੇਕ ਆਮ ਆਦਮੀ ਨੂੰ ਲਾਭ ਪਹੁੰਚਾਏਗੀ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਐਕੁਆਇਰ ਕੀਤੀ ਜ਼ਮੀਨ ਉੱਤੇ ਸਮੁੱਚਾ ਵਿਕਾਸ ਪਾਰਦਰਸ਼ੀ ਤੇ ਕਾਨੂੰਨ ਮੁਤਾਬਕ ਹੋਵੇਗਾ। ਨਸ਼ੇ ਦੇ ਸੌਦਾਗਰ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ‘ਯੁੱਧ ਨਸ਼ਿਆਂ ਵਿਰੁੱਧ’ ਸਕੀਮ ਨੂੰ ਸੂਬੇ ਦੇ ਮੱਥੇ ਉੱਤੇ ਲੱਗਿਆ ਦਾਗ ਧੋਣ ਲਈ ਪ੍ਰੇਰਕ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਾ ਸਪਲਾਈ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਨਸ਼ਿਆਂ ਵਿਰੁੱਧ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਇਸ ਖ਼ਤਰੇ ਦਾ ਮੁਕੰਮਲ ਸਫ਼ਾਇਆ ਨਹੀਂ ਹੋ ਜਾਂਦਾ।

Related Articles

Leave a Reply

Your email address will not be published. Required fields are marked *

Back to top button